20.4 C
Jalandhar
Sunday, December 22, 2024
spot_img

ਹੰਗਾਮੇ ਕਾਰਨ ਰਾਜਪਾਲ ਪੂਰਾ ਭਾਸ਼ਣ ਨਹੀਂ ਪੜ੍ਹ ਸਕੇ

ਚੰਡੀਗੜ੍ਹ (ਗੁਰਜੀਤ ਬਿੱਲਾ)
ਪੰਜਾਬ ਵਿਧਾਨ ਸਭਾ ਵਿਚ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸਦਨ ਦੀ ਕਾਰਵਾਈ ਸੋਮਵਾਰ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 16ਵੀਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਸੈਸ਼ਨ ਦੌਰਾਨ ਸਦਨ ਨੇ ਸਾਬਕਾ ਡਿਪਟੀ ਸਪੀਕਰ ਡਾ. ਬਲਦੇਵ ਰਾਜ ਚਾਵਲਾ, ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ, ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਗੜ੍ਹਦੀਵਾਲਾ, ਸਾਬਕਾ ਵਿਧਾਇਕ ਸੋਹਣ ਸਿੰਘ ਬੋਦਲ, ਸ਼ਹੀਦ ਅਜੈ ਕੁਮਾਰ ਅਗਨੀਵੀਰ, ਸ਼ਹੀਦ ਹਰਸਿਮਰਨ ਸਿੰਘ ਸਿਪਾਹੀ, ਸ਼ਹੀਦ ਗੁਰਪ੍ਰੀਤ ਸਿੰਘ ਗਨਰ, ਸ਼ਹੀਦ ਜਸਪਾਲ ਸਿੰਘ ਹੋਮਗਾਰਡ ਅਤੇ ਸ਼ਹੀਦ ਕਿਸਾਨ ਸ਼ੁੱਭਕਰਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਸ ਤੋਂ ਪਹਿਲਾਂ ਵਿਧਾਨ ਸਭਾ ਦਾ ਬੱਜਟ ਸੈਸ਼ਨ ਸ਼ੁਰੂ ਹੁੰਦਿਆਂ ਹੀ ਕਾਂਗਰਸੀ ਵਿਧਾਇਕਾਂ ਨੇ ਕਿਸਾਨਾਂ ਦੇ ਮਾਮਲੇ ’ਤੇ ਸਦਨ ਵਿਚ ਹੰਗਾਮਾ ਕੀਤਾ। ਇਸ ਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਆਪਣਾ ਭਾਸ਼ਣ ਪੜ੍ਹਿਆ ਜਾ ਰਿਹਾ ਸੀ। ਰਾਜਪਾਲ ਨੇ ਕਾਂਗਰਸੀ ਵਿਧਾਇਕਾਂ ਨੂੰ ਕਿਹਾ ਕਿ ਉਨ੍ਹਾ ਨੂੰ ਆਪਣੀ ਗੱਲ ਕਰਨ ਦਾ ਪੂਰਾ ਮੌਕਾ ਦਿੱਤਾ ਜਾਵੇਗਾ। ਸਦਨ ਵਿਚ ਅਜਿਹਾ ਕਰਨਾ ਠੀਕ ਨਹੀਂ ਹੈ। ਕਾਂਗਰਸ ਵੱਲੋਂ ਹੰਗਾਮੇ ਕਾਰਨ ਸਦਨ ਦੀ ਕਾਰਵਾਈ ਬਾਅਦ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਹੰਗਾਮੇ ਕਾਰਨ ਰਾਜਪਾਲ ਵੀ ਭਾਸ਼ਣ ਪੂਰਾ ਨਹੀਂ ਪੜ੍ਹ ਸਕੇ।
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਭਾਸ਼ਣ ਦੇਣ ਮੌਕੇ ਕਾਂਗਰਸੀ ਪਾਰਟੀ ਵੱਲੋਂ ਰੁਕਾਵਟ ਪਾਉਣ ਦੇ ਯਤਨਾਂ ਦੀ ਸਖਤ ਆਲੋਚਨਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਅਜਿਹਾ ਕਰਕੇ ਪਵਿੱਤਰ ਸਦਨ ਦੀ ਤੌਹੀਨ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਰਾਜਪਾਲ ਵੱਲੋਂ ਆਪਣੇ ਭਾਸ਼ਣ ਦੌਰਾਨ ਸੂਬਾ ਸਰਕਾਰ ਦੀਆਂ ਇੱਕ ਸਾਲ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਜਾਂਦਾ ਹੈ ਅਤੇ ਕਾਂਗਰਸ ਪਾਰਟੀ ਇਸ ਗੱਲ ਤੋਂ ਘਬਰਾ ਗਈ ਕਿ ਇਨ੍ਹਾਂ ਪ੍ਰਾਪਤੀਆਂ ਦੀ ਜਾਣਕਾਰੀ ਸਦਨ ਦੀ ਕਾਰਵਾਈ ਦੇ ਸਿੱਧੇ ਪ੍ਰਸਾਰਨ ਰਾਹੀਂ ਕਿਤੇ ਲੋਕਾਂ ਤੱਕ ਨਾ ਪਹੁੰਚ ਜਾਵੇ। ਵਿਧਾਨ ਸਭਾ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਹਿਤ ਵਿੱਚ ਕਾਂਗਰਸ ਪਾਰਟੀ ਨੂੰ ਚਾਹੀਦਾ ਤਾਂ ਇਹ ਸੀ ਕਿ ਇਹ ਰਾਜਪਾਲ ਦੇ ਭਾਸ਼ਣ ਨੂੰ ਧਿਆਨ ਨਾਲ ਸੁਣਦੀ ਅਤੇ 4 ਮਾਰਚ ਨੂੰ ਇਸ ਭਾਸ਼ਣ ’ਤੇ ਹੋਣ ਵਾਲੀ ਬਹਿਸ ਦੌਰਾਨ ਸਰਕਾਰ ਨੂੰ ਸਵਾਲ ਕਰਦੀ ਅਤੇ ਆਪਣੇ ਸੁਝਾਅ ਵੀ ਪੇਸ਼ ਕਰਦੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਮੇਸ਼ਾ ਸਾਰਥਕ ਸੁਝਾਵਾਂ ਨੂੰ ਅਪਣਾਉਂਦੀ ਹੈ।
ਕਾਂਗਰਸ ਪਾਰਟੀ ਨੂੰ ਸਿਰਫ ਸਸਤੀ ਸ਼ੌਹਰਤ ਲਈ ਸਦਨ ਦਾ ਅਪਮਾਨ ਕਰਨ ਲਈ ਕਰੜੇ ਹੱਥੀ ਲੈਂਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਰਵਾਇਤਾਂ ਅਤੇ ਨਿਯਮਾਂ ਅਨੁਸਾਰ ਬਜਟ ਸੈਸ਼ਨ ਦੀ ਕਾਰਵਾਈ ਹਮੇਸ਼ਾ ਸੂਬੇ ਦੇ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਉਪਰੰਤ ਅਕਾਲ ਚਲਾਣਾ ਕਰ ਗਈਆਂ ਨਾਮਵਰ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਰਧਾਂਜਲੀਆਂ ਦੌਰਾਨ ਹੀ ਕਿਸਾਨ ਸੰਘਰਸ਼ ਦੌਰਾਨ ਮਾਰੇ ਗਏ ਕਿਸਾਨ ਸ਼ੁੱਭਕਰਨ ਸਿੰਘ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਜਾਣੀ ਸੀ। ਉਨ੍ਹਾਂ ਕਿਹਾ ਕਿ ਕਿਸੇ ਸਮੇਂ ਇਹ ਕਾਂਗਰਸ ਪਾਰਟੀ ਇਸੇ ਵਿਧਾਨ ਸਭਾ ਅੰਦਰ ਰਾਤਾਂ ਨੂੰ ਜਾਗ ਕੇ ਰੋਸ ਪ੍ਰਦਰਸ਼ਨ ਕਰਦੀ ਹੁੰਦੀ ਸੀ ਕਿ ਸੈਸ਼ਨ ਲੰਬੇ ਸਮੇਂ ਤੱਕ ਚੱਲਣਾ ਚਾਹੀਦਾ ਹੈ, ਨੇ ਸਿਰਫ ਸਸਤੀ ਸ਼ੌਹਰਤ ਲਈ ਲੋਕਤੰਤਰ ਦਾ ਅਪਮਾਨ ਕੀਤਾ।

Related Articles

LEAVE A REPLY

Please enter your comment!
Please enter your name here

Latest Articles