ਵਾਸ਼ਿੰਗਟਨ : ਅਮਰੀਕਾ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪਨੂੰ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲਿਆਂ ਨੂੰ ਜਵਾਬਦੇਹ ਠਹਿਰਾਉਣ ਲਈ ਭਾਰਤ ਸਰਕਾਰ ਨਾਲ ਮਿਲ ਕੇ ਕੰਮ ਕਰ ਰਿਹਾ ਹੈ। ਬਾਇਡਨ ਪ੍ਰਸ਼ਾਸਨ ਨੇ ਇਹ ਜਾਣਕਾਰੀ ਦਿੱਤੀ। ਪਿਛਲੇ ਸਾਲ ਨਵੰਬਰ ’ਚ ਸੰਘੀ ਵਕੀਲਾਂ ਨੇ ਭਾਰਤੀ ਨਾਗਰਿਕ ਨਿਖਿਲ ਗੁਪਤਾ ’ਤੇ ਪਨੂੰ ਦੀ ਹੱਤਿਆ ਦੀ ਨਾਕਾਮ ਸਾਜ਼ਿਸ਼ ’ਚ ਸ਼ਾਮਲ ਹੋਣ ਦਾ ਦੋਸ਼ ਲਾਇਆ ਸੀ। ਪਨੂੰ ਕੋਲ ਅਮਰੀਕਾ ਅਤੇ ਕੈਨੇਡਾ ਦੀ ਦੋਹਰੀ ਨਾਗਰਿਕਤਾ ਹੈ। ਅਮਰੀਕੀ ਸੰਘੀ ਵਕੀਲਾਂ ਨੇ ਦੋਸ਼ ਲਾਇਆ ਸੀ ਕਿ ਗੁਪਤਾ ਭਾਰਤ ਸਰਕਾਰ ਦੇ ਅਧਿਕਾਰੀ ਨਾਲ ਕੰਮ ਕਰ ਰਿਹਾ ਸੀ ਅਤੇ ਨਿਊਯਾਰਕ ਸਿਟੀ ’ਚ ਰਹਿਣ ਵਾਲੇ ਪਨੂੰ ਨੂੰ ਮਾਰਨ ਲਈ ਹਿੱਟਮੈਨ ਨੂੰ 100,000 ਡਾਲਰ ਦੇਣ ਲਈ ਸਹਿਮਤ ਹੋਇਆ ਸੀ। ਭਾਰਤ ਨੇ ਦੋਸ਼ਾਂ ਦੀ ਜਾਂਚ ਲਈ ਪਹਿਲਾਂ ਹੀ ਕਮੇਟੀ ਕਾਇਮ ਕਰ ਰੱਖੀ ਹੈ।
ਸਾਰੀ ਜਾਣਕਾਰੀ ਚੋਣ ਕਮਿਸ਼ਨ ਨੂੰ ਦੇ ਦਿੱਤੀ : ਐੱਸ ਬੀ ਆਈ
ਨਵੀਂ ਦਿੱਲੀ : ਭਾਰਤੀ ਸਟੇਟ ਬੈਂਕ (ਐੱਸ ਬੀ ਆਈ) ਨੇ ਵੀਰਵਾਰ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਸ ਨੇ ਚੋਣ ਕਮਿਸ਼ਨ ਨੂੰ ਚੋਣ ਬਾਂਡ ਬਾਰੇ ਉਸ ਕੋਲ ਉਪਲੱਬਧ ਸਾਰੀ ਜਾਣਕਾਰੀ ਮੁਹੱਈਆ ਕਰ ਦਿੱਤੀ ਹੈ। ਸੁਪਰੀਮ ਕੋਰਟ ’ਚ ਦਾਇਰ ਹਲਫਨਾਮੇ ’ਚ ਬੈਂਕ ਦੇ ਚੇਅਰਮੈਨ ਨੇ ਕਿਹਾ ਕਿ ਸਾਈਬਰ ਸੁਰੱਖਿਆ ਕਾਰਨਾਂ ਨੂੰ ਧਿਆਨ ’ਚ ਰੱਖਦੇ ਹੋਏ ਸਿਆਸੀ ਪਾਰਟੀਆਂ ਦੇ ਪੂਰੇ ਬੈਂਕ ਖਾਤੇ ਨੰਬਰ ਅਤੇ ਕੇ ਵਾਈ ਸੀ ਵੇਰਵੇ ਜਨਤਕ ਨਹੀਂ ਕੀਤੇ ਗਏ।
ਅਭਿਸ਼ੇਕ ਦੀ ਚਰਚਾ
ਲਖਨਊ : ਚਰਚਾ ਗਰਮ ਹੈ ਕਿ ਸਮਾਜਵਾਦੀ ਪਾਰਟੀ ਅਭਿਸ਼ੇਕ ਬੱਚਨ ਨੂੰ ਖਜੁਰਾਹੋ ਤੋਂ ਲੋਕ ਸਭਾ ਲਈ ਉਮੀਦਵਾਰ ਬਣਾ ਸਕਦੀ ਹੈ। ਇੱਥੋਂ ਭਾਜਪਾ ਨੇ ਸੂਬਾ ਪ੍ਰਧਾਨ ਵਿਸ਼ਣੂ ਦੱਤ ਸ਼ਰਮਾ ਨੂੰ ਉਮੀਦਵਾਰ ਬਣਾਇਆ ਹੈ। ਕਾਂਗਰਸ ਨੇ ਸਮਝੌਤੇ ਤਹਿਤ ਮੱਧ ਪ੍ਰਦੇਸ਼ ਦੀ ਇਹ ਸੀਟ ਸਪਾ ਲਈ ਛੱਡੀ ਹੈ। ਅਭਿਸ਼ੇਕ ਦੀ ਮਾਤਾ ਜਯਾ ਭਾਦੁੜੀ ਸਪਾ ਦੀ ਰਾਜ ਸਭਾ ਮੈਂਬਰ ਹੈ। ਉਹ ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵਿਚ ਪੈਦਾ ਹੋਈ ਸੀ।




