ਨਕੋਦਰ (ਰੀਨਾ ਸ਼ਰਮਾ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਕੇ ਜਲੰਧਰ ਵਾਸੀਆਂ ਨੂੰ 283 ਕਰੋੜ ਰੁਪਏ ਦਾ ਤੋਹਫਾ ਦਿੱਤਾ।
ਇੱਥੇ 283 ਕਰੋੜ ਰੁਪਏ ਦੇ ਪ੍ਰਾਜੈਕਟਾਂ ਵਿੱਚੋਂ ਕੁਝ ਦਾ ਨੀਂਹ ਪੱਥਰ ਰੱਖਣ ਅਤੇ ਕੁਝ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਜਲੰਧਰ ਤੋਂ ਚੁਣੇ ਗਏ ਲੋਕ ਸਭਾ ਮੈਂਬਰ ਨੇ ਲੋਕਾਂ ਦੀ ਭਲਾਈ ਅਤੇ ਜ਼ਿਲ੍ਹੇ ਦੇ ਵਿਕਾਸ ਲਈ ਅਣਥੱਕ ਮਿਹਨਤ ਕੀਤੀ ਹੈ। ਪਿਛਲੀਆਂ ਸਰਕਾਰਾਂ ਦੌਰਾਨ ਖੁਸ਼ੀਆਂ ਦੇ ਸਮਾਗਮ ਹੋਣੋਂ ਬੰਦ ਹੋ ਗਏ ਸਨ। ਸੂਬੇ ’ਚ ‘ਆਪ’ ਸਰਕਾਰ ਦੇ ਕਾਰਜਭਾਰ ਸੰਭਾਲਣ ਤੋਂ ਬਾਅਦ ਪੰਜਾਬ ਦੀ ਆਬੋ-ਹਵਾ ਬਦਲ ਗਈ ਹੈ, ਜਿੱਥੇ ਹੁਣ ਸੁਖਾਵਾਂ ਮਾਹੌਲ ਪੈਦਾ ਹੋਇਆ ਹੈ।
ਉਹਨਾ ਕਿਹਾ ਕਿ ਆਉਣ ਵਾਲੇ ਦੋ-ਤਿੰਨ ਦਿਨਾਂ ਵਿੱਚ ਉਹ ਸੂਬੇ ਦੇ ਉਨ੍ਹਾਂ ਵੱਡੇ ਲੀਡਰਾਂ ਦਾ ਪਰਦਾ ਫਾਸ਼ ਕਰਨਗੇ, ਜਿਨ੍ਹਾਂ ਆਪਣੀਆਂ ਨਿੱਜੀ ਖਾਹਿਸ਼ਾਂ ਪੂਰੀਆਂ ਕਰਨ ਲਈ ਸਰਕਾਰੀ ਖਜ਼ਾਨੇ ਦੀਆਂ ਧੱਜੀਆਂ ਉਡਾ ਦਿੱਤੀਆਂ। ਇਨ੍ਹਾਂ ਆਗੂਆਂ ਨੇ ਪੰਜਾਬ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਿਆ, ਜਿਸ ਲਈ ਇਨ੍ਹਾਂ ਨੂੰ ਬਣਦੀ ਸਜ਼ਾ ਦਿੱਤੀ ਜਾਵੇਗੀ। ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਆਗੂਆਂ ਦੇ ਅਸਲ ਕਿਰਦਾਰ ਆਮ ਲੋਕਾਂ ਸਾਹਮਣੇ ਬੇਪਰਦ ਕੀਤੇ ਜਾਣਗੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਇਕ ਦੇਸ਼, ਇਕ ਚੋਣ’ ਦੇ ਏਜੰਡੇ ’ਤੇ ਵਿਅੰਗ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ‘ਇਕ ਦੇਸ਼, ਇਕ ਸਿੱਖਿਆ’ ਦੇ ਏਜੰਡੇ ’ਤੇ ਕਿਉਂ ਨਹੀਂ ਚੱਲ ਰਹੇ। ਕਾਨਵੈਂਟ ਅਤੇ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾ ਰਹੀ ਸਿੱਖਿਆ ਵਿੱਚ ਬਹੁਤ ਜ਼ਿਆਦਾ ਫਰਕ ਹੈ, ਪਰ ਬਦਕਿਸਮਤੀ ਨਾਲ ਕਿਸੇ ਨੇ ਵੀ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ। ਮਾਨ ਨੇ ਕਿਹਾ ਕਿ ਲੋਕਾਂ ਨੂੰ ਭਰਮਾਉਣ ਵਿੱਚ ਮਾਹਰ ਮੋਦੀ ਨੇ ‘ਅੱਛੇ ਦਿਨ ਆਏਂਗੇ’ ਅਤੇ ਅਜਿਹੇ ਹੋਰ ਨਾਅਰੇ ਲਗਾ ਕੇ ਲੋਕਾਂ ਨੂੰ ਸਿਰਫ਼ ਮੂਰਖ ਬਣਾਇਆ ਹੈ। ਉਹ ਲੱਛੇਦਾਰ ਭਾਸ਼ਣਾਂ ਦੇ ਉਸਤਾਦ ਹਨ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਮਾਝਾ ਤੇ ਦੁਆਬਾ ਖੇਤਰ ਦੇ ਉਦਯੋਗਪਤੀਆਂ ਅਤੇ ਵਪਾਰੀਆਂ ਦੀ ਸਹੂਲਤ ਲਈ ਜਲੰਧਰ ਵਿੱਚ ਜਲਦੀ ਹੀ ‘ਨਿਵੇਸ਼ ਸੁਵਿਧਾ ਕੇਂਦਰ’ (ਇਨਵੈਸਟਮੈਂਟ ਫੈਸਿਲੀਟੇਸ਼ਨ ਸੈਂਟਰ) ਖੋਲ੍ਹਿਆ ਜਾਵੇਗਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਨਕੋਦਰ ਵਿਖੇ ਨਵੇਂ ਬਣੇ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ ਵੀ ਕੀਤਾ ਅਤੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਹਸਪਤਾਲ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ।