ਮੁੱਖ ਮੰਤਰੀ ਨੇ 2487 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

0
190

ਧੂਰੀ (ਰਾਜੇਸ਼ਵਰ ਪਿੰਟੂ, ਬਿੰਨੀ ਗਰਗ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਲੱਡਾ ਕੋਠੀ ’ਚ ਹੁਣ ਤੱਕ ਦੇ ਸਭ ਤੋਂ ਵੱਡੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਪਿਛਲੇ ਦੋ ਸਾਲਾਂ ਵਿੱਚ ਲਗਭਗ 43000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਸੰਗਰੂਰ ਵਿੱਚ ਲੱਡਾ ਕੋਠੀ ਵਿਖੇ 2487 ਨੌਜਵਾਨਾਂ ਨੂੰ ਨੌਕਰੀ ਪੱਤਰ ਸੌਂਪਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿੱਚੋਂ 1750 ਨੌਜਵਾਨਾਂ ਨੂੰ ਗ੍ਰਹਿ ਵਿਭਾਗ, 205 ਨੂੰ ਸਮਾਜਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ, 39 ਨੂੰ ਮਾਲ ਵਿਭਾਗ, 60 ਨੂੰ ਆਬਕਾਰੀ ਵਿਭਾਗ, 421 ਨੂੰ ਸਥਾਨਕ ਸਰਕਾਰਾਂ ਵਿਭਾਗ, ਚਾਰ ਨੌਜਵਾਨਾਂ ਨੂੰ ਸਹਿਕਾਰਤਾ ਵਿਭਾਗ ਵਿੱਚ ਅਤੇ ਅੱਠ ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਵਿਭਾਗ ਵਿੱਚ ਭਰਤੀ ਕੀਤਾ ਗਿਆ ਹੈ। ਉਨ੍ਹਾ ਕਿਹਾ ਕਿ ਸਰਕਾਰੀ ਨੌਕਰੀ ਦਾ ਮਤਲਬ ਪੂਰੇ ਪਰਵਾਰ ਦੇ ਜੀਵਨ ਜਿਉਣ ਦੇ ਸਲੀਕੇ ਵਿੱਚ ਗੁਣਾਤਮਕ ਤਬਦੀਲੀ ਆ ਜਾਂਦੀ ਹੈ। ਮਾਨ ਨੇ ਕਿਹਾ ਕਿ ਉਨ੍ਹਾ ਦੀ ਸਰਕਾਰ ਨੇ 16 ਮਾਰਚ 2022 ਨੂੰ ਆਪਣਾ ਅਹੁਦਾ ਸੰਭਾਲਿਆ ਸੀ ਅਤੇ ਉਦੋਂ ਤੋਂ ਹੀ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਭਾਵੇਂ ਪਹਿਲਾਂ ਭਿ੍ਰਸ਼ਟਾਚਾਰ ਜਾਂ ਭਾਈ-ਭਤੀਜਾਵਾਦ ਰਾਹੀਂ ਨੌਕਰੀਆਂ ਦਿੱਤੀਆਂ ਜਾਂਦੀਆਂ ਸਨ, ਪਰ ਹੁਣ ਨੌਕਰੀਆਂ ਸਿਰਫ ਤੇ ਸਿਰਫ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਜਾਂਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ‘ਮਿਸ਼ਨ ਰੋਜ਼ਗਾਰ’ ਨਾਲ ਨੌਜਵਾਨਾਂ ਦੇ ਮਨਾਂ ਵਿੱਚ ਪੈਦਾ ਹੋਈ ਨਕਾਰਾਤਮਕ ਭਾਵਨਾ ਦੂਰ ਕਰਨ ਵਿੱਚ ਮਦਦ ਮਿਲੀ ਹੈ, ਜਿਸ ਕਾਰਨ ਉਨ੍ਹਾਂ ਹੁਣ ਵਿਦੇਸ਼ ਜਾਣ ਦਾ ਵਿਚਾਰ ਤਿਆਗ ਦਿੱਤਾ ਹੈ ਅਤੇ ਉਲਟਾ ਵਿਦੇਸ਼ ਗਏ ਪੰਜਾਬ ਦੇ ਨੌਜਵਾਨਾਂ ਵਿੱਚ ‘ਵਤਨ ਵਾਪਸੀ’ ਦਾ ਦੌਰ ਸ਼ੁਰੂ ਹੋ ਗਿਆ ਹੈ। ਉਨ੍ਹਾ ਕਿਹਾ, ‘ਜੇਕਰ ਦੋ ਸਾਲਾਂ ਵਿੱਚ 43,000 ਦੇ ਕਰੀਬ ਨੌਕਰੀਆਂ ਦਿੱਤੀਆਂ ਜਾ ਸਕਦੀਆਂ ਹਨ ਤਾਂ ਸਵਾਲ ਪੈਦਾ ਹੁੰਦਾ ਹੈ ਕਿ ਨੌਜਵਾਨਾਂ ਦੀ ਭਲਾਈ ਲਈ ਪਿਛਲੇ 75 ਸਾਲਾਂ ਵਿੱਚ ਅਜਿਹਾ ਕਿਉਂ ਨਹੀਂ ਕੀਤਾ ਗਿਆ। ਮੈਂ ਸਿਸਟਮ ਨੂੰ ਸੁਧਾਰਨ ਅਤੇ ਸੂਬੇ ਦੇ ਵਿਕਾਸ ਵਿੱਚ ਨੌਜਵਾਨ ਵਰਗ ਨੂੰ ਸਰਗਰਮ ਭਾਈਵਾਲ ਬਣਾਉਣ ਦੇ ਰਾਹ ਉਤੇ ਤੁਰਿਆ ਹੋਇਆ ਹਾਂ।’ ਉਨ੍ਹਾ ਕਿਹਾ ਕਿ ਇਹ ਬੜੇ ਮਾਣ ਤੇ ਤਸੱਲੀ ਦੀ ਗੱਲ ਹੈ ਕਿ ਲੜਕੀਆਂ ਹਰ ਖੇਤਰ ਵਿੱਚ ਲੜਕਿਆਂ ਨਾਲੋਂ ਅੱਗੇ ਹਨ ਅਤੇ ਅੱਜ ਵੀ ਜ਼ਿਆਦਾਤਰ ਨੌਕਰੀਆਂ ਲੜਕੀਆਂ ਨੇ ਹੀ ਹਾਸਲ ਕੀਤੀਆਂ ਹਨ। ਇਹ ਸਮੇਂ ਦੀ ਲੋੜ ਹੈ ਕਿ ਲੜਕੀਆਂ ਨੂੰ ਹਰ ਖੇਤਰ ਵਿੱਚ ਮੱਲਾਂ ਮਾਰਨ ਲਈ ਵੱਧ ਤੋਂ ਵੱਧ ਮੌਕੇ ਦਿੱਤੇ ਜਾਣ, ਤਾਂ ਕਿ ਉਹ ਸਫਲਤਾ ਦੀਆਂ ਨਵੀਂਆਂ ਕਹਾਣੀਆਂ ਲਿਖ ਸਕਣ।

LEAVE A REPLY

Please enter your comment!
Please enter your name here