ਨਵੀਂ ਦਿੱਲੀ : ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਗਵਾਈ ਵਾਲੀ ਕਮੇਟੀ ਨੇ ‘ਇਕ ਦੇਸ਼, ਇਕ ਚੋਣ’ ਬਾਰੇ ਆਪਣੀ 18,626 ਪੰਨਿਆਂ ਦੀ ਰਿਪੋਰਟ ਵੀਰਵਾਰ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੌਂਪ ਦਿੱਤੀ। ਕਮੇਟੀ ਨੇ ਸੁਝਾਅ ਦਿੱਤਾ ਹੈ ਕਿ ਪਹਿਲੇ ਪੜਾਅ ’ਚ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਨਾਲੋ-ਨਾਲ ਕਰਵਾਈਆਂ ਜਾ ਸਕਦੀਆਂ ਹਨ। ਇਸ ਤੋਂ ਬਾਅਦ ਦੂਜੇ ਪੜਾਅ ’ਚ 100 ਦਿਨਾਂ ਦੇ ਅੰਦਰ ਸਥਾਨਕ ਸਰਕਾਰਾਂ ਦੀਆਂ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ। ਇਹ ਵੀ ਕਿਹਾ ਗਿਆ ਹੈ ਕਿ ਚੋਣਾਂ ’ਚ ਕਿਸੇ ਪਾਰਟੀ ਨੂੰ ਬਹੁਮਤ ਨਾ ਮਿਲਣ ਤੇ ਬੇਭਰੋਸਗੀ ਮਤੇ ਦੀ ਸਥਿਤੀ ’ਚ ਬਾਕੀ ਬਚੇ ਪੰਜ ਸਾਲਾਂ ਦੇ ਕਾਰਜਕਾਲ ਲਈ ਨਵੀਂਆਂ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ। ਇਹ ਰਿਪੋਰਟ ਸੰਬੰਧਤ ਧਿਰਾਂ, ਮਾਹਰਾਂ ਨਾਲ ਵਿਆਪਕ ਸਲਾਹ-ਮਸ਼ਵਰੇ ਅਤੇ 191 ਦਿਨਾਂ ਦੀ ਖੋਜ ਤੋਂ ਬਾਅਦ ਤਿਆਰ ਕੀਤੀ ਗਈ ਹੈ। ਕਮੇਟੀ 2 ਸਤੰਬਰ 2023 ਨੂੰ ਬਣਾਈ ਗਈ ਸੀ।





