ਫਾਸ਼ੀਵਾਦੀ ਤਾਕਤਾਂ ਵਿਰੁੱਧ ਇਕਜੁੱਟ ਹੋਣਾ ਸਮੇਂ ਦੀ ਲੋੜ : ਬੰਤ ਬਰਾੜ

0
235

ਬੰਗਾ (ਅਵਤਾਰ ਕਲੇਰ)
ਮੋਦੀ ਸਰਕਾਰ ਜਦੋਂ ਦੀ ਸੱਤਾ ’ਚ ਆਈ ਹੈ, ਫਿਰਕਾਪ੍ਰਸਤੀ ਦਾ ਬੋਲਬਾਲਾ ਵਧਿਆ ਹੈ। ਘੱਟ ਗਿਣਤੀਆਂ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੀਆਂ ਹਨ। ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੂੰ ਹਰਾਉਣਾ ਅਤੇ ਫਾਸ਼ੀਵਾਦੀ ਤਾਕਤਾਂ ਵਿਰੁੱਧ ਇਕਜੁੱਟ ਹੋਣਾ ਸਮੇਂ ਦੀ ਮੁੱਖ ਲੋੜ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਮਿਊਨਿਸਟ ਪਾਰਟੀ ਦੇ ਸੂਬਾ ਸਕੱਤਰ ਬੰਤ ਸਿੰਘ ਬਰਾੜ ਨੇ ਕੀਤਾ। ਉਹਨਾ ਕਿਹਾ ਕਿ ਇਹ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਇਸ਼ਾਰੇ ’ਤੇ ਚਲਦੀ ਹੈ, ਇਸ ਲਈ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਲਈ ਭਾਜਪਾ ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਨੂੰ ਹਰਾਉਣਾ ਜ਼ਰੂਰੀ ਹੈ। ਉਨ੍ਹਾ ਕਿਹਾ ਕਿ ਭਾਰਤ ਦੀ ਆਜ਼ਾਦੀ ਦੇ ਕੌਮੀ ਹੀਰੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ’ਤੇ ਖਟਕੜ ਕਲਾਂ ਵਿਖੇ ਸੀ ਪੀ ਆਈ ਅਤੇ ਆਰ ਐੱਮ ਪੀ ਆਈ ਵੱਲੋਂ ਸਾਂਝੇ ਤੌਰ ’ਤੇ ਵਿਸ਼ਾਲ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਨੂੰ ਬੰਤ ਬਰਾੜ ਤੋਂ ਇਲਾਵਾ ਆਰ ਐੱਮ ਪੀ ਆਈ ਦੇ ਕੌਮੀ ਜਨਰਲ ਸਕੱਤਰ ਮੰਗਤ ਰਾਮ ਪਾਸਲਾ, ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ, ਏਟਕ ਪੰਜਾਬ ਦੇ ਜਨਰਲ ਸਕੱਤਰ ਨਿਰਮਲ ਸਿੰਘ ਧਾਲੀਵਾਲ, ਪੰਜਾਬ ਖੇਤ ਮਜ਼ਦੂਰ ਸਭਾ ਦੇ ਜਨਰਲ ਸਕੱਤਰ ਦੇਵੀ ਕੁਮਾਰੀ ਸੰਬੋਧਨ ਕਰਨਗੇ। ਇਸ ਮੌਕੇ ਸਿਰਜਣਾ ਆਰਟ ਗਰੁੱਪ ਰਾਏਕੋਟ ਵੱਲੋਂ ਨਾਟਕ ‘ਭਗਤ ਸਿੰਘ ਤੂੰ ਜ਼ਿੰਦਾ ਹੈ’ ਖੇਡਿਆ ਜਾਵੇਗਾ।
ਇਸ ਮੌਕੇ ਸੀ ਪੀ ਆਈ ਦੇ ਜ਼ਿਲ੍ਹਾ ਕਾਰਜਕਾਰੀ ਸਕੱਤਰ ਨਰੰਜਣ ਦਾਸ ਮੇਹਲੀ, ਕਿਸਾਨ ਆਗੂ ਅਤੇ ਜ਼ਿਲ੍ਹਾ ਸਹਾਇਕ ਸਕੱਤਰ ਜਸਵਿੰਦਰ ਸਿੰਘ ਭੰਗਲ, ਬਲਾਚੌਰ ਤਹਿਸੀਲ ਦੇ ਸਕੱਤਰ ਪਰਮਿੰਦਰ ਮੇਨਕਾ ਆਦਿ ਮੌਜੂਦ ਸਨ।

LEAVE A REPLY

Please enter your comment!
Please enter your name here