ਪਟਿਆਲਾ : ਪਾਵਰ ਮੈਨੇਜਮੈਂਟ ਵੱਲੋਂ ਬਿਜਲੀ ਕਾਮਿਆਂ ਦੀਆਂ ਪੈਂਡਿੰਗ ਮੰਗਾਂ ਦਾ ਨਿਪਟਾਰਾ ਨਾ ਕਰਨ ਖਿਲਾਫ ਅਤੇ ਲਗਾਤਾਰ ਟਾਲ-ਮਟੋਲ ਕਰਨ ਦੀ ਨੀਤੀ ਦੇ ਵਿਰੁੱਧ ਬਿਜਲੀ ਕਾਮਿਆਂ ਦੀਆਂ ਵੱਖ-ਵੱਖ ਜਥੇਬੰਦੀਆਂ ’ਤੇ ਅਧਾਰਤ ਬਣੇ ਪੀ ਐੱਸ ਈ ਬੀ ਇੰਪਲਾਈਜ਼ ਜਾਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਸਾਂਝੇ ਸੱਦੇ ’ਤੇ 6 ਮਾਰਚ ਨੂੰ ਬਿਜਲੀ ਨਿਗਮ ਦੇ ਮੁੱਖ ਦਫਤਰ ਪਟਿਆਲਾ ਵਿਖੇ ਵਿਸ਼ਾਲ ਰੋਸ ਧਰਨਾ ਲਾਇਆ ਜਾਵੇਗਾ। ਜਾਣਕਾਰੀ ਦਿੰਦਿਆਂ ਮੁਲਾਜ਼ਮ ਆਗੂਆਂ ਰਤਨ ਸਿੰਘ ਮਜਾਰੀ ਅਤੇ ਗੁਰਪ੍ਰੀਤ ਸਿੰਘ ਗੰਡੀਵਿੰਡ ਨੇ ਦੱਸਿਆ ਕਿ ਪਾਵਰ ਮੈਨੇਜਮੈਂਟ ਨੂੰ 29 ਜਨਵਰੀ ਨੂੰ ਬਿਜਲੀ ਕਾਮਿਆਂ ਦੀਆਂ ਮੰਗਾਂ ਸੰਬੰਧੀ ਮੰਗ ਪੱਤਰ ਸਾਂਝਾ ਫੋਰਮ ਅਤੇ ਏਕਤਾ ਮੰਚ ਦੀ ਸੂਬਾਈ ਲੀਡਰਸ਼ਿਪ ਦੇ ਵੱਡੇ ਵਫਦ ਨੇ ਸੌਂਪ ਕੇ ਹੱਲ ਕਰਨ ਦੀ ਮੰਗ ਕੀਤੀ ਸੀ, ਪਰ ਪਾਵਰ ਮੈਨੇਜਮੈਂਟ ਨੇ ਮਸਲਿਆਂ ਨੂੰ ਵਿਚਾਰਨ ਲਈ ਕਿਸੇ ਕਿਸਮ ਦੀ ਦਿਲਚਸਪੀ ਨਹੀਂ ਵਿਖਾਈ, ਜਿਸ ਦੇ ਰੋਸ ਵਜੋਂ ਬੀਤੀ 9 ਫਰਵਰੀ ਨੂੰ ਡਵੀਜ਼ਨ ਪੱਧਰ ’ਤੇ ਰੋਸ ਰੈਲੀਆਂ ਕਰਨ ਉਪਰੰਤ 20 ਫਰਵਰੀ ਨੂੰ ਬਿਜਲੀ ਮੰਤਰੀ ਦੀ ਰਿਹਾਇਸ਼ ’ਤੇ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਗਿਆ, ਜਿਸ ਉਪਰੰਤ ਬਿਜਲੀ ਮੰਤਰੀ ਵੱਲੋਂ ਮੰਗਲਵਾਰ ਜਥੇਬੰਦੀਆਂ ਨੂੰ ਮੀਟਿੰਗ ਪ੍ਰਦਾਨ ਕੀਤੀ ਗਈ ਸੀ, ਪ੍ਰੰਤੂ ਮੀਟਿੰਗ ਬਿਜਲੀ ਮੰਤਰੀ ਦੀ ਬਜਾਏ ਪਾਵਰ ਕਾਰਪੋਰੇਸ਼ਨ ਦੇ ਚੇਅਰਮੈਨ ਇੰਜੀ: ਬਲਦੇਵ ਸਿੰਘ ਸਰਾਂ ਵੱਲਂੋ ਕੀਤੀ ਗਈ। ਮੀਟਿੰਗ ਦੌਰਾਨ ਪਾਵਰ ਮੈਨੇਜਮੈਂਟ ਦਾ ਰਵੱਈਆ ਅੱਖੜ ਅਤੇ ਬੇਹੱਦ ਰੁੱਖਾ ਰਿਹਾ। ਆਗੂਆਂ ਨੇ ਕਿਹਾ ਕਿ ਮੈਨੇਜਮੈਂਟ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨਣ ਦੀ ਬਜਾਏ ਪਹਿਲਾਂ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਇਨਕਾਰੀ ਹੋ ਗਈ ਹੈ। ਸਾਂਝਾ ਫੋਰਮ ਅਤੇ ਏਕਤਾ ਮੰਚ ਦੇ ਆਗੂਆਂ ਹਰਪਾਲ ਸਿੰਘ, ਗੁਰਵੇਲ ਸਿੰਘ ਬੱਲਪੁਰੀਆ, ਦਵਿੰਦਰ ਸਿੰਘ ਪਿਸ਼ੌਰ, ਬਲਦੇਵ ਸਿੰਘ ਮੰਡਾਲੀ, ਅਵਤਾਰ ਸਿੰਘ ਕੈਂਥ, ਸਰਿੰਦਰਪਾਲ ਸਿੰਘ ਲਹੌਰੀਆ, ਮਹਿੰਦਰ ਸਿੰਘ ਰੂੜੇਕੇ, ਕਰਮ ਚੰਦ ਭਾਰਦਵਾਜ, ਪੂਰਨ ਸਿੰਘ ਖਾਈ, ਰਵੇਲ ਸਿੰਘ ਸਹਾਏਪੁਰ, ਕੁਲਵਿੰਦਰ ਸਿੰਘ ਢਿੱਲੋਂ, ਜਗਜੀਤ ਸਿੰਘ ਕੋਟਲੀ, ਗੁਰਵਿੰਦਰ ਸਿੰਘ, ਜਗਜੀਤ ਸਿੰਘ ਕੰਡਾ, ਸੁਖਵਿੰਦਰ ਸਿੰਘ ਚਾਹਲ, ਰਘਵੀਰ ਸਿੰਘ, ਬਲਜੀਤ ਸਿੰਘ ਮੋਦਲਾ, ਜਰਨੈਲ ਸਿੰਘ, ਲਖਵਿੰਦਰ ਸਿੰਘ, ਸਰਬਜੀਤ ਸਿੰਘ ਭਾਣਾ, ਮਨਜੀਤ ਸਿੰਘ ਚਾਹਲ, ਅਵਤਾਰ ਸਿੰਘ ਸ਼ੇਰਗਿੱਲ, ਗੁਰਤੇਜ ਸਿੰਘ ਪੱਖੋ, ਬਲਜੀਤ ਸਿੰਘ ਬਰਾੜ, ਬਲਜੀਤ ਕੁਮਾਰ, ਪ੍ਰਦਿਉਮਨ ਗੌਤਮ, ਲਖਵੰਤ ਸਿੰਘ ਦਿਉਲ ਆਦਿ ਨੇ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਮੁੱਖ ਦਫ਼ਤਰ ਦੇ ਗੇਟ ’ਤੇ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਚੇਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਪਾਵਰ ਮੈਨੇਜਮੈਂਟ ਦੇ ਮੁਲਾਜ਼ਮ ਵਿਰੋਧੀ ਰਵੱਈਆ ਖਿਲਾਫ਼ 6 ਮਾਰਚ ਨੂੰ ਬਿਜਲੀ ਨਿਗਮ ਦੇ ਮੁੱਖ ਦਫਤਰ ਪਟਿਆਲਾ ਵਿਖੇ ਸੂਬਾ ਪੱਧਰ ਦਾ ਰੋਸ ਧਰਨਾ ਲਗਾਉਣ ਉਪਰੰਤ 13 ਮਾਰਚ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿੱਚ ਰੈਲੀ ਕਰਕੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ ਮਾਰਚ ਕੀਤਾ ਜਾਵੇਗਾ। ਜੇਕਰ ਫਿਰ ਵੀ ਪਾਵਰ ਮੈਨੇਜਮੈਂਟ ਨੇ ਮੰਗਾਂ ਦਾ ਨਿਪਟਾਰਾ ਨਾ ਕੀਤਾ ਤਾਂ ਅਗਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਤੋਂ ਨਿਕਲੇ ਸਿੱਟਿਆਂ ਦੀ ਜ਼ਿੰਮੇਵਾਰੀ ਪਾਵਰ ਮੈਨੇਜਮੈਂਟ ਦੀ ਹੋਵੇਗੀ।





