ਬਜਟ ਪ੍ਰਗਤੀਸ਼ੀਲ, ਖੁਸ਼ਹਾਲ ਤੇ ਰੰਗਲੇ ਪੰਜਾਬ ਦੀ ਸਿਰਜਣਾ ਕਰੇਗਾ : ਭਗਵੰਤ ਮਾਨ

0
205

ਚੰਡੀਗੜ੍ਹ (ਗੁਰਜੀਤ ਬਿੱਲਾ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ 2024-25 ਬਜਟ ਨੂੰ ਸਿਰਫ਼ ਕਿਤਾਬਚਾ ਹੀ ਨਹੀਂ, ਸਗੋਂ ਇੱਕ ਪਵਿੱਤਰ ਦਸਤਾਵੇਜ਼ ਕਰਾਰ ਦਿੰਦਿਆਂ ਕਿਹਾ ਕਿ ਇਹ ਬਜਟ ਇੱਕ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾਏਗਾ।ਮੁੱਖ ਮੰਤਰੀ ਨੇ ਕਿਹਾ ਕਿ ਇਹ ਤੱਥਾਂ ਅਤੇ ਅੰਕੜਿਆਂ ਦਾ ਸੰਗ੍ਰਹਿ ਨਹੀਂ, ਸਗੋਂ ਇਹ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਦਾ ਮਸੌਦਾ ਹੈ।ਉਨ੍ਹਾ ਕਿਹਾ ਕਿ ਲੋਕਾਂ ਨੂੰ ਆ ਕੇ ਨਿੱਗਰ ਤੇ ਸਿਹਤਮੰਦ ਰਾਜਨੀਤੀ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ ਅਤੇ ਨੌਜਵਾਨਾਂ ਨੂੰ ਭਾਰਤੀ ਰਾਜਨੀਤੀ ਦੀ ਕਾਇਆਕਲਪ ਵਿੱਚ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਰਾਜਨੀਤੀ ਨੂੰ ਬਦਲਣ ਅਤੇ ਆਮ ਆਦਮੀ ਨੂੰ ਸਿਆਸੀ ਪਾਰਟੀਆਂ ਦੇ ਏਜੰਡੇ ’ਤੇ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੰਕਲਪ ਪੱਤਰਾਂ ਜਾਂ ਚੋਣ ਮਨੋਰਥ ਪੱਤਰਾਂ ਦੀ ਬਜਾਏ ਹੁਣ ਸਿਆਸੀ ਪਾਰਟੀਆਂ ਲੋਕਾਂ ਨੂੰ ਭਲਾਈ ਦੀਆਂ ਗਰੰਟੀਆਂ ਦੇ ਰਹੀਆਂ ਹਨ। ਉਹ ਹਮੇਸ਼ਾ ਹੀ ਕਿਸੇ ਵੀ ਪਾਰਟੀ ਦੇ ਚੋਣ ਮਨੋਰਥ ਪੱਤਰ ਨੂੰ ਕਾਨੂੰਨੀ ਦਸਤਾਵੇਜ਼ ਬਣਾਉਣ ਦੇ ਮੁੱਦਈ ਰਹੇ ਹਨ, ਤਾਂ ਜੋ ਸਿਆਸੀ ਪਾਰਟੀਆਂ ਆਮ ਆਦਮੀ ਨਾਲ ਧੋਖਾ ਨਾ ਕਰ ਸਕਣ। ਲੋਕਾਂ ਨੂੰ ਵਾਰ-ਵਾਰ ‘ਅੱਛੇ ਦਿਨ’ ਜਾਂ ‘ਮੈਂ ਚੌਕੀਦਾਰ ਹਾਂ’ ਦੱਸ ਕੇ ਗੁੰਮਰਾਹ ਕੀਤਾ ਗਿਆ ਅਤੇ ਹੁਣ ਮੇਰੇ ਪਰੀਜਨ (ਪਰਵਾਰ) ਕਿਹਾ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਇਸੇ ਤਰ੍ਹਾਂ ਕੇਂਦਰ ’ਚ ਸੱਤਾ ਵਿੱਚ ਬੈਠੀ ਪਾਰਟੀ ਦੇ ਹੱਕ ਵਿੱਚ ਦਲ-ਬਦਲੀ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਕੀਤੀ ਗਈ ਹੈ।ਮੁੱਖ ਮੰਤਰੀ ਨੇ ਕਿਹਾ ਕਿ ਮਨੋਰਥ ਪੱਤਰ ਦੀ ਬਜਾਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਗਾਰੰਟੀ ਦੇ ਕੇ ਅਰਵਿੰਦ ਕੇਜਰੀਵਾਲ ਦੇ ਵਿਜ਼ਨ ਦੀ ਨਕਲ ਕੀਤੀ ਹੈ। ਅਰਵਿੰਦ ਕੇਜਰੀਵਾਲ ਨੇ ਫੁੱਟ-ਪਾਊ ਰਾਜਨੀਤੀ ਨੂੰ ਨਕਾਰ ਕੇ ਮੁੱਲ ਅਧਾਰਤ ਰਾਜਨੀਤੀ ਦੀ ਸ਼ੁਰੂਆਤ ਕਰਕੇ ਰਾਜਨੀਤੀ ਵਿੱਚ ਇੱਕ ਨਵਾਂ ਬਦਲਾਅ ਲਿਆਂਦਾ ਹੈ। ਇਹ ਬਜਟ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨੌਜਵਾਨਾਂ ਦੇ ਸਸ਼ਕਤੀਕਰਨ ਲਈ ਸੂਬੇ ਦੇ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ 40,437 ਨੌਕਰੀਆਂ ਦਿੱਤੀਆਂ ਹਨ। ਵੀਰਵਾਰ ਨੂੰ ਸੰਗਰੂਰ ਵਿਖੇ ਇਕ ਸਮਾਗਮ ਦੌਰਾਨ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਵਿਰੋਧੀ ਧਿਰ ਇਸ ਮੁੱਦੇ ’ਤੇ ਬੇਲੋੜਾ ਰੌਲਾ ਪਾ ਰਹੀ ਹੈ, ਕਿਉਕਿ ਉਨ੍ਹਾਂ ਕਦੇ ਵੀ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਨਹੀਂ ਦਿੱਤੀਆਂ।ਮੁੱਖ ਮੰਤਰੀ ਨੇ ਕਿਹਾ ਕਿ ਉਹ ਲੋਕਾਂ ਨੂੰ ਮੁਫਤ ਬਿਜਲੀ, ਮੁਫਤ ਸਿੱਖਿਆ, ਮੁਫਤ ਸਿਹਤ ਸੇਵਾਵਾਂ ਦੇਣਾ ਚੰਗੀ ਤਰ੍ਹਾਂ ਜਾਣਦੇ ਹਨ, ਪਰ ਵਿਰੋਧੀ ਧਿਰਾਂ ਨੂੰ ਸਿਰਫ ਬੁਨਿਆਦੀ ਮੁੱਦਿਆਂ ਤੋਂ ਭੱਜਣ ਦੀ ਕਲਾ ਵਿੱਚ ਮੁਹਾਰਤ ਹਾਸਲ ਹੈ।
ਵਿਰੋਧੀ ਧਿਰ ਖਾਸ ਤੌਰ ’ਤੇ ਕਾਂਗਰਸ ਨੂੰ ਗੈਰ-ਜ਼ਿੰਮੇਵਾਰਾਨਾ ਕੰਮ ਕਰਨ ਦੀ ਆਦਤ ਹੈ ਅਤੇ ਸਿਰਫ ਮੀਡੀਆ ’ਚ ਸੁਰਖੀਆਂ ਬਟੋਰਨ ਲਈ ਵਾਕਆਊਟ ਕਰ ਰਹੀ ਹੈ। ਉਹਨਾ ਕਿਹਾ ਕਿ ਕਾਂਗਰਸ ਅਕਸਰ ਕਹਿੰਦੀ ਹੈ ਕਿ ‘ਆਪ’ ਦੇ ਕਈ ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ, ਜਦੋਂਕਿ ਇਹ ਹਕੀਕਤ ਹੈ ਕਿ ਉਹ ਇੱਕ-ਦੂਜੇ ਦੇ ਸੰਪਰਕ ਵਿੱਚ ਨਹੀਂ ਹਨ।
ਉਹਨਾ ਕਿਹਾ ਕਿ ਲੋਕ ਕਾਂਗਰਸੀ ਆਗੂਆਂ ਦੇ ਇਸ ਗੈਰ-ਜ਼ਿੰਮੇਵਾਰਾਨਾ ਵਤੀਰੇ ਨੂੰ ਦੇਖ ਰਹੇ ਹਨ ਅਤੇ ਉਹ ਦਿਨ ਦੂਰ ਨਹੀਂ, ਜਦੋਂ ਉਨ੍ਹਾਂ ਨੂੰ ਛੇਤੀ ਹੀ ਸਿਆਸੀ ਅਹੁਦਿਆਂ ਤੋਂ ਲਾਂਭੇ ਕਰ ਦਿੱਤਾ ਜਾਵੇਗਾ। ਲੋਕ-ਪੱਖੀ ਬਜਟ ਕਾਰਨ ਹੁਣ ਸੂਬੇ ਦੇ ਕੋਨੇ-ਕੋਨੇ ਵਿੱਚ ਖੁਸ਼ੀ ਦੇ ਸਮਾਗਮ ਹੋ ਰਹੇ ਹਨ। ਪਹਿਲਾਂ ਸੂਬਾ ਸਰਕਾਰ ਦੀ ਨਕਾਰਾਤਮਕ ਪਹੁੰਚ ਕਾਰਨ ਨੌਜਵਾਨ ਰੁਜ਼ਗਾਰ ਦੀ ਭਾਲ ਵਿੱਚ ਵਿਦੇਸ਼ ਜਾਣ ਲਈ ਮਜਬੂਰ ਸਨ, ਪਰ ਹੁਣ ਹਰ ਦਿਨ ਨਿਯੁਕਤੀ ਪੱਤਰ ਦੇਣ ਦੇ ਨਾਲ-ਨਾਲ ਨਵੇਂ ਹਸਪਤਾਲ ਤੇ ਸਕੂਲ ਖੋਲ੍ਹਣ ਵਰਗੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਆਬਕਾਰੀ ਅਤੇ ਜੀ ਐੱਸ ਟੀ ’ਚ ਭਾਰੀ ਵਾਧਾ ਹੋਇਆ ਹੈ ਅਤੇ ਸੂਬਾ ਸਰਕਾਰ ਵਪਾਰੀਆਂ ਦੀ ਭਲਾਈ ਲਈ ਉਨ੍ਹਾਂ ਨਾਲ ਲਗਾਤਾਰ ਵਿਚਾਰ-ਵਟਾਂਦਰਾ ਕਰ ਰਹੀ ਹੈ।ਉਹਨਾ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਲੀਹੋਂ ਹਟਵੇਂ ਉਪਰਾਲੇ ਕੀਤੇ ਗਏ ਹਨ। ਸੂਬਾ ਸਰਕਾਰ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਨਿੱਜੀ ਕੰਪਨੀ ਜੀ ਵੀ ਕੇ ਪਾਵਰ ਤੋਂ ਗੋਇੰਦਵਾਲ ਪਾਵਰ ਪਲਾਂਟ ਖਰੀਦ ਕੇ ਸਫਲਤਾ ਦੀ ਨਵੀਂ ਕਹਾਣੀ ਲਿਖੀ ਹੈ। ਸੂਬੇ ਦਾ ਖਜ਼ਾਨਾ ਕਦੇ ਵੀ ਖਾਲੀ ਨਹੀਂ ਰਿਹਾ, ਪਰ ਪਿਛਲੀਆਂ ਸਰਕਾਰਾਂ ਵਿੱਚ ਆਮ ਜਨਤਾ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਨੀਅਤ ਨਹੀਂ ਸੀ, ਜਿਸ ਕਾਰਨ ਉਨ੍ਹਾਂ ਲੋਕਾਂ ਦੀ ਭਲਾਈ ਲਈ ਕੋਈ ਕੰਮ ਨਹੀਂ ਕੀਤਾ। ਭਾਵੇਂ ਪਿਛਲੀਆਂ ਸਰਕਾਰਾਂ ਨੇ ਸੂਬੇ ਨੂੰ ਬੁਰੀ ਤਰ੍ਹਾਂ ਲੁੱਟਿਆ, ਪਰ ਲੋਕਾਂ ਦੇ ਨਿਮਾਣੇ ਸੇਵਕ ਵਜੋਂ ਸੂਬਾ ਸਰਕਾਰ ਅਤੇ ਹਰ ਵਿਧਾਇਕ ਲੋਕਾਂ ਦੀ ਭਲਾਈ ਲਈ ਸਮਰਪਿਤ ਹੈ। ਉਹਨਾ ਕਿਹਾ ਕਿ ਇਸ ਬਜਟ ਵਾਂਗ ਅਗਲਾ ਬਜਟ ਹੋਰ ਵੀ ਸ਼ਾਨਦਾਰ ਹੋਵੇਗਾ।

LEAVE A REPLY

Please enter your comment!
Please enter your name here