ਲੁਧਿਆਣਾ : ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣ ਲਈ ਆਪਣੀ ਮੁਹਿੰਮ ਜਾਰੀ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ 13 ਨਵੇਂ ਸਕੂਲ ਆਫ ਐਮੀਨੈਂਸ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਸਿੱਖਿਆ ਕ੍ਰਾਂਤੀ ਨੇ ਪੰਜਾਬ ਵਿੱਚ ਇਕ ਹੋਰ ਮੀਲ ਦਾ ਪੱਥਰ ਹਾਸਲ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਸਕੂਲਾਂ ਦੀ ਉਸਾਰੀ ਕਰ ਕੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਚੀਆਂ ਮੰਜ਼ਲਾਂ ਹਾਸਲ ਕਰਨ ਦੇ ਸੁਪਨਿਆਂ ਨੂੰ ਉਡਾਣ ਦੇ ਰਹੀ ਹੈ। ਉਨ੍ਹਾ ਕਿਹਾ ਕਿ ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿੱਚ ਸਿੱਖਿਆ ਦੇ ਖੇਤਰ ਵਿੱਚ ਵੱਡੀ ਕ੍ਰਾਂਤੀ ਦੇਖਣ ਨੂੰ ਮਿਲ ਰਹੀ ਹੈ ਅਤੇ ਇਹ ਸਕੂਲ ਉਸੇ ਦਾ ਝਲਕਾਰਾ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਤਾਂ ਸਿਰਫ ਸ਼ੁਰੂਆਤ ਹੈ, ਕਿਉਂਕਿ ਗਰੀਬ ਵਿਦਿਆਰਥੀਆਂ ਦੀ ਭਲਾਈ ਲਈ ਅਜਿਹੇ ਹੋਰ ਸਕੂਲ ਖੋਲ੍ਹੇ ਜਾਣਗੇ। ਉਨ੍ਹਾ ਉਮੀਦ ਪ੍ਰਗਟਾਈ ਕਿ ਇਹ ਸਕੂਲ ਆਧੁਨਿਕ ਸਮੇਂ ਦੇ ਮੰਦਰ ਹੋਣਗੇ, ਜੋ ਵਿਦਿਆਰਥੀਆਂ ਦੇ ਜੀਵਨ ਵਿੱਚ ਗੁਣਾਤਮਕ ਤਬਦੀਲੀ ਲਿਆਉਣਗੇ। ਨਿੱਜੀ ਖੇਤਰ ਵਿੱਚ ਸ਼ਾਇਦ ਹੀ ਕੋਈ ਅਜਿਹਾ ਸਕੂਲ ਹੋਵੇ, ਜਿਸ ਵਿੱਚ ਖੇਡ ਮੈਦਾਨ, ਲਾਅਨ ਟੈਨਿਸ, ਸਵੀਮਿੰਗ ਪੂਲ, ਲੈਬਾਰਟਰੀਆਂ ਅਤੇ ਹੋਰ ਸਹੂਲਤਾਂ ਉਪਲੱਬਧ ਹੋਣ। ਇਹ ਮਾਡਲ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਦਿੱਲੀ ਵਿੱਚ ਸ਼ੁਰੂ ਕੀਤਾ ਗਿਆ ਸੀ। ਮਾਨ ਨੇ ਕਿਹਾ ਕਿ ਉਹ ਉਨ੍ਹਾਂ ਮਾਪਿਆਂ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਆਪਣੇ ਬੱਚੇ ਪ੍ਰਾਈਵੇਟ ਸਕੂਲਾਂ ਤੋਂ ਹਟਾ ਕੇ ਇਨ੍ਹਾਂ ਸਕੂਲਾਂ ਵਿੱਚ ਦਾਖਲ ਕਰਵਾਏ ਹਨ। ਉਹ ਸੂਬੇ ਅਤੇ ਲੋਕਾਂ ਦੀ ਸੇਵਾ ਕਰਨ ਲਈ ਵੰਡ ਪਾਊ ਰਾਜਨੀਤੀ ਦੀ ਥਾਂ ‘ਕੰਮ ਦੀ ਸਿਆਸਤ’ ਦੇ ਸਿਧਾਂਤ ’ਤੇ ਚੱਲ ਰਹੇ ਹਨ। ਹੁਣ ਵਿਦਿਆਰਥੀਆਂ ਨੂੰ ਜੀਵਨ ਵਿੱਚ ਸਫਲ ਹੋਣ ਲਈ ਨੀਟ ਅਤੇ ਜੇ ਈ ਈ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਨੂੰ ਭਾਰਤੀ ਸਿਆਸਤ ਦੇ ਕੇਂਦਰ ਵਿੱਚ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ, ਜਿਨ੍ਹਾ ਪਾਰਟੀਆਂ ਨੂੰ ਲੋਕਾਂ ਦੀ ਲੋੜ ਅਨੁਸਾਰ ਆਪਣੇ ਏਜੰਡੇ ਬਦਲਣ ਲਈ ਮਜਬੂਰ ਕੀਤਾ ਹੈ। ਸੰਕਲਪ ਪੱਤਰਾਂ ਜਾਂ ਚੋਣ ਮਨੋਰਥ ਪੱਤਰਾਂ ਦੀ ਥਾਂ ਹੁਣ ਸਿਆਸੀ ਪਾਰਟੀਆਂ ਲੋਕਾਂ ਨੂੰ ਭਲਾਈ ਦੀਆਂ ਗਰੰਟੀਆਂ ਦੇ ਰਹੀਆਂ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸੂਬੇ ਦੇ ਲੋਕਾਂ ਦੇ ਹਿੱਤਾਂ ਦੇ ਰਾਖੇ ਹਨ ਅਤੇ ਸਮੇਂ ਦੀ ਲੋੜ ਹੈ ਕਿ ਉਨ੍ਹਾ ਦੇ ਹੱਥ ਮਜ਼ਬੂਤ ਕੀਤੇ ਜਾਣ, ਤਾਂ ਜੋ ਉਹ ਕੇਂਦਰ ਦੇ ਦਮਨਕਾਰੀ ਅਤੇ ਪੰਜਾਬ ਵਿਰੋਧੀ ਪੈਂਤੜੇ ਦਾ ਡਟ ਕੇ ਮੁਕਾਬਲਾ ਕਰ ਸਕਣ। ਜ਼ਿਕਰਯੋਗ ਹੈ ਕਿ ਦੋਵਾਂ ਮੁੱਖ ਮੰਤਰੀਆਂ ਨੇ ਲੁਧਿਆਣਾ, ਆਦਮਪੁਰ (ਜਲੰਧਰ), ਮਾਲ ਮੰਡੀ, ਮਾਲ ਰੋਡ ਅਤੇ ਜੰਡਿਆਲਾ ਗੁਰੂ, ਅੰਮਿ੍ਰਤਸਰ, ਪਰਸਰਾਮ ਨਗਰ ਅਤੇ ਰਾਮ ਨਗਰ ਬਠਿੰਡਾ, ਅਮਲੋਹ ਫਤਿਹਗੜ੍ਹ ਸਾਹਿਬ, ਜਲਾਲਾਬਾਦ ਪੱਛਮੀ ਅਤੇ ਅਰਨੀਵਾਲਾ, ਫਾਜ਼ਿਲਕਾ ਵਿਖੇ ਸ਼ੇਖ ਸੁਭਾਨ, ਫਗਵਾੜਾ (ਕਪੂਰਥਲਾ), ਫੇਜ਼ 11 ਐੱਸ ਏ ਐੱਸ ਨਗਰ (ਮੁਹਾਲੀ) ਅਤੇ ਤਰਨ ਤਾਰਨ ਦੇ ਖਡੂਰ ਸਾਹਿਬ ਵਿਖੇ ਬਣੇ 13 ਸਕੂਲ ਲੋਕਾਂ ਨੂੰ ਸਮਰਪਿਤ ਕੀਤੇ। ਉਨ੍ਹਾ ਇੰਦਰਾਪੁਰੀ ਵਿਖੇ ਸਕੂਲ ਦੀ ਨਵੀਂ ਬਣੀ ਇਮਾਰਤ ਦਾ ਵੀ ਦੌਰਾ ਕੀਤਾ ਅਤੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।