ਜਲੰਧਰ (ਗਿਆਨ ਸੈਦਪੁਰੀ)
ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਸੋਮਵਾਰ ਪੰਜਾਬ ’ਚ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਰੇਲ ਰੋਕੋ ਦਾ ਸੱਦਾ ਦੇਣ ਵਾਲੀਆਂ ਜਥੇਬੰਦੀਆਂ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ ਤੇ ਵਰਕਰਾਂ ਦੇ ਘਰੀਂ ਪੰਜਾਬ ਪੁਲਸ ਵੱਲੋਂ ਛਾਪੇ ਮਾਰਨ, ਗਿ੍ਰਫ਼ਤਾਰ ਕਰਨ, ਕੇਸ ਦਰਜ ਕਰਨ ਅਤੇ ਮੋਗਾ ’ਚ ਲਾਠੀਚਾਰਜ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਇਥੇ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਦਫ਼ਤਰ ਵਿਖੇ ਸਾਂਝੇ ਮੋਰਚੇ ਦੇ ਆਗੂਆਂ ਦੀ ਮੀਟਿੰਗ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਆਗੂਆਂ ਨੇ ਕਿਹਾ ਕਿ ਬੇਜ਼ਮੀਨੇ ਮਜ਼ਦੂਰ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਆਪ ਸਰਕਾਰ ਮਜ਼ਦੂਰਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ।
ਸਮਾਜ ਦੇ ਸਭ ਤੋਂ ਲਿਤਾੜੇ ਹੋਏ ਲੋਕਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਮੰਨਣ ਦੀ ਬਜਾਏ ਸਰਕਾਰ ਦੀ ਸ਼ਹਿ ’ਤੇ ਪੁਲਸ ਵੱਲੋਂ ਮਜ਼ਦੂਰਾਂ ਨੂੰ ਪਿੰਡਾਂ ਅੰਦਰ ਨਜ਼ਰਬੰਦ ਕਰਨ, ਭਾਰਤਰੀ ਜਥੇਬੰਦੀਆਂ ਦੇ ਆਗੂਆਂ ਨੂੰ ਗਿ੍ਰਫ਼ਤਾਰ ਕਰਨ, ਉਨ੍ਹਾਂ ਦੇ ਦਫ਼ਤਰਾਂ ਨੂੰ ਤਾਲੇ ਲਾਉਣ ਦੇ ਰਾਹ ਪੈ ਗਈ ਹੈ। ਮਜ਼ਦੂਰ ਆਗੂਆਂ ਨੇ ਕਿਹਾ ਕਿ ਲੋਕਾਂ ਨੂੰ ਤਰ੍ਹਾਂ-ਤਰ੍ਹਾਂ ਦੇ ਲਾਰਿਆਂ ਨਾਲ ਵਰਚਾਉਣ ਵਾਲੀ ਸਰਕਾਰ ਮਜ਼ਦੂਰਾਂ ਪ੍ਰਤੀ ਆਪਣੇ ਅਸਲੀ ਚਿਹਰੇ ਨਾਲ ਸਾਹਮਣੇ ਆ ਗਈ ਹੈ। ਸਾਂਝੇ ਮੋਰਚੇ ਨੇ ਜ਼ੋਰਦਾਰ ਮੰਗ ਕੀਤੀ ਕਿ ਦਰਜ ਕੀਤੇ ਕੇਸ ਤਰੁੰਤ ਰੱਦ ਕੀਤੇ ਜਾਣ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਤੁਰੰਤ ਮੰਨ ਕੇ ਲਾਗੂ ਕੀਤਾ ਜਾਵੇ। ਮੀਟਿੰਗ ’ਚ ਹੋਰਨਾਂ ਤੋਂ ਇਲਾਵਾ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਆਗੂ ਗੁਰਨਾਮ ਸਿੰਘ ਦਾਊਦ, ਬਲਦੇਵ ਨੂਰਪੁਰੀ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਕਸ਼ਮੀਰ ਸਿੰਘ ਘੁਗਸ਼ੋਰ, ਮਜ਼ਦੂਰ ਮੁਕਤੀ ਮੋਰਚਾ (ਆਇਰਲਾ) ਦੇ ਗੁਰਪ੍ਰੀਤ ਸਿੰਘ ਰੂੜੇਕੇ, ਪੰਜਾਬ ਖੇਤ ਮਜ਼ਦੂਰ ਸਭਾ ਦੇ ਗਿਆਨ ਸਿੰਘ, ਨਿਰਮਲ ਸਿੰਘ ਛੱਜਲਵੱਡੀ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਹਰਮੇਸ਼ ਮਾਲੜੀ ਸ਼ਾਮਲ ਸਨ।





