ਚੰਡੀਗੜ੍ਹ (ਗੁਰਜੀਤ ਬਿੱਲਾ, �ਿਸ਼ਨ ਗਰਗ)
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਵਿੱਤੀ ਸਾਲ 2024-25 ਲਈ ਅਸੰਬਲੀ ’ਚ ਸੂਬੇ ਦਾ 2,04,918 ਕਰੋੜ ਰੁਪਏ ਤੋਂ ਵੱਧ ਦਾ ਬਜਟ ਪੇਸ਼ ਕੀਤਾ। ਉਨ੍ਹਾ ਕਿਹਾ ਕਿ ਬਜਟ ਮੁੱਖ ਤੌਰ ’ਤੇ ਸਿਹਤ ਅਤੇ ਸਿੱਖਿਆ ਖੇਤਰਾਂ ’ਤੇ ਕੇਂਦਰਤ ਹੈ। ਚੀਮਾ ਨੇ ਕਿਹਾ ਕਿ ਕੋਈ ਨਵਾਂ ਟੈਕਸ ਨਹੀਂ ਲਗਾਇਆ ਗਿਆ, ਫਿਰ ਵੀ 2024-25 ’ਚ 1,03,936 ਕਰੋੜ ਰੁਪਏ ਮਾਲੀਆ ਪ੍ਰਾਪਤ ਹੋਣ ਦੀ ਉਮੀਦ ਹੈ, ਜਿਸ ਵਿੱਚੋਂ ਆਪਣਾ ਟੈਕਸ ਮਾਲੀਆ 58,900 ਕਰੋੜ ਰੁਪਏ ਹੋਵੇਗਾ। ਰਾਜ ਨੂੰ ਕੇਂਦਰੀ ਟੈਕਸਾਂ ਤੋਂ ਆਪਣੇ ਹਿੱਸੇ ਵਜੋਂ 22,041 ਕਰੋੜ ਰੁਪਏ ਅਤੇ ਕੇਂਦਰ ਤੋਂ ਸਹਾਇਤਾ ਵਜੋਂ 11,748 ਕਰੋੜ ਰੁਪਏ ਮਿਲਣਗੇ।
ਉਨ੍ਹਾ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਦੋ ਸਾਲਾਂ ’ਚ 40000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। 2 ਲੱਖ ਕਰੋੜ ਰੁਪਏ ਤੋਂ ਵੱਧ ਦੇ ਕੁੱਲ ਸਾਲਾਨਾ ਖਰਚੇ ਵਿੱਚੋਂ 13,784 ਕਰੋੜ ਰੁਪਏ ਖੇਤੀਬਾੜੀ ਲਈ ਅਤੇ 16,987 ਕਰੋੜ ਰੁਪਏ ਸਿੱਖਿਆ ਲਈ ਰੱਖੇ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੇਸ਼ ਕੀਤੇ ਬੱਜਟ 2024-25 ਦੀ ਸ਼ਲਾਘਾ ਕਰਦਿਆਂ ਇਸ ਨੂੰ ਸੂਬੇ ਦੇ ਸਮੁੱਚੇ, ਬਰਾਬਰ ਅਤੇ ਵਿਆਪਕ ਵਿਕਾਸ ਰਾਹੀਂ ‘ਰੰਗਲਾ ਪੰਜਾਬ’ ਬਣਾਉਣ ਦੀ ਦਿਸ਼ਾ ਵੱਲ ਕਦਮ ਦੱਸਿਆ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ‘ਜ਼ੀਰੋ ਟੈਕਸ’ ਬੱਜਟ ਵਿੱਚ ਸਾਰੇ ਮੁੱਖ ਖੇਤਰਾਂ ਜਿਵੇਂ ਸਿਹਤ, ਸਿੱਖਿਆ, ਬਿਜਲੀ, ਬੁਨਿਆਦੀ ਢਾਂਚਾ, ਉਦਯੋਗ, ਖੇਡਾਂ, ਸਮਾਜਿਕ ਸੁਰੱਖਿਆ ਅਤੇ ਹੋਰ ਖੇਤਰਾਂ ਵੱਲ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਗਿਆ ਹੈ, ਜੋ ਸੂਬੇ ਦੇ ਵਿਕਾਸ ਲਈ ਨਵੇਂ ਰਾਹ ਖੋਲ੍ਹੇਗਾ। ਉਨ੍ਹਾ ਕਿਹਾ ਕਿ ਇਹ ਬੱਜਟ ਸੂਬੇ ਦੇ ਸਮੁੱਚੇ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰੇਗਾ ਅਤੇ ਸਮਾਜ ਦੇ ਸਾਰੇ ਵਰਗਾਂ ਖਾਸ ਕਰ ਕੇ ਗਰੀਬ ਤੇ ਪੱਛੜੇ ਵਰਗਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਏਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀ ਵਾਰ ਸੂਬੇ ਦਾ ਬੱਜਟ ਦੋ ਲੱਖ ਕਰੋੜ ਰੁਪਏ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਕਈ ਅਹਿਮ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ 2012-17 ਦੌਰਾਨ 8 ਫ਼ੀਸਦ ਤੇ 2017-22 ਦੌਰਾਨ 6 ਫ਼ੀਸਦ ਦੀ ਮਿਸਰਤ ਸਾਲਾਨਾ ਵਿਕਾਸ ਦਰ ਦੇ ਮੁਕਾਬਲੇ ਟੈਕਸ ਮਾਲੀਆ 13 ਫ਼ੀਸਦ ਰਿਹਾ, ਜਿਸ ਨਾਲ ਸਪੱਸ਼ਟ ਹੁੰਦਾ ਹੈ ਕਿ ਵਿਚਾਰਾਂ ਦੀ ਸਪੱਸ਼ਟਤਾ ਅਤੇ ਉਨ੍ਹਾਂ ਵਿਚਾਰਾਂ ਨੂੰ ਅਮਲ ਵਿੱਚ ਲਿਆਉਣ ਪ੍ਰਤੀ ਦਿ੍ਰੜ੍ਹਤਾ ਉਤੇ ਹੀ ਕੰਮ ਨੇਪਰੇ ਚੜ੍ਹਨਾ ਨਿਰਭਰ ਕਰਦਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਦਾ ਵਾਅਦਾ ਕੀਤਾ ਸੀ ਅਤੇ ਇਸ ਮੰਤਵ ਲਈ ਸਰਕਾਰ ਵੱਲੋਂ ਮੁੱਖ ਖੇਤਰਾਂ ਜਿਵੇਂ ਬਿਹਤਰ ਸ਼ਾਸਨ, ਸਿੱਖਿਆ ਤੇ ਸਿਹਤ ’ਤੇ ਧਿਆਨ ਕੇਂਦਰਤ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਗਲੇ ਵਿੱਤੀ ਸਾਲ ਵਿੱਚ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ 13,784 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ ਵਿੱਚੋਂ ਬਾਹਰ ਕੱਢਣ ਲਈ ਵੱਖ-ਵੱਖ ਫਸਲੀ ਵਿਭਿੰਨਤਾ ਸਕੀਮਾਂ ਲਈ ਵਿੱਤੀ ਵਰ੍ਹੇ 2024-25 ਵਿੱਚ 575 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿੱਤੀ ਵਰ੍ਹੇ 2024-25 ਵਿੱਚ ਖੇਤੀਬਾੜੀ ਲਈ ਬਿਜਲੀ ਸਬਸਿਡੀ ਵਾਸਤੇ 9,330 ਕਰੋੜ ਰੁਪਏ ਅਲਾਟ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਠਿੰਡਾ, ਫਰੀਦਕੋਟ, ਫਿਰੋਜ਼ਪੁਰ ਅਤੇ ਮੁਕਤਸਰ ਜ਼ਿਲ੍ਹਿਆਂ ਨੂੰ ਲਾਭ ਪਹੁੰਚਾਉਣ ਲਈ ਲੱਗਭੱਗ 1,78,000 ਏਕੜ ਰਕਬੇ ਨੂੰ ਕਵਰ ਕਰਨ ਦੇ ਉਦੇਸ਼ ਨਾਲ ਨਵਾਂ ਮਾਲਵਾ ਨਹਿਰੀ ਪ੍ਰਾਜੈਕਟ ਬਣਾਉਣ ਦੀ ਤਜਵੀਜ਼ ਰੱਖੀ ਗਈ ਹੈ, ਜਿਸ ਨਾਲ ਜ਼ਮੀਨ ਹੇਠਲੇ ਪਾਣੀ ’ਤੇ ਨਿਰਭਰਤਾ ਘਟੇਗੀ ਅਤੇ ਹਾੜ੍ਹੀ ਸੀਜ਼ਨ ਦੌਰਾਨ ਬਿਆਸ-ਸਤਲੁਜ ਦਰਿਆ ਦੇ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਸੁਚੱਜੀ ਵਰਤੋਂ ਕੀਤੀ ਜਾ ਸਕੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਸਿੱਖਿਆ ਖੇਤਰ ਲਈ ਵਿੱਤੀ ਸਾਲ 2024-25 ਵਿੱਚ 16,987 ਕਰੋੜ ਰੁਪਏ ਦਾ ਬੱਜਟ ਰੱਖਿਆ ਗਿਆ ਹੈ, ਜੋ ਕਿ ਕੁੱਲ ਖਰਚੇ ਦਾ ਲੱਗਭੱਗ 11.5 ਫੀਸਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 100 ਕਰੋੜ ਰੁਪਏ ਸਕੂਲ ਆਫ ਐਮੀਨੈਂਸ ਲਈ ਰੱਖੇ ਗਏ ਹਨ, ਜਦਕਿ ਸਿੱਖਿਆ ਦੇ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਸਕੂਲ ਆਫ ਬਿ੍ਰਲੀਅਨਜ਼ ਅਤੇ ਸਕਿੱਲ ਐਜੂਕੇਸ਼ਨ ਪ੍ਰਦਾਨ ਕਰਨ ਲਈ “ਸਕੂਲ ਆਫ਼ ਅਪਲਾਈਡ ਲਰਨਿੰਗ” ਅਤੇ ਵਿਦਿਆਰਥੀਆਂ ਦੀ ਸਮੁੱਚੇ ਵਿਕਾਸ ਲਈ ਸਕੂਲ ਆਫ ਹੈਪੀਨੈੱਸ ਵਾਸਤੇ 10-10 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਖੇਤਰ ਲਈ 5264 ਕਰੋੜ ਰੁਪਏ ਦਾ ਬੱਜਟ ਰੱਖਿਆ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਆਰਥਿਕ ਸੂਝ-ਬੂਝ ਨਾਲ ਤਿਆਰ ਕੀਤਾ ਗਿਆ ਵਿੱਤੀ ਵਰ੍ਹੇ 2024-25 ਦਾ ਬੱਜਟ ਸਰੋਤ ਜੁਟਾ ਕੇ ਮਾਲੀਆ ਵਧਾਉਣ ’ਤੇ ਧਿਆਨ ਕੇਂਦਰਤ ਕਰਦਿਆਂ ਵਿੱਤੀ ਘਾਟੇ ਨੂੰ ਘਟਾਉਣ ਦੇ ਨਾਲ-ਨਾਲ ਵਿੱਤੀ ਅਨੁਸ਼ਾਸਨ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾ ਕਿਹਾ ਕਿ ਇਸ ਬੱਜਟ ਨਾਲ ਸਾਡਾ ਸੂਬਾ ਹੁਣ ਵਿਕਾਸ ਅਤੇ ਖੁਸ਼ਹਾਲੀ ਦੀਆਂ ਸਿਖਰਾਂ ਛੂਹੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਮੌਜੂਦਾ ਬੱਜਟ ਉਦਯੋਗਿਕ ਖੇਤਰ ਦੀ ਸੁਰਜੀਤੀ ਦੇ ਨਾਲ-ਨਾਲ ਸੂਬੇ ਦੀ ਖੇਤੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਇਕ ਖਾਕੇ ਵਜੋਂ ਕੰਮ ਕਰੇਗਾ।
ਮੁੱਖ ਮੰਤਰੀ ਨੇ ਮੌਜੂਦਾ ਬਜਟ ਨੂੰ ਮੀਲ ਪੱਥਰ ਕਰਾਰ ਦਿੰਦਿਆਂ ਕਿਹਾ ਕਿ ਨੇੜਲੇ ਭਵਿੱਖ ਵਿੱਚ ਇਹ ਬਜਟ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਵਿਕਾਸ ਅਤੇ ਪ੍ਰਗਤੀ ਦੇ ਨਵੇਂ ਦਿਸਹੱਦੇ ਸਥਾਪਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਇਹ ਬਜਟ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਦਰਸਾਉਂਦਾ ਹੈ ਅਤੇ ਇਸ ਦਾ ਉਦੇਸ਼ ਸਮਾਜ ਦੇ ਸਭ ਤੋਂ ਕਮਜ਼ੋਰ ਅਤੇ ਗਰੀਬ ਵਰਗ ਦੇ ਲੋਕਾਂ ਦੀ ਸਹੀ ਮਾਅਨਿਆਂ ਵਿੱਚ ਸੇਵਾ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਜਟ ਸਰਬਪੱਖੀ ਵਿਕਾਸ ਅਤੇ ਖੁਸ਼ਹਾਲੀ ਦੇ ਉਦੇਸ਼ ਦੀ ਪ੍ਰਾਪਤੀ ਲਈ ਆਪ ਸਰਕਾਰ ਦੀ ਵਿਵਹਾਰਕ ਪਹੁੰਚ ਦਾ ਨਤੀਜਾ ਹੈ।





