ਪੰਜਾਬ ਨੂੰ ਕਰਜ਼ਾ ਮੁਕਤ ਕਰਨ ਲਈ ਵਚਨਬੱਧ ਹਾਂ : ਮਾਨ

0
162

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ |
ਇੱਥੇ ‘ਸਰਕਾਰ-ਵਪਾਰ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਸੂਬੇ ਨੂੰ ਵਿਰਾਸਤ ਵਿੱਚ ਕਰਜ਼ੇ ਦੀ ਪੰਡ ਮਿਲੀ ਸੀ, ਪਰ ਉਨ੍ਹਾ ਦੀ ਸਰਕਾਰ ਸੂਬੇ ਨੂੰ ਇਨ੍ਹਾਂ ਸੰਕਟਾਂ ਵਿੱਚੋਂ ਕੱਢਣ ਲਈ ਹਰ ਸੰਭਵ ਯਤਨ ਕਰੇਗੀ, ਜਿਸ ਲਈ ਪਹਿਲਾਂ ਹੀ ਠੋਸ ਉਪਰਾਲੇ ਕੀਤੇ ਜਾ ਰਹੇ ਹਨ | ਉਹਨਾ ਕਿਹਾ ਕਿ ਦੋ ਸਾਲਾਂ ਦਾ ਬਜਟ ਸੂਬੇ ਵਿੱਚ ਮਾਲੀਏ ਵਿੱਚ ਵਾਧੇ ਸਮੇਤ ਚੰਗੀਆਂ ਗੱਲਾਂ ਨੂੰ ਦਰਸਾਉਂਦਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਸਿਲਸਿਲਾ ਜਾਰੀ ਰਹੇਗਾ |
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸੂਬੇ ਦੇ ਲੋਕ ਸਫਲ ਹੋਣ ਤੋਂ ਖੌਫ ਖਾਂਦੇ ਸਨ, ਕਿਉਂਕਿ ਸਿਆਸੀ ਲੀਡਰ ਉਨ੍ਹਾਂ ਦੇ ਕਾਰੋਬਾਰ ਵਿੱਚ ਜਬਰੀ ਹਿੱਸਾ ਪਾ ਲੈਂਦੇ ਸਨ | ਇਨ੍ਹਾਂ ਆਗੂਆਂ ਨੇ ਲੋਕਾਂ ਨੂੰ ਲੁੱਟਿਆ ਅਤੇ ਇਨ੍ਹਾਂ ਦੇ ਹੱਥ ਪੰਜਾਬ ਅਤੇ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ | ਉਹਨਾ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਆਗੂਆਂ ਨੇ ਲੋਕਾਂ ਨੂੰ ਰਾਹਤ ਦੇਣ ਦੀ ਪੇਸ਼ਕਸ਼ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐੱਲ ਪੀ ਜੀ ਦੀਆਂ ਕੀਮਤਾਂ ਵਿੱਚ ਕਟੌਤੀ ਇਸ ਦੀ ਜਿਉਂਦੀ-ਜਾਗਦੀ ਮਿਸਾਲ ਹੈ | ਕੇਂਦਰ ਸਰਕਾਰ ਨੇ ਪਿਛਲੇ ਕਈ ਸਾਲਾਂ ਤੋਂ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਨਿਰੰਤਰ ਵਾਧਾ ਕੀਤਾ, ਪਰ ਹੁਣ ਉੱਚੀਆਂ ਕੀਮਤਾਂ ਵਿੱਚ ਨਿਗੂਣੀ ਕਟੌਤੀ ਕਰਕੇ ਆਮ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਅਜਿਹੀਆਂ ਨੌਟੰਕੀਆਂ ਦੇ ਝਾਂਸੇ ਵਿੱਚ ਨਾ ਆਉਣ, ਕਿਉਂਕਿ ਇਹੋ ਜਿਹੇ ਆਗੂ ਅਜਿਹੀਆਂ ਕਾਰਵਾਈਆਂ ਕਰਕੇ ਆਮ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ | ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਸ਼ੁਰੂ ਕੀਤੀ ਗਈ ਈ-ਬੱਸ ਸੇਵਾ ਸਹਿਰ ਵਿੱਚ ਤਰੱਕੀ ਤੇ ਖੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਵਿੱਚ ਸਹਾਈ ਸਿੱਧ ਹੋਵੇਗੀ | ਉਨ੍ਹਾ ਕਿਹਾ ਕਿ ਇਹ ਬੱਸਾਂ ਸ਼ਹਿਰ ਦੇ ਪੁਰਾਣੇ ਬੱਸ ਸਟੈਂਡ ਤੋਂ ਚੱਲਣਗੀਆਂ ਅਤੇ ਲੋਕਾਂ ਨੂੰ ਵੱਡੀ ਸਹੂਲਤ ਪ੍ਰਦਾਨ ਕਰਨਗੀਆਂ | ਉਹਨਾ ਕਿਹਾ ਕਿ ਇਸ ਨਾਲ ਵਪਾਰ ਅਤੇ ਕਾਰੋਬਾਰ ਨੂੰ ਹੁਲਾਰਾ ਦੇ ਕੇ ਸ਼ਹਿਰ ਵਿੱਚ ਬੇਮਿਸਾਲ ਵਿਕਾਸ ਅਤੇ ਖੁਸ਼ਹਾਲੀ ਦਾ ਰਾਹ ਪੱਧਰਾ ਹੋਵੇਗਾ |

LEAVE A REPLY

Please enter your comment!
Please enter your name here