ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਦੀ ਪੁਲਸ ਐੱਨ ਡੀ ਪੀ ਐੱਸ ਕੇਸਾਂ ਦੇ ਨਿਪਟਾਰੇ ਲਈ ਹੁਣ ਹਿਮਾਚਲ ਪ੍ਰਦੇਸ਼ ਦੀ ਪੁਲਸ ਤੋਂ ਗੁਰ ਸਿੱਖੇਗੀ। ਪੰਜਾਬ ਅਤੇ ਹਰਿਆਣਾ ਪੁਲਸ ਨੂੰ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਸਥਿਤ ਦਾਰੋਹ ਪੁਲਸ ਟ੍ਰੇਨਿੰਗ ਸੈਂਟਰ ’ਚ ਸਿਖਲਾਈ ਦਿੱਤੀ ਜਾਵੇਗੀ।ਹਾਈ ਕੋਰਟ ਨੇ ਪੰਜਾਬ ਅਤੇ ਹਰਿਆਣਾ ਦੇ ਡੀ ਜੀ ਪੀ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਹਾਈ ਕੋਰਟ ਨੇ ਕਿਹਾ, ਹਿਮਾਚਲ ਪ੍ਰਦੇਸ਼ ਪੁਲਸ ਐੱਨ ਡੀ ਪੀ ਐੱਸ ਮਾਮਲਿਆਂ ਦੀ ਪੰਜਾਬ ਅਤੇ ਹਰਿਆਣਾ ਪੁਲਸ ਨਾਲੋਂ ਬਿਹਤਰ ਤਰੀਕੇ ਨਾਲ ਜਾਂਚ ਕਰ ਰਹੀ ਹੈ। ਇਸ ਲਈ ਹੁਣ ਇਨ੍ਹਾਂ ਦੋਵਾਂ ਰਾਜਾਂ ਦੀ ਪੁਲਸ ਨੂੰ ਹਿਮਾਚਲ ਪ੍ਰਦੇਸ਼ ਦੇ ਪੁਲਸ ਟਰੇਨਿੰਗ ਸੈਂਟਰ ਵਿਖੇ ਤਿੰਨ ਮਹੀਨੇ ਦੀ ਟ੍ਰੇਨਿੰਗ ਲੈਣ ਦੇ ਆਦੇਸ਼ ਦਿੱਤੇ ਗਏ ਹਨ। ਟ੍ਰੇਨਿੰਗ ਦੌਰਾਨ ਪੰਜਾਬ ਅਤੇ ਹਰਿਆਣਾ ਪੁਲਸ ਦੇ ਅਧਿਕਾਰੀਆਂ ਦੇ ਰਹਿਣ-ਸਹਿਣ, ਖਾਣ-ਪੀਣ ਆਦਿ ਦਾ ਖਰਚਾ ਪੰਜਾਬ ਅਤੇ ਹਰਿਆਣਾ ਪੁਲਸ ਵੱਲੋਂ ਕੀਤਾ ਜਾਵੇਗਾ, ਜੋ ਇੱਥੇ ਟ੍ਰੇਨਿੰਗ ਲੈਣਗੇ।ਹਾਈ ਕੋਰਟ ਨੇ ਪੰਜਾਬ ਅਤੇ ਹਰਿਆਣਾ ਦੇ ਡੀ ਜੀ ਪੀ ਨੂੰ ਹੁਕਮ ਦਿੱਤਾ ਹੈ ਕਿ ਉਹ ਇਸ ਹੁਕਮ ਨੂੰ 15 ਦਿਨਾਂ ਦੇ ਅੰਦਰ-ਅੰਦਰ ਲਾਗੂ ਕਰਨ ਤੇ ਇਸ ਸਿਖਲਾਈ ਲਈ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਦਸਤੇ ਤਿਆਰ ਕੀਤੇ ਜਾਣ, ਜਿਨ੍ਹਾਂ ਨੂੰ ਸਿਖਲਾਈ ਲਈ ਭੇਜਿਆ ਜਾਣਾ ਹੈ।ਇਸ ਦੇ ਨਾਲ ਹੀ ਹਾਈ ਕੋਰਟ ਨੇ ਹਿਮਾਚਲ ਪ੍ਰਦੇਸ਼ ਦੇ ਗ੍ਰਹਿ ਸਕੱਤਰ ਤੇ ਪੁਲਸ ਟ੍ਰੇਨਿੰਗ ਸੈਂਟਰ, ਦਾਰੋਹ ਧਰਮਸ਼ਾਲਾ ਦੇ ਪਿ੍ਰੰਸੀਪਲ ਨੂੰ ਵੀ ਇਸ ਸੰਬੰਧੀ ਉਚਿਤ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਐੱਨ ਡੀ ਪੀ ਐੱਸ ਮਾਮਲੇ ’ਚ ਚਰਖੀ ਦਾਦਰੀ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਗਏ ਭੁਪਿੰਦਰ ਸਿੰਘ ਨੇ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰਕੇ ਆਪਣੀ ਸਜ਼ਾ ਨੂੰ ਚੁਣੌਤੀ ਦਿੱਤੀ ਸੀ।ਸੁਣਵਾਈ ਦੌਰਾਨ ਹਾਈ ਕੋਰਟ ਨੇ ਪਾਇਆ ਕਿ ਜਾਂਚ ਅਧਿਕਾਰੀ ਵੱਲੋਂ ਵੱਖ-ਵੱਖ ਪੱਧਰਾਂ ’ਤੇ ਕੁਤਾਹੀ ਕੀਤੀ ਗਈ ਹੈ।ਅਜਿਹੇ ’ਚ ਹਾਈ ਕੋਰਟ ਨੇ ਇਸ ਮਾਮਲੇ ਦਾ ਨੋਟਿਸ ਲੈਂਦਿਆਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੇ ਮੁਕਾਬਲੇ ਹਿਮਾਚਲ ਪ੍ਰਦੇਸ਼ ’ਚ ਜਾਂਚ ਬਿਹਤਰ ਤਰੀਕੇ ਨਾਲ ਹੁੰਦੀ ਹੈ।ਅਜਿਹੇ ’ਚ ਜ਼ਰੂਰੀ ਹੋ ਗਿਆ ਹੈ ਕਿ ਇਨ੍ਹਾਂ ਦੋਵਾਂ ਰਾਜਾਂ ਦੇ ਪੁਲਸ ਅਧਿਕਾਰੀਆਂ ਨੂੰ ਬਿਹਤਰ ਸਿਖਲਾਈ ਦਿੱਤੀ ਜਾਵੇ।




