25.4 C
Jalandhar
Friday, October 18, 2024
spot_img

ਲੋਕ ‘ਕੰਮ ਦੀ ਸਿਆਸਤ’ ਦਾ ਡਟ ਕੇ ਸਮਰਥਨ ਕਰਨ : ਮਾਨ

ਦੀਨਾਨਗਰ/ਪਠਾਨਕੋਟ (ਦਵਿੰਦਰ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਐਤਵਾਰ ਪੰਜਾਬ ਵਾਸੀਆਂ ਨੂੰ ‘ਕੰਮ ਦੀ ਸਿਆਸਤ’ ਦਾ ਡਟ ਕੇ ਸਮਰਥਨ ਕਰਨ ਦਾ ਸੱਦਾ ਦਿੱਤਾ।
‘ਸਰਕਾਰ-ਵਪਾਰ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਉਹਨਾ ਕਿਹਾ ਕਿ ਸੂਬਾ ਸਰਕਾਰ ਪੰਜਾਬ ਦਾ ਸਰਬਪੱਖੀ ਵਿਕਾਸ ਕਰਕੇ ਸੂਬੇ ਦਾ ਮੁਹਾਂਦਰਾ ਬਦਲਣ ਲਈ ਅਣਥੱਕ ਮਿਹਨਤ ਕਰ ਰਹੀ ਹੈ। ਉਹ ਦੂਸ਼ਣਬਾਜ਼ੀ ਕਰਨ ਦੀ ਬਜਾਏ ‘ਕੰਮ ਦੀ ਸਿਆਸਤ’ ਕਰ ਰਹੇ ਹਨ, ਤਾਂ ਕਿ ਸੂਬੇ ਦਾ ਵਿਕਾਸ ਕਰਨ ਦੇ ਨਾਲ-ਨਾਲ ਲੋਕਾਂ ਦੀ ਭਲਾਈ ਕੀਤੀ ਜਾ ਸਕੇ। ਅਜਿਹਾ ਬਹੁਤ ਪਹਿਲਾਂ ਹੋ ਜਾਣਾ ਚਾਹੀਦਾ ਸੀ, ਤਾਂ ਜੋ ਲੋਕਾਂ ਨੂੰ ਇਸ ਦਾ ਲਾਭ ਮਿਲ ਸਕਦਾ। ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਗਾਮੀ ਲੋਕ ਸਭਾ ਚੋਣਾਂ ਵਿੱਚ ‘ਆਪ’ ਦਾ ਸਮਰਥਨ ਕਰਨਾ ਚਾਹੀਦਾ ਹੈ, ਜਿਸ ਨਾਲ ਕੌਮੀ ਪੱਧਰ ’ਤੇ ਇਸ ਦੀ ਮਜ਼ਬੂਤੀ ਨੂੰ ਯਕੀਨੀ ਬਣਾਇਆ ਜਾ ਸਕੇ, ਤਾਂ ਜੋ ਉਹ ਪੰਜਾਬ ਦੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾ ਸਕਣ।
ਮੁੱਖ ਮੰਤਰੀ ਨੇ ਸੂਬੇ ਨੂੰ ਬਰਬਾਦ ਕਰਨ ਲਈ ਵਿਰੋਧੀ ਧਿਰ ਦੇ ਆਗੂਆਂ ਸੁਖਬੀਰ ਬਾਦਲ, ਪ੍ਰਤਾਪ ਬਾਜਵਾ, ਬਿਕਰਮ ਮਜੀਠੀਆ ਅਤੇ ਨਵਜੋਤ ਸਿੱਧੂ ਦੀ ਸਖਤ ਆਲੋਚਨਾ ਕੀਤੀ। ਉਨ੍ਹਾ ਕਿਹਾ, ‘ਕਾਨਵੈਂਟ ਸਕੂਲਾਂ ਦੇ ਪੜ੍ਹੇ ਇਹ ਆਗੂ ਪੰਜਾਬੀ ਮਾਂ-ਬੋਲੀ ਦਾ ਉਚਾਰਨ ਤੱਕ ਵੀ ਨਹੀਂ ਕਰ ਸਕਦੇ। ਇਨ੍ਹਾਂ ਲੋਕਾਂ ਨੇ ਆਪਣੇ ਸਵਾਰਥੀ ਹਿੱਤਾਂ ਲਈ ਸੂਬੇ ਨੂੰ ਬਰਬਾਦ ਕਰ ਦਿੱਤਾ ਅਤੇ ਸਿਰਫ ਆਪਣੇ ਪਰਵਾਰ ਦੇ ਮੁਫਾਦ ਪਾਲਣ ਨੂੰ ਤਰਜੀਹ ਦਿੱਤੀ।’
ਲੋਕ ਸਭਾ ਮੈਂਬਰ ਸੰਨੀ ਦਿਓਲ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾਫਿਲਮਾਂ ਵਿੱਚ ਤਾਂ ਬਾਲੀਵੁੱਡ ਅਦਾਕਾਰ ਸਰਹੱਦ ਪਾਰ ਕਰਕੇ ਧਰਤੀ ਤੋਂ ਹੈਂਡ ਪੰਪ ਖਿੱਚ ਲੈਂਦੇ ਹਨ, ਪਰ ਸੰਸਦ ਮੈਂਬਰ ਵਜੋਂ ਉਨ੍ਹਾ ਦੀ ਕਾਰਗੁਜ਼ਾਰੀ ਬਹੁਤ ਨਿਰਾਸ਼ਾਜਨਕ ਰਹੀ, ਕਿਉਂਕਿ ਉਹ ਆਪਣੇ ਹਲਕੇ ਵਿੱਚ ਲੋਕਾਂ ਨੂੰ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਹੈਂਡ ਪੰਪ ਵੀ ਨਹੀਂ ਲਵਾ ਸਕੇ।
ਮੁੱਖ ਮੰਤਰੀ ਨੇ ਪਠਾਨਕੋਟ ਵਿੱਚ ਸਰਕਾਰ-ਵਪਾਰ ਮਿਲਣੀ ਨੂੰ ਸੰਬੋਧਨ ਕਰਦਿਆਂ ਐਲਾਨਿਆ ਕਿ ਸਰਕਾਰ ਸਰਹੱਦੀ ਕਸਬੇ ਨੂੰ ਵਿਸ਼ੇਸ਼ ਉਦਯੋਗਿਕ ਅਤੇ ਵਪਾਰਕ ਪੈਕੇਜ ਦੇਣ ਦੀ ਸੰਭਾਵਨਾ ਤਲਾਸ਼ੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਹ ਪਠਾਨਕੋਟ ਹਵਾਈ ਅੱਡੇ ਤੋਂ ਦਿੱਲੀ ਲਈ ਉਡਾਣਾਂ ਸ਼ੁਰੂ ਕਰਨ ਦਾ ਮੁੱਦਾ ਨਿੱਜੀ ਤੌਰ ’ਤੇ ਭਾਰਤ ਸਰਕਾਰ ਕੋਲ ਉਠਾਉਣਗੇ। ਉਨ੍ਹਾ ਕਿਹਾ ਕਿ ਇਸ ਖੇਤਰ ਵਿੱਚ ਸੈਰ-ਸਪਾਟਾ ਸਨਅਤ ਨੂੰ ਹੁਲਾਰਾ ਦੇਣ ਲਈ ਪਹਿਲਾਂ ਹੀ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ, ਕਿਉਂਕਿ ਇਹ ਕੁਦਰਤੀ ਸੁੰਦਰਤਾ ਨਾਲ ਭਰਪੂਰ ਹੈ ਅਤੇ ਇਹ ਉਦਯੋਗ ਨੂੰ ਵੱਡਾ ਹੁਲਾਰਾ ਦੇ ਸਕਦਾ ਹੈ। ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਖੇਤਰ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਵਿਸ਼ੇਸ਼ ਪੈਕੇਜ ਦੇਣ ਦੀ ਸੰਭਾਵਨਾ ਵੀ ਤਲਾਸ਼ੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸੂਝਵਾਨ ਲੋਕਾਂ ਨੂੰ ਸੂਬੇ ਤੋਂ ਬਾਹਰੋਂ ਕਿਸੇ ਵੱਡੇ ਨਾਂਅ ਨੂੰ ਚੁਣਨ ਦੀ ਬਜਾਏ ਅਜਿਹੇ ਵਿਅਕਤੀ ਨੂੰ ਵੋਟ ਪਾਉਣੀ ਚਾਹੀਦੀ ਹੈ, ਜੋ ਸਥਾਨਕ ਹੋਵੇ ਅਤੇ ਲੋਕਾਂ ਲਈ ਹਮੇਸ਼ਾ ਉਪਲੱਬਧ ਹੋਵੇ। ਉਹਨਾ ਕਿਹਾ ਕਿ ਸੂਬੇ ਵਿੱਚ ਬਹੁਤ ਸਾਰੇ ਸਮਰਪਿਤ ਆਗੂ ਹਨ, ਜੋ ਸੂਬੇ ਦੀ ਸੇਵਾ ਪੂਰੀ ਲਗਨ ਅਤੇ ਤਨਦੇਹੀ ਨਾਲ ਕਰ ਰਹੇ ਹਨ। ਉਨ੍ਹਾ ਕਿਹਾ ਕਿ ਲੋਕ ਬਾਹਰੋਂ ਆਏ ਪੈਰਾਸ਼ੂਟ ਲੀਡਰਾਂ ਨੂੰ ਚੁਣਨ ਦੀ ਬਜਾਏ ਇਨ੍ਹਾਂ ਆਗੂਆਂ ਨੂੰ ਹੀ ਵੋਟਾਂ ਪਾਉਣ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ-ਵਪਾਰ ਮਿਲਣੀਆਂ ਦਾ ਉਦੇਸ਼ ਸੂਬੇ ਵਿੱਚ ਵਪਾਰੀ ਭਾਈਚਾਰੇ ਨੂੰ ਦਰਪੇਸ਼ ਸਾਰੇ ਮੁੱਦਿਆਂ ਨੂੰ ਹੱਲ ਕਰਨਾ ਹੈ।

Related Articles

LEAVE A REPLY

Please enter your comment!
Please enter your name here

Latest Articles