ਚੰਡੀਗੜ੍ਹ (ਗੁਰਜੀਤ ਬਿੱਲਾ, �ਿਸ਼ਨ ਗਰਗ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਪ੍ਰਾਜੈਕਟਾਂ ਨਾਲ ਸੰਬੰਧਤ ਸਮਾਗਮਾਂ ਵਿੱਚ ਚੁਣੀ ਹੋਈ ਸੂਬਾ ਸਰਕਾਰ ਨੂੰ ਨਜ਼ਰਅੰਦਾਜ਼ ਕਰਕੇ ਪੰਜਾਬ ਦੇ ਲੋਕਾਂ ਦੇ ਫ਼ਤਵੇ ਦਾ ਅਪਮਾਨ ਕੀਤਾ ਜਾ ਰਿਹਾ ਹੈ।
ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸੂਬੇ ਦੇ ਸੱਤ ਰੇਲਵੇ ਸਟੇਸ਼ਨਾਂ ਨੂੰ ਅੱਪਗ੍ਰੇਡ ਕਰਨ ਦੇ ਕੰਮ ਦਾ ਉਦਘਾਟਨ ਕਰ ਰਹੇ ਹਨ, ਪਰ ਬਦਕਿਸਮਤੀ ਨਾਲ ਪੰਜਾਬ ਦੇ ਲੋਕਾਂ ਅਤੇ ਪੰਜਾਬ ਸਰਕਾਰ ਨੂੰ ਇਸ ਲਈ ਸੱਦਾ ਨਹੀਂ ਦਿੱਤਾ ਗਿਆ। ਉਨ੍ਹਾ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਮੀਡੀਆ ਸਾਹਮਣੇ ਫੋਕੀ ਸ਼ੋਹਰਤ ਹਾਸਲ ਕਰਨ ਲਈ ਬਹੁਤ ਨੀਵਾਂ ਡਿੱਗ ਰਹੇ ਹਨ। ਉਨ੍ਹਾ ਕਿਹਾ ਕਿ ਸੂਬੇ ਦੇ ਵਿਕਾਸ ਨੂੰ ਦਰਸਾਉਣ ਵਾਲੇ ਸਮਾਗਮਾਂ ਦੇ ਇਸ ਤਰ੍ਹਾਂ ਦੇ ਸਿਆਸੀਕਰਨ ਤੋਂ ਬਚਣਾ ਚਾਹੀਦਾ ਹੈ, ਕਿਉਕਿ ਇਹ ਦੇਸ਼ ਦੇ ਹਿੱਤ ਵਿੱਚ ਨਹੀਂ ਹੈ, ਉਨ੍ਹਾਂ ਕਿਹਾ ਕਿ ਇਹ ਆਪਣੀ ਸਰਕਾਰ ਚੁਣਨ ਵਾਲੇ ਤਿੰਨ ਕਰੋੜ ਲੋਕਾਂ ਦੇ ਫਤਵੇ ਦਾ ਘੋਰ ਅਪਮਾਨ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਦੇਸ਼ ਦੀ ਸਿਖਰਲੀ ਲੀਡਰਸ਼ਿਪ ‘ਕੰਮਾਂ ਦਾ ਸਿਹਰਾ’ ਲੈਣ ਲਈ ਅਜਿਹੇ ਹੋਛੇ ਉਧੇੜ-ਬੁਣ ਵਿੱਚ ਉਲਝੀ ਹੋਈ ਹੈ। ਉਨ੍ਹਾ ਕਿਹਾ ਕਿ ਸੂਬੇ ਦੇ ਲੋਕ ਬਹੁਤ ਸੂਝਵਾਨ ਹਨ ਅਤੇ ਉਹ ਚੰਗੀ ਤਰ੍ਹਾਂ ਜਾਣਦੇ ਹਨ ਕਿ ਜ਼ਮੀਨੀ ਪੱਧਰ ’ਤੇ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਲਈ ਕੁਝ ਵੀ ਠੋਸ ਨਹੀਂ ਕੀਤਾ ਗਿਆ। ਹੁਣ ਜਦੋਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਲੋਕਾਂ ਨੂੰ ਗੰੁਮਰਾਹ ਕਰਨ ਲਈ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਵਰਤੇ ਜਾ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਵਿਰੋਧੀ ਖ਼ਬਤ ਦਾ ਸ਼ਿਕਾਰ ਰਹੀ ਹੈ, ਜਿਸ ਕਾਰਨ ਉਹ ਸੂਬੇ ਨੂੰ ਬਰਬਾਦ ਕਰਨ ’ਤੇ ਤੁਲੀ ਹੋਈ ਹੈ। ਭਗਵੰਤ ਸਿੰਘ ਮਾਨ ਨੇ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਗੈਰਵਾਜਬ ਹੈ। ਉਨ੍ਹਾਂ ਆਰ.ਡੀ.ਐੱਫ. ਅਤੇ ਐੱਨ.ਐੱਚ.ਐੱਮ. ਦੇ ਫੰਡ ਰੋਕਣ ਲਈ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ, ਜਿਸ ਨਾਲ ਸੂਬੇ ਦੇ ਵਿਕਾਸ ਵਿੱਚ ਅੜਿੱਕੇ ਡਾਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅੱਠ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਫੰਡਾਂ ਨੂੰ ਗਲਤ ਤਰੀਕੇ ਨਾਲ ਰੋਕਿਆ ਗਿਆ ਹੈ, ਜੋ ਸੂਬੇ ਨਾਲ ਸਰਾਸਰ ਧੱਕਾ ਹੈ।
ਮੁੱਖ ਮੰਤਰੀ ਨੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦੇ ਸਰਮਾਏ ਨੂੰ ਬੇਰਹਿਮੀ ਨਾਲ ਲੁੱਟਣ ਲਈ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਕਾਰਜਭਾਰ ਸੰਭਾਲਣ ਤੋਂ ਬਾਅਦ ਇਕ-ਇਕ ਪੈਸਾ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਰਕਾਰੀ ਖਜ਼ਾਨੇ ਵਿੱਚ ਹੁੰਦੀ ਲੁੱਟ ਦੀਆਂ ਚੋਰ ਮੋਰੀਆਂ ਬੰਦ ਕੀਤੀਆਂ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਦੀ ਭਲਾਈ ਲਈ ਇੱਕ-ਇੱਕ ਪੈਸਾ ਸਮਝਦਾਰੀ ਨਾਲ ਖਰਚਿਆ ਜਾਵੇ। ਮੁੱਖ ਮੰਤਰੀ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਭਰੋਸਾ ਦਿਵਾਇਆ ਕਿ ਸੂਬੇ ਵਿੱਚ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਸਾਰਿਆਂ ਨੂੰ ਢੁਕਵੀਂ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਹਰ ਪਾਰਟੀ ਨੂੰ ਲੋਕਾਂ ਤੋਂ ਵੋਟਾਂ ਮੰਗਣ ਦਾ ਜਾਇਜ਼ ਹੱਕ ਹੈ ਅਤੇ ਸੂਬਾ ਸਰਕਾਰ ਸੁਰੱਖਿਆ ਅਤੇ ਸੁਖਾਵੇਂ ਮਾਹੌਲ ਨੂੰ ਯਕੀਨੀ ਬਣਾ ਕੇ ਸਾਰਿਆਂ ਨੂੰ ਬਰਾਬਰੀ ਦਾ ਮਾਹੌਲ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਸਮੂਹ ਸਿਆਸੀ ਪਾਰਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੋਟਰਾਂ ਦਾ ਫਿਰਕੂ ਆਧਾਰ ’ਤੇ ਧਰੁਵੀਕਰਨ ਕਰਨ ਦੀਆਂ ਘਟੀਆਂ ਚਾਲਾਂ ਵਿਚ ਸ਼ਾਮਲ ਨਾ ਹੋ ਕੇ ਫੁੱਟ-ਪਾਊ ਰਾਜਨੀਤੀ ਦੇ ਏਜੰਡੇ ਤੋਂ ਦੂਰ ਰਹਿਣ।





