ਚੁੱਪ ਰਹਿਣ ਵਾਲਿਆਂ ਦੀ ਥਾਂ ਪੰਜਾਬ ਦੀ ਗੱਲ ਕਰਨ ਵਾਲੇ ਸਾਂਸਦ ਚੁਣਨ ਦਾ ਸੱਦਾ

0
140

ਹੁਸ਼ਿਆਰਪੁਰ (ਓ ਪੀ ਰਾਣਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ‘ਸਰਕਾਰ-ਵਪਾਰ ਮਿਲਣੀਆਂ’ ਵਿੱਚ ਕਾਰੋਬਾਰੀਆਂ ਤੇ ਉਦਯੋਗਪਤੀਆਂ ਦੀ ਸਰਗਰਮ ਭਾਈਵਾਲੀ ਨਾਲ ਇਹ ਮਿਲਣੀਆਂ ਸੂਬੇ ਦੀ ਆਰਥਿਕ ਤਰੱਕੀ ਨੂੰ ਬੁਲੰਦੀਆਂ ਉਤੇ ਲੈ ਜਾਣ ਲਈ ਮੀਲ ਦਾ ਪੱਥਰ ਸਾਬਤ ਹੋਣਗੀਆਂ। ਇੱਥੇ ਸਰਕਾਰ-ਵਪਾਰ ਮਿਲਣੀ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਰਕਾਰ-ਵਪਾਰ ਮਿਲਣੀ ਦਾ ਮੰਤਵ ਲੋਕਾਂ ਦੀ ਭਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਅਫ਼ਸੋਸ ਜ਼ਾਹਰ ਕੀਤਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਭਲਾਈ ਲਈ ਅਜਿਹੇ ਪ੍ਰੋਗਰਾਮ ਕਰਵਾਉਣ ਦੀ ਕਦੇ ਪਰਵਾਹ ਨਹੀਂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਖ਼ੁਦ ਨੂੰ ਆਲੀਸ਼ਾਨ ਮਹਿਲਾਂ ਦੀਆਂ ਕੰਧਾਂ ਵਿੱਚ ਕੈਦ ਕਰ ਲਿਆ ਅਤੇ ਆਮ ਆਦਮੀ ਨੂੰ ਆਪਣੇ ਰਹਿਮੋ-ਕਰਮ ਉਤੇ ਛੱਡ ਦਿੱਤਾ।ਲੋਕ ਸਭਾ ਦੀਆਂ ਚੋਣਾਂ ਨੇੜੇ ਆਉਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਹਿੱਤਾਂ ਨਾਲ ਹੋ ਰਹੇ ਧੋਖੇ ਖ਼ਿਲਾਫ਼ ਬੋਲਣ ਤੇ ਕੰਮ ਕਰਨ ਵਾਲੇ ਸੰਸਦ ਮੈਂਬਰ ਚੁਣਨ, ਨਾ ਕਿ ਚੁੱਪ ਰਹਿਣ ਵਾਲਿਆਂ ਦੀ ਚੋਣ ਕਰਨ।
ਮੁੱਖ ਮੰਤਰੀ ਨੇ ਲੋਕਾਂ ਨੂੰ ਆਖਿਆ ਕਿ ਉਹ ਵੋਟ ਪਾਉਣ ਤੋਂ ਪਹਿਲਾਂ ਇਹ ਸੋਚਣ ਕਿ ਜਦੋਂ ਪੰਜਾਬ ਦੇ ਅਧਿਕਾਰ ਖੋਹੇ ਜਾ ਰਹੇ ਸਨ ਤਾਂ ਉਨ੍ਹਾਂ ਦੇ ਸੰਸਦ ਮੈਂਬਰ ਕਿੱਥੇ ਸਨ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਸੋਚਣ ਕਿ ਜਦੋਂ ਪੰਜਾਬ ਦੀ ਸਨਅਤ ਤਬਾਹ ਕੀਤੀ ਗਈ ਅਤੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਸੂਬੇ ਦੇ ਕਿਸਾਨ ਸੰਘਰਸ਼ ਕਰ ਰਹੇ ਸਨ ਤਾਂ ਸੰਸਦ ਮੈਂਬਰ ਕਿਉ ਚੁੱਪ ਰਹੇ। ਮਾਨ ਨੇ ਕਿਹਾ ਕਿ ਪੰਜਾਬ ਲਈ ਅਹਿਮ ਸਮੇਂ ਉਤੇ ਇਹ ਆਗੂ ਚੁੱਪ ਰਹੇ, ਜਿਸ ਕਾਰਨ ਉਹ ਲੋਕਾਂ ਦੀਆਂ ਵੋਟਾਂ ਦੇ ਹੱਕਦਾਰ ਨਹੀਂ ਹਨ ਅਤੇ ਇਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਉਣਾ ਚਾਹੀਦਾ ਹੈ ਤਾਂ ਕਿ ਸਮਰਪਿਤ ਤੇ ਵਚਨਬੱਧ ਲੋਕ ਹੀ ਸੰਸਦ ਲਈ ਚੁਣੇ ਜਾਣ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਖ਼ਜ਼ਾਨੇ ਦਾ ਇਕ-ਇਕ ਪੈਸਾ ਲੋਕਾਂ ਦੀ ਭਲਾਈ ਲਈ ਖ਼ਰਚਿਆ ਜਾ ਰਿਹਾ ਹੈ।
ਭਗਵੰਤ ਸਿੰਘ ਮਾਨ ਨੇ ਸਾਰੀਆਂ 13 ਲੋਕ ਸਭਾ ਸੀਟਾਂ ਉਤੇ ਆਮ ਆਦਮੀ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਦਾ ਲੋਕਾਂ ਨੂੰ ਸੱਦਾ ਦਿੱਤਾ ਤਾਂ ਕਿ ਉਹ ਕੇਂਦਰ ਸਰਕਾਰ ਦੀਆਂ ਪੱਖਪਾਤੀ ਨੀਤੀਆਂ ਦਾ ਡਟ ਕੇ ਮੁਕਾਬਲਾ ਕਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਕਾਸ ਕਾਰਜਾਂ ਦੀ ਰਫ਼ਤਾਰ ਜਾਰੀ ਰੱਖਣ ਲਈ ਸਾਰੀਆਂ 13 ਸੀਟਾਂ ਜਿਤਾ ਕੇ ਆਮ ਆਦਮੀ ਪਾਰਟੀ ਦੇ ਹੱਥ ਮਜ਼ਬੂਤ ਕੀਤੇ ਜਾਣ। ਉਨ੍ਹਾਂ ਕਿਹਾ ਕਿ ਆਪਣੀ ਚੋਣ ਤੋਂ ਬਾਅਦ ਇਹ 13 ਸੰਸਦ ਮੈਂਬਰ ਸੂਬੇ ਦੇ ਵਿਕਾਸ ਨੂੰ ਰਫ਼ਤਾਰ ਦੇਣਗੇ।

LEAVE A REPLY

Please enter your comment!
Please enter your name here