ਪੁਲਸ ਅਧਿਕਾਰੀ ਨਿਰਪੱਖ ਤੇ ਸ਼ਾਂਤਮਈ ਚੋਣਾਂ ਲਈ ਪੁਖਤਾ ਬੰਦੋਬਸਤ ਕਰਨ : ਮਾਨ

0
184

ਲੁਧਿਆਣਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਪੁਲਸ ਅਧਿਕਾਰੀਆਂ ਨੂੰ ਅਗਾਮੀ ਲੋਕ ਸਭਾ ਚੋਣਾਂ ਬਿਨਾਂ ਕਿਸੇ ਡਰ-ਭੈਅ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਆਖਿਆ।
ਇੱਥੇ ਇੰਸਪੈਕਟਰ ਜਨਰਲ, ਪੁਲਸ ਕਮਿਸ਼ਨਰਾਂ ਅਤੇ ਐੱਸ ਐੱਸ ਪੀਜ਼ ਸਮੇਤ ਸੀਨੀਅਰ ਪੁਲਸ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਚੋਣਾਂ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਹੋਣੀਆਂ ਲਾਜ਼ਮੀ ਹਨ, ਤਾਂ ਕਿ ਲੋਕ ਆਜ਼ਾਦੀ ਨਾਲ ਵੋਟ ਪਾ ਸਕਣ। ਉਨ੍ਹਾ ਕਿਹਾ ਕਿ ਇਹ ਚੋਣਾਂ ਜਮਹੂਰੀਅਤ ਦਾ ਜਸ਼ਨ ਹਨ, ਜਿਸ ਕਰਕੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਹਰੇਕ ਵੋਟਰ ਬੇਖੌਫ਼ ਹੋ ਕੇ ਇਨ੍ਹਾਂ ਚੋਣਾਂ ਵਿੱਚ ਹਿੱਸਾ ਲਵੇ।
ਮਾਨ ਨੇ ਕਿਹਾ ਕਿ ਪੁਲਸ ਅਧਿਕਾਰੀਆਂ ਨੂੰ ਇਸ ਮੰਤਵ ਲਈ ਢੁਕਵੇਂ ਪ੍ਰਬੰਧ ਕਰਨੇ ਚਾਹੀਦੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ। ਮੁੱਖ ਮੰਤਰੀ ਨੇ ਪੁਲਸ ਅਧਿਕਾਰੀਆਂ ਨੂੰ ਕਿਹਾ ਕਿ ਇਹ ਚੋਣਾਂ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਸਿਆਸੀ ਪਾਰਟੀਆਂ ਸਮੇਤ ਸਾਰੇ ਪ੍ਰਮੁੱਖ ਭਾਈਵਾਲਾਂ ਨਾਲ ਤਾਲਮਲ ਕੀਤਾ ਜਾਵੇ। ਸਿਆਸੀ ਪਾਰਟੀਆਂ ਵਿੱਚ ਸੁਰੱਖਿਆ ਅਤੇ ਹਿਫਾਜ਼ਤ ਦੀ ਭਾਵਨਾ ਹੋਣੀ ਚਾਹੀਦੀ ਹੈ, ਤਾਂ ਕਿ ਸਾਰੀਆਂ ਪਾਰਟੀਆਂ ਵਧ-ਚੜ੍ਹ ਕੇ ਚੋਣਾਂ ਵਿੱਚ ਹਿੱਸਾ ਲੈ ਸਕਣ। ਉਹਨਾ ਕਿਹਾ ਕਿ ਦੇਸ਼ ਦਾ ਸੰਵਿਧਾਨ ਸਾਰੀਆਂ ਸਿਆਸੀ ਪਾਰਟੀਆਂ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਦਾ ਹੈ, ਤਾਂ ਕਿ ਉਹ ਚੋਣਾਂ ਵਿੱਚ ਸ਼ਿਰਕਤ ਕਰ ਸਕਣ ਅਤੇ ਇਸ ਦੀ ਪਾਲਣਾ ਨੂੰ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇ।
ਇਕ ਹੋਰ ਮਸਲੇ ’ਤੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਸ ਦੀ ਸਹਾਇਤਾ ਲਈ ਅਰਧ ਸੈਨਿਕ ਬਲਾਂ ਦੀਆਂ ਕਈ ਕੰਪਨੀਆਂ ਵੀ ਸੂਬੇ ਵਿੱਚ ਛੇਤੀ ਹੀ ਪਹੁੰਚ ਜਾਣਗੀਆਂ। ਇਹ ਫੋਰਸਾਂ ਸੂਬੇ ਦੀਆਂ ਰਵਾਇਤਾਂ, ਧਰਮ ਅਤੇ ਰੀਤਾ-ਰਿਵਾਜਾਂ ਤੋਂ ਅਣਜਾਣ ਹੁੰਦੀਆਂ ਹਨ, ਜਿਸ ਕਰਕੇ ਪੰਜਾਬ ਪੁਲਸ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਲੋਕਾਂ ਦੀਆਂ ਧਾਰਮਕ ਭਾਵਨਾਵਾਂ ਨੂੰ ਕਿਸੇ ਤਰ੍ਹਾਂ ਠੇਸ ਨਾ ਪਹੁੰਚੇ। ਇਸ ਦੀ ਪਾਲਣਾ ਕਰਨਾ ਬਹੁਤ ਮਹੱਤਵਪੂਰਨ ਹੈ, ਕਿਉਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਲੋਕਾਂ ਦੀਆਂ ਭਾਵਨਾਵਾਂ ਦਾ ਖਿਆਲ ਰੱਖਣਾ ਸਭ ਤੋਂ ਜ਼ਰੂਰੀ ਹੈ।ਮਾਨ ਨੇ ਕਿਹਾ ਕਿ ਪੁਲਸ ਨੂੰ ਸੂਬੇ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਸਮੱਸਿਆ ਨੂੰ ਰੋਕਣ ਲਈ ਵਿਆਪਕ ਪੱਧਰ ਉਤੇ ਮੁਹਿੰਮ ਚਲਾਉਣੀ ਚਾਹੀਦੀ ਹੈ ਅਤੇ ਅਜਿਹੇ ਹਥਿਆਰ ਰੱਖਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਸੂਬਾ ਭਰ ਵਿੱਚ ਲਾਇਸੰਸੀ ਹਥਿਆਰਾ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ ਅਤੇ ਇਸ ਨੂੰ ਚੋਣਾਂ ਤੋਂ ਪਹਿਲਾਂ ਮੁਕੰਮਲ ਕੀਤਾ ਜਾਵੇ।

LEAVE A REPLY

Please enter your comment!
Please enter your name here