ਚੰਡੀਗੜ੍ਹ (ਗੁਰਜੀਤ ਬਿੱਲਾ, ਕ੍ਰਿਸ਼ਨ ਗਰਗ)-ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉੱਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੇ ਪਰਵਾਰ ਦਾ ਦੁੱਖ ਵੰਡਾਉਂਦਿਆਂ ਤੇ ਇਕਜੁੱਟਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਪੀੜਤ ਪਰਵਾਰ ਨੂੰ ਮਾਲੀ ਮਦਦ ਵਜੋਂ ਇਕ ਕਰੋੜ ਰੁਪਏ ਦੇਣ ਦੇ ਨਾਲ-ਨਾਲ ਉਸ ਦੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ |
ਮੁੱਖ ਮੰਤਰੀ ਨੇ ਹਰਿਆਣਾ ਦੀ ਸਰਹੱਦ ਉਤੇ ਚੱਲ ਰਹੇ ਪ੍ਰਦਰਸ਼ਨ ਦੌਰਾਨ ਸ਼ਹੀਦ ਹੋਏ ਸ਼ੁੱਭਕਰਨ ਦੇ ਪਰਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਦੁਹਰਾਇਆ ਕਿ ਦੁੱਖ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਪਰਵਾਰ ਨਾਲ ਖੜ੍ਹੀ ਹੈ ਅਤੇ ਪਰਵਾਰ ਨੂੰ ਦਿੱਕਤਾਂ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਮਾਨ ਨੇ ਪਰਵਾਰ ਦੀ ਆਰਥਿਕ ਤੇ ਸਮਾਜਿਕ ਦੋਵਾਂ ਫਰੰਟਾਂ ਉਤੇ ਪੂਰੀ ਮਦਦ ਕਰਨ ਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ | ਉਨ੍ਹਾਂ ਕਿਹਾ ਕਿ ਪਰਵਾਰ ਦੀ ਬਾਂਹ ਫੜਨਾ ਸੂਬਾ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ | ਮੁੱਖ ਮੰਤਰੀ ਨੇ ਦੁਹਰਾਇਆ ਕਿ ਸ਼ੁੱਭਕਰਨ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਡੱਕਣ ਲਈ ਸੂਬਾ ਸਰਕਾਰ ਦਿ੍ੜ੍ਹ ਹੈ | ਉਨ੍ਹਾ ਕਿਹਾ ਕਿ ਇਸ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ | ਮਾਨ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਜਦੋਂ ਉਹ ਮਹਿਜ਼ ਆਪਣੇ ਜਮਹੂਰੀ ਅਧਿਕਾਰ ਦੀ ਵਰਤੋਂ ਕਰ ਰਿਹਾ ਸੀ ਤਾਂ ਉਸ ਨੂੰ ‘ਨਫ਼ਰਤ ਭਰੇ ਲਹਿਜ਼ੇ ਨਾਲ ਚਲਾਈ ਗੋਲੀ’ ਦਾ ਸ਼ਿਕਾਰ ਬਣਾਇਆ ਗਿਆ | ਉਨ੍ਹਾ ਕਿਹਾ ਕਿ ਇਸ ਘਿਨਾਉਣੇ ਜੁਰਮ ਲਈ ਜ਼ਿੰਮੇਵਾਰ ਵਿਅਕਤੀ ਕਿਸੇ ਵੀ ਤਰ੍ਹਾਂ ਦੀ ਨਰਮੀ ਦੇ ਹੱਕਦਾਰ ਨਹੀਂ ਹਨ ਅਤੇ ਉਨ੍ਹਾਂ ਨੂੰ ਆਪਣੇ ਗੁਨਾਹ ਦੀ ਢੁਕਵੀਂ ਸਜ਼ਾ ਮਿਲੇਗੀ | ਮੁੱਖ ਮੰਤਰੀ ਨੇ ਕਿਹਾ ਕਿ ਇਸ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਬੰਦਿਆਂ ਖ਼ਿਲਾਫ਼ ਜਾਂਚ ਮਗਰੋਂ ਐੱਫ.ਆਈ.ਆਰ. ਦਰਜ ਹੋਵੇਗੀ ਅਤੇ ਉਨ੍ਹਾਂ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ | ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਵੀ ਪੰਜਾਬ ਦੇ ਅੰਨਦਾਤੇ ਨਾਲ ਖੜ੍ਹੀ ਹੈ, ਜਿਨ੍ਹਾਂ ਦੇ ਰਾਹ ਵਿੱਚ ਪੰਜਾਬ ਵਿਰੋਧੀ ਤਾਕਤਾਂ ਅੜਿੱਕੇ ਖੜ੍ਹੇ ਕਰ ਰਹੀਆਂ ਹਨ ਤਾਂ ਕਿ ਉਹ ਆਪਣੀਆਂ ਜਾਇਜ਼ ਮੰਗਾਂ ਮੰਨਵਾਉਣ ਲਈ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਵਾਸਤੇ ਕੌਮੀ ਰਾਜਧਾਨੀ ਵਿੱਚ ਨਾ ਜਾ ਸਕਣ | ਉਨ੍ਹਾ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ, ਦੇਸ਼ ਨੂੰ ਅਨਾਜ ਪੱਖੋਂ ਆਤਮ-ਨਿਰਭਰ ਬਣਾਉਣ ਤੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਲਾਮਿਸਾਲ ਯੋਗਦਾਨ ਦਿੱਤਾ, ਪਰ ਇਸ ਦੇ ਬਾਵਜੂਦ ਪੰਜਾਬੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜੋ ਸਰਾਸਰ ਬੇਇਨਸਾਫ਼ੀ ਤੇ ਧੱਕੇਸ਼ਾਹੀ ਹੈ | ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਸਰਵਣ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ ਅਤੇ ਸੁਰਜੀਤ ਸਿੰਘ ਫੂਲ ਨੇ ਪੰਜਾਬ ਸਰਕਾਰ ਵੱਲੋਂ ਸ਼ੁਭਕਰਨ ਦੇ ਵਾਰਸਾਂ ਲਈ ਇਕ ਕਰੋੜ ਰੁਪਇਆ ਮੁਆਵਜ਼ਾ, ਛੋਟੀ ਭੈਣ ਨੂੰ ਪੱਕੀ ਸਰਕਾਰੀ ਨੌਕਰੀ ਅਤੇ 15 ਲੱਖ ਰੁਪਏ ਦਾ ਸਾਰਾ ਕਰਜ਼ਾ ਮੁਆਫ ਕਰਨ ਦੀ ਕੀਤੀ ਪੇਸ਼ਕਸ਼ ਇਹ ਕਹਿੰਦਿਆਂ ਠੁਕਰਾ ਦਿੱਤੀ ਕਿ ਜਦੋਂ ਤੱਕ ਸ਼ੁੱਭਕਰਨ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਖਿਲਾਫ ਕਤਲ ਦਾ ਕੇਸ ਨਹੀਂ ਦਰਜ ਕੀਤਾ ਜਾਂਦਾ, ਉਦੋਂ ਤੱਕ ਅਜਿਹੀ ਕੋਈ ਵੀ ਪੇਸ਼ਕਸ਼ ਪ੍ਰਵਾਨ ਨਹੀਂ ਕੀਤੀ ਜਾਵੇਗੀ | ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪਰਚਾ ਦਰਜ ਹੋਣ ਤੱਕ ਉਹ ਪੋਸਟਮਾਰਟਮ ਵੀ ਨਹੀਂ ਕਰਵਾਉਣਗੇ |




