22.6 C
Jalandhar
Friday, October 18, 2024
spot_img

ਅਜਲਾਸ ਪਹਿਲੀ ਤੋਂ, ਬਜਟ 5 ਨੂੰ

ਚੰਡੀਗੜ੍ਹ (ਗੁਰਜੀਤ ਬਿੱਲਾ, �ਿਸ਼ਨ ਗਰਗ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਜ਼ਾਰਤ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਛੇਵਾਂ ਅਜਲਾਸ (ਬਜਟ ਸਮਾਗਮ) ਇਕ ਮਾਰਚ ਤੋਂ 15 ਮਾਰਚ ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਬਾਰੇ ਫੈਸਲਾ ਵੀਰਵਾਰ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਭਾਰਤੀ ਸੰਵਿਧਾਨ ਦੀ ਧਾਰਾ 174 ਦੇ ਤਹਿਤ ਇਹ ਇਜਲਾਸ ਸੱਦਣ ਲਈ ਰਾਜਪਾਲ ਨੂੰ ਅਧਿਕਾਰਤ ਕੀਤਾ ਹੈ। ਪੰਜਾਬ ਸਰਕਾਰ 5 ਮਾਰਚ ਨੂੰ ਵਿੱਤੀ ਸਾਲ 2024-25 ਲਈ ਬੱਜਟ ਪੇਸ਼ ਕਰੇਗੀ।
ਬੱਜਟ ਇਜਲਾਸ ਦੇ ਪ੍ਰੋਗਰਾਮ ਅਨੁਸਾਰ ਇਹ ਸੈਸ਼ਨ ਇਕ ਮਾਰਚ ਨੂੰ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ ਅਤੇ ਬਾਅਦ ਵਿੱਚ ਵਿੱਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ। ਇਸੇ ਤਰ੍ਹਾਂ 5 ਮਾਰਚ ਨੂੰ ਸਾਲ 2024-25 ਦੇ ਬੱਜਟ ਅਨੁਮਾਨ ਪੇਸ਼ ਕੀਤੇ ਜਾਣਗੇ ਅਤੇ 15 ਮਾਰਚ ਨੂੰ ਸਦਨ ਅਣਮਿੱਥੇ ਸਮੇਂ ਲਈ ਉਠਾ ਦਿੱਤਾ ਜਾਵੇਗਾ।
ਸੁਲਤਾਨਪੁਰ ਲੋਧੀ ਵਿਖੇ ਅਮਨ-ਕਾਨੂੰਨ ਦੀ ਰਾਖੀ ਕਰਦਿਆਂ ਸ਼ਹੀਦ ਹੋਣ ਵਾਲੇ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਮਨਿਆਲਾ ਦੇ ਪੰਜਾਬ ਹੋਮਗਾਰਡਜ਼ ਦੇ ਵਲੰਟੀਅਰ ਜਸਪਾਲ ਸਿੰਘ ਪੁੱਤਰ ਦਲੀਪ ਸਿੰਘ (ਨੰਬਰ-28475) ਦੇ ਯੋਗਦਾਨ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ ਸ਼ਹੀਦ ਦੇ ਪਰਵਾਰ ਨੂੰ ਵਿਸ਼ੇਸ਼ ਕੇਸ ਵਜੋਂ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਨੇ ਪੰਜਾਬ ਹੋਮਗਾਰਡਜ਼ ਦੇ ਇਸ ਵਲੰਟੀਅਰਾਂ ਦੀ ਕੁਰਬਾਨੀ ਨੂੰ ਵੀ ਪੁਲਸ ਅਫਸਰਾਂ, ਅਰਧ-ਸੈਨਿਕ ਬਲ ਅਤੇ ਫੌਜ ਵਿੱਚ ਸੇਵਾ ਨਿਭਾਅ ਰਹੇ ਪੰਜਾਬ ਦੇ ਵਾਸੀ ਸੈਨਿਕਾਂ ਦੇ ਬਰਾਬਰ ਦਰਜਾ ਦਿੱਤਾ ਹੈ। ਇਸ ਉਪਰਾਲੇ ਨਾਲ ਪੰਜਾਬ ਹੋਮਗਾਰਡਜ਼ ਵਲੰਟੀਅਰਾਂ ਦਾ ਮਨੋਬਲ ਹੋਰ ਵਧੇਗਾ।
ਮੰਤਰੀ ਮੰਡਲ ਨੇ ਸਾਲ 2019 ਦੀ ਅਧਿਆਪਕ ਤਬਾਦਲਾ ਨੀਤੀ ਦੇ ਪੈਰਾ-9 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜੋ ਅਧਿਆਪਕ ਕਾਡਰ ਦੇ ਉਨ੍ਹਾਂ ਕਰਮਚਾਰੀਆਂ ਦੇ ਵਡੇਰੇ ਹਿੱਤ ਵਿੱਚ ਕੀਤੀ ਗਈ ਹੈ, ਜੋ ਕਿ ਛੋਟ ਮੁਕਤ ਸ਼੍ਰੇਣੀ ਵਿੱਚ ਆਉਂਦੇ ਹਨ। ਇਸ ਵਿੱਚ ਇਹ ਵਿਵਸਥਾ ਕੀਤੀ ਗਈ ਹੈ ਕਿ ਜਿਹੜੇ ਮੁਲਾਜ਼ਮ ਕੈਂਸਰ ਮਰੀਜ਼ (ਖੁਦ, ਜੀਵਨ ਸਾਥੀ ਜਾਂ ਬੱਚੇ)/ ਡਾਇਲਸਿਸ (ਖੁਦ, ਜੀਵਨ ਸਾਥੀ ਜਾਂ ਬੱਚੇ)/ਲਿਵਰ ਜਾਂ ਗੁਰਦਾ ਟਰਾਂਸਪਲਾਂਟ/40 ਫੀਸਦੀ ਤੋਂ ਵੱਧ ਦਿਵਿਆਂਗ/ਹੈਪੇਟਾਈਟਸ-ਬੀ/ਹੈਪੇਟਾਈਟਸ-ਸੀ/ਸਿੱਕਲ ਸੈੱਲ ਅਨੀਮੀਆ/ ਥੈਲੇਸੀਮੀਆ (ਖੁਦ ਜਾਂ ਬੱਚੇ)/ਤਲਾਕਸ਼ੁਦਾ/ਜਿਨ੍ਹਾਂ ਮੁਲਾਜ਼ਮਾਂ ਦੇ ਵਿਸ਼ੇਸ਼ ਬੱਚੇ ਜਾਂ ਬੌਧਿਕ ਤੌਰ ਉਤੇ ਵਿਸ਼ੇਸ਼ ਬੱਚੇ ਹਨ/ਜੰਗੀ ਵਿਧਵਾ/ਸ਼ਹੀਦ ਦੀ ਵਿਧਵਾ/ਜੀਵਨ ਸਾਥੀ ਦੀ ਮੌਤ ਹੋ ਜਾਣ ਦੀ ਸੂਰਤ ਵਿੱਚ ਸੇਵਾ ਨਿਭਾਅ ਰਹੇ ਮੁਲਾਜ਼ਮ ਦਾ ਕਿਸੇ ਹੋਰ ਸਟੇਸ਼ਨ ਉਤੇ ਤੁਰੰਤ ਜਾਣਾ ਲੋੜੀਂਦਾ ਹੋਵੇ ਅਤੇ ਬੱਚਿਆਂ ਦੀ ਉਮਰ 18 ਸਾਲ ਤੋਂ ਘੱਟ ਹੋਵੇ ਜਾਂ ਉਹ ਅਧਿਆਪਕ ਜਿਸ ਦਾ ਜੀਵਨ ਸਾਥੀ ਹਥਿਆਰਬੰਦ ਸੈਨਾਵਾਂ ਵਿੱਚ ਸੇਵਾ ਨਿਭਾਅ ਰਿਹਾ ਹੈ ਅਤੇ ਉਸ ਦੀ ਤਾਇਨਾਤੀ ਔਖੀਆਂ ਹਾਲਤਾਂ ਵਾਲੀ ਥਾਂ ਉਤੇ ਹੋਵੇ, ਇਨ੍ਹਾਂ ਸਾਰਿਆਂ ਕੇਸਾਂ ਵਿੱਚ ਬਦਲੀਆਂ ਲਈ ਬੇਨਤੀਆਂ ਮਹੀਨੇ ਦੇ ਆਧਾਰ ਉਤੇ ਪੋਰਟਲ ਉਤੇ ਜਮ੍ਹਾਂ ਹੋਣਗੀਆਂ ਅਤੇ ਕੋਈ ਵੀ ਆਫਲਾਈਨ ਬੇਨਤੀ ਪ੍ਰਵਾਨ ਨਹੀਂ ਕੀਤੀ ਜਾਵੇਗੀ ਅਜਿਹੇ ਮਾਮਲਿਆਂ ਵਿੱਚ ਹੁਕਮ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਜਾਰੀ ਕੀਤੇ ਜਾਣਗੇ।
ਮੰਤਰੀ ਮੰਡਲ ਨੇ ਜਲ ਸਰੋਤ ਵਿਭਾਗ ਦੇ ਡਿਜ਼ਾਈਨ ਵਿੰਗ ਨੂੰ ਸਰਕਾਰੀ ਮਲਕੀਅਤ ਵਾਲੇ/ਸਹਾਇਤਾ ਪ੍ਰਾਪਤ ਕਾਲਜਾਂ ਅਤੇ ਇੰਜਨੀਅਰਿੰਗ ਕਾਲਜਾਂ/ਸੰਸਥਾਵਾਂ ਦੇ ਸਟਾਫ ਦੀ ਤਰਜ਼ ਉਤੇ ਨਿੱਜੀ ਸੰਸਥਾਵਾਂ ਨੂੰ ਡਿਜ਼ਾਈਨ ਅਤੇ ਕੰਸਲਟੈਂਸੀ ਸੇਵਾਵਾਂ ਪ੍ਰਦਾਨ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਵਿੱਚ ਇਹ ਸ਼ਰਤ ਹੋਵੇਗੀ ਕਿ ਡਿਜ਼ਾਈਨ ਅਤੇ ਕੰਸਲਟੈਂਸੀ ਸੇਵਾਵਾਂ ਰਾਹੀਂ ਪੈਦਾ ਹੋਣ ਵਾਲੇ ਮਾਲੀਏ ਦਾ 40 ਫੀਸਦੀ ਸੂਬੇ ਦੇ ਖਜ਼ਾਨੇ ਵਿੱਚ ਜਮ੍ਹਾਂ ਕਰਵਾਇਆ ਜਾਵੇਗਾ।
ਮੰਤਰੀ ਮੰਡਲ ਨੇ ‘ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਵਿੱਚ ਸੋਧ ਕਰਨ ਲਈ ਬਿੱਲ ਵਿਧਾਨ ਸਭਾ ਦੇ ਅਗਾਮੀ ਇਜਲਾਸ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸੋਧ ਨਾਲ ਜੰਗੀ ਜਗੀਰ ਦੀ ਰਾਸ਼ੀ (ਵਿੱਤੀ ਸਹਾਇਤਾ) ਮੌਜੂਦਾ 10,000 ਰੁਪਏ ਸਾਲਾਨਾ ਤੋਂ ਵਧ ਕੇ 20,000 ਰੁਪਏ ਸਾਲਾਨਾ ਹੋ ਜਾਵੇਗੀ। ਦੱਸਣਯੋਗ ਹੈ ਕਿ ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948 ਦੇ ਤਹਿਤ ਉਨ੍ਹਾਂ ਮਾਪਿਆਂ ਨੂੰ ਜੰਗੀ ਜਗੀਰ ਦਿੱਤੀ ਜਾਂਦੀ ਹੈ, ਜਿਨ੍ਹਾਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ-1962 ਅਤੇ ਸਾਲ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ। ਇਸ ਵੇਲੇ ਇਸ ਸਕੀਮ ਤਹਿਤ 83 ਲਾਭਪਾਤਰੀ ਲਾਭ ਲੈ ਰਹੇ ਹਨ। ਇਕ ਹੋਰ ਮਹੱਤਵਪੂਰਨ ਫੈਸਲੇ ਵਿੱਚ ਮੰਤਰੀ ਮੰਡਲ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪੁਨਰਗਠਨ ਤੋਂ ਬਾਅਦ ਵਿਭਾਗ ਵਿੱਚ ਗਰੁੱਪ-ਬੀ ਤੇ ਸੀ ਦੇ ਮੁਲਾਜ਼ਮਾਂ ਦੇ ਸੇਵਾ ਨਿਯਮਾਂ ਨੂੰ ਅੰਤਿਮ ਰੂਪ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਉਦਯੋਗ ਅਤੇ ਕਮਰਸ ਵਿਭਾਗ, ਪੰਜਾਬ ਵਿੱਚ ‘ਐੱਮ.ਐੱਸ.ਐੱਮ.ਈ. ਪੰਜਾਬ’ ਨਾਮਕ ਸਮਰਪਿਤ ਵਿੰਗ ਦੀ ਸਥਾਪਨਾ ਨੂੰ ਪ੍ਰਵਾਨਗੀ ਦਿੱਤੀ ਹੈ। ਇਹ ਪਹਿਲਕਦਮੀ ਐੱਮ.ਐੱਸ.ਐੱਮ.ਈ ਉਦਯੋਗਾਂ ਨੂੰ ਦਰਪੇਸ਼ ਵਿਭਿੰਨ ਚੁਣੌਤੀਆਂ ਨੂੰ ਹੱਲ ਕਰਨ ਅਤੇ ਪੰਜਾਬ ਨੂੰ ਇੱਕ ਬਹੁਤ ਹੀ ਜੀਵੰਤ ਅਤੇ ਗਤੀਸ਼ੀਲ ਉਦਯੋਗਿਕ ਕੇਂਦਰ ਵਿੱਚ ਬਦਲਣ ਲਈ ਸਰਕਾਰ ਦੀ ਵਚਨਬੱਧਤਾ ਦੁਆਰਾ ਚਲਾਇਆ ਗਿਆ ਹੈ। ਸਰਕਾਰ ਦੀ ਇਸ ਪਹਿਲਕਦਮੀ ਨਾਲ ਸੂਬੇ ਵਿੱਚ ਲੱਗਭੱਗ 8 ਲੱਖ ਮੌਜੂਦਾ ਅਤੇ ਨਵੇਂ ਐੱਮ.ਐੱਸ.ਐੱਮ.ਈ. ਉਦਯੋਗ ਨੂੰ ਵੱਡਾ ਲਾਭ ਮਿਲੇਗਾ।

Related Articles

LEAVE A REPLY

Please enter your comment!
Please enter your name here

Latest Articles