ਖੁਰਾਲਗੜ੍ਹ (ਹੁਸ਼ਿਆਰਪੁਰ)
(ਓ ਪੀ ਰਾਣਾ, ਬਲਬੀਰ ਸਿੰਘ ਸੈਣੀ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਐਲਾਨ ਕੀਤਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਯਾਦਗਾਰੀ ਵਜੋਂ ਵਿਆਪਕ ਪੱਧਰ ’ਤੇ ਮਨਾਏਗੀ।ਇੱਥੇ ਸ੍ਰੀ ਗੁਰੂ ਰਵਿਦਾਸ ਜੀ ਦੇ 647ਵੇਂ ਪ੍ਰਕਾਸ਼ ਉਤਸਵ ਮੌਕੇ ਸ੍ਰੀ ਗੁਰੂ ਰਵਿਦਾਸ ਜੀ ਯਾਦਗਾਰ ਮਾਨਵਤਾ ਨੂੰ ਸਮਰਪਿਤ ਕਰਨ ਤੋਂ ਬਾਅਦ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਫਸਰਾਂ ਨੂੰ ਪਹਿਲਾਂ ਹੀ ਆਦੇਸ਼ ਦੇ ਦਿੱਤੇ ਹਨ ਕਿ ਇਸ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਢੁੱਕਵੀਂ ਵਿਉਤਬੰਦੀ ਯਕੀਨੀ ਬਣਾਈ ਜਾਵੇ।ਉਨ੍ਹਾ ਕਿਹਾ ਕਿ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਸੰਗਤ ਦੇ ਸਲਾਹ-ਮਸ਼ਵਰੇ ਨਾਲ ਖੁਰਾਲਗੜ੍ਹ ਦੇ ਆਲੇ-ਦੁਆਲੇ ਸਮੁੱਚੇ ਇਲਾਕੇ ਨੂੰ ਵਿਆਪਕ ਪੱਧਰ ’ਤੇ ਵਿਕਸਤ ਕੀਤਾ ਜਾਵੇਗਾ। ਮਾਨ ਨੇ ਕਿਹਾ ਕਿ ਇਹ ਯਾਦਗਾਰੀ ਮੌਕਾ ਹੋਵੇਗਾ ਅਤੇ ਸੂਬਾ ਸਰਕਾਰ ਇਸ ਉਤਸਵ ਦੀ ਸਫਲਤਾ ਬਣਾਉਣ ’ਚ ਕੋਈ ਕਸਰ ਬਾਕੀ ਨਹੀਂ ਛੱਡੇਗੀ।ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਯਾਦਗਾਰ ਲਗਭਗ 143 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਹੈ ਅਤੇ ਇਹ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਨਿਮਾਣਾ ਜਿਹਾ ਉਪਰਾਲਾ ਹੈ। ਇਹ ਯਾਦਗਾਰ ਸੈਲਾਨੀਆਂ ਲਈ ਸਹੂਲਤਾਂ ਵਾਲੀ ਇਮਾਰਤ, ਮਲਟੀ ਲੈਵਲ ਪਾਰਕਿੰਗ, ਮੀਨਾਰ-ਏ-ਬੇਗਮਪੁਰਾ, ਸੰਗਤ ਹਾਲ, ਅਤਿ-ਆਧੁਨਿਕ ਆਡੀਟੋਰੀਅਮ ਅਤੇ ਹੋਰਾਂ ਸਹੂਲਤਾਂ ਨਾਲ ਲੈਸ ਹੈ। ਉਹਨਾ ਉਮੀਦ ਜ਼ਾਹਰ ਕੀਤੀ ਕਿ ਇਹ ਯਾਦਗਾਰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਫਲਸਫੇ ਨੂੰ ਕਾਇਮ ਰੱਖਣ ਵਿੱਚ ਬਹੁਤ ਸਹਾਈ ਹੋਵੇਗੀ।ਸਮਾਜ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀਆਂ ਦੁੱਖ-ਤਕਲੀਫਾਂ ਦੂਰ ਕਰਨ ਲਈ ਹੋਰ ਵੀ ਤਨਦੇਹੀ ਨਾਲ ਮਿਹਨਤ ਕਰਨ ਦਾ ਅਹਿਦ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੇ ਅਨੁਰੂਪ ਹੈ।ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਗਰੀਬ ਤੋਂ ਗਰੀਬ ਵਰਗ ਦੀ ਭਲਾਈ ਨੂੰ ਯਕੀਨੀ ਬਣਾਏ ਜਿਸ ਲਈ ਕਈ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ।ਉਹਨਾ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ ਉਨ੍ਹਾ ਦੀ ਸਰਕਾਰ ਭਾਰੀ ਬਹੁਮਤ ਨਾਲ ਸੱਤਾ ਵਿਚ ਆਈ ਹੈ, ਜੋ ਸੂਬੇ ਦੀ ਸੇਵਾ ਕਰ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਾਨਵਤਾ ਦੀ ਭਲਾਈ ਅਤੇ ਸਮਾਜ ਦੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ, ਤਾਂ ਕਿ ਸਮਾਨਤਾਵਾਦੀ ਕਦਰਾਂ-ਕੀਮਤਾਂ ’ਤੇ ਆਧਾਰਿਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਜੀਵਨ ਅਤੇ ਸਿੱਖਿਆਵਾਂ ਮਨੁੱਖਤਾ ਨੂੰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਵੱਲ ਸੇਧ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਨ ਅਧਿਆਤਮਕ ਮਾਰਗਦਰਸ਼ਕ ਅਤੇ ਸਮਾਜ ਦੇ ਗਰੀਬ ਤੇ ਬੇਸਹਾਰਾ ਵਰਗਾਂ ਦੇ ਮਸੀਹਾ ਸਨ, ਜਿਨ੍ਹਾਂ ਨੇ ਸਾਨੂੰ ਨੇਕ ਅਤੇ ਉੱਤਮ ਜੀਵਨ ਜਿਊਣ ਦਾ ਉਪਦੇਸ਼ ਦਿੱਤਾ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ‘ਭਾਰਤ ਰਤਨ’ ਬਾਬਾ ਸਾਹਿਬ ਬੀ.ਆਰ.ਅੰਬੇਦਕਰ ਦੀ ਵਿਚਾਰਧਾਰਾ ਅਨੁਸਾਰ ਸੂਬਾ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਦਾ ਸਸ਼ਕਤੀਕਰਨ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਥਾਪਤ ਕੀਤੇ ਗਏ ‘ਸਕੂਲ ਆਫ ਐਮੀਨੈਂਸ’ ਗਰੀਬ ਪਰ ਹੋਣਹਾਰ ਵਿਦਿਆਰਥੀਆਂ ਨੂੰ ਸੁਨਹਿਰੇ ਭਵਿੱਖ ਦੇ ਕਾਬਲ ਬਣਾ ਕੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨਗੇ।ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ ਕਿ ਸੂਬੇ ਦੇ ਇੱਕ ਸਾਬਕਾ ਵਿੱਤ ਮੰਤਰੀ ਨੇ ਨੌਂ ਸਾਲਾਂ ਤੱਕ ‘ਸਰਕਾਰੀ ਖਜ਼ਾਨਾ ਖਾਲੀ’ ਦਾ ਢੰਡੋਰਾ ਪਿੱਟੀ ਰੱਖਿਆ, ਜਿਸ ਨਾਲ ਸੂਬੇ ਦੇ ਵਿਕਾਸ ’ਤੇ ਬੁਰਾ ਅਸਰ ਪਿਆ।ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਦੀ ਉਨ੍ਹਾ ਸੂਬੇ ਦੀ ਜ਼ਿੰਮੇਵਾਰੀ ਸੰਭਾਲੀ ਹੈ, ਖਜ਼ਾਨੇ ਦਾ ਇਕ-ਇਕ ਪੈਸਾ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ। ਮਾਨ ਨੇ ਕਿਹਾ ਕਿ ਉਨ੍ਹਾ ਦੀ ਸਰਕਾਰ ਨੇ ਸਰਕਾਰੀ ਖਜ਼ਾਨੇ ’ਚ ਹੁੰਦੀ ਲੁੱਟ ਦੀਆਂ ਚੋਰ-ਮੋਰੀਆਂ ਬੰਦ ਕੀਤੀਆਂ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਦੀ ਭਲਾਈ ਲਈ ਇੱਕ-ਇੱਕ ਪੈਸਾ ਸੂਝ-ਬੂਝ ਨਾਲ ਖਰਚਿਆ ਜਾਵੇ।




