ਚੰਡੀਗੜ੍ਹ (ਗੁਰਜੀਤ ਬਿੱਲਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਇੱਕ ਅਹਿਮ ਮੀਟਿੰਗ ਐਤਵਾਰ ਨੂੰ ਚੰਡੀਗੜ੍ਹ ਵਿੱਚ ਸੂਬਾ ਪ੍ਰਧਾਨ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ‘ਆਪ’ ਪੰਜਾਬ ਦੇ ਸਾਰੇ ਵਿਧਾਇਕ, ਸੂਬਾ ਕਾਰਜਕਾਰੀ ਪ੍ਰਧਾਨ ਪਿ੍ਰੰਸੀਪਲ ਬੁੱਧ ਰਾਮ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਵੀ ਹਾਜ਼ਰ ਸਨ। ਮੀਟਿੰਗ ਵਿੱਚ ਅਰਵਿੰਦ ਕੇਜਰੀਵਾਲ ਦੀ ਗਿ੍ਰਫਤਾਰੀ, ਪਾਰਟੀ ਵੱਲੋਂ ਸੂਬੇ ਅਤੇ ਦਿੱਲੀ ਵਿੱਚ ਵੱਖ-ਵੱਖ ਵਿਰੋਧ ਪ੍ਰਦਰਸ਼ਨ, ਆਗਾਮੀ ਲੋਕ ਸਭਾ ਚੋਣਾਂ ਅਤੇ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਵੀ ਭਾਜਪਾ ਦੀਆਂ ਤਾਨਾਸ਼ਾਹੀ ਕਾਰਵਾਈਆਂ ਵਰਗੇ ਕਈ ਏਜੰਡੇ ਸ਼ਾਮਲ ਸਨ। ਮੀਟਿੰਗ ਤੋਂ ਬਾਅਦ ਮਾਨ ਨੇ ਕਿਹਾ ਕਿ ‘ਆਪ’ ਪੰਜਾਬ ਇਕਾਈ ਦਾ ਹਰ ਵਿਅਕਤੀ ਅਰਵਿੰਦ ਕੇਜਰੀਵਾਲ ਨਾਲ ਚਟਾਨ ਵਾਂਗ ਖੜ੍ਹਾ ਹੈ। ਅਸੀਂ ਮੋਦੀ ਸਰਕਾਰ ਦੀ ਇਸ ਤਾਨਾਸ਼ਾਹੀ ਅਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦਾ ਪੂਰੀ ਤਾਕਤ ਨਾਲ ਵਿਰੋਧ ਕਰਾਂਗੇ। ਮਾਨ ਨੇ ਕਿਹਾ ਕਿ ਜਨਤਾ ਭਾਰਤੀ ਜਨਤਾ ਪਾਰਟੀ ਨੂੰ ਮੂੰਹ ਤੋੜਵਾਂ ਜਵਾਬ ਦੇਵੇਗੀ। ਲੋਕ ਇਸ ਤਾਨਾਸ਼ਾਹੀ ਨੂੰ ਖਤਮ ਕਰਨ ਲਈ ਆਪਣੀ ਵੋਟ ਦਾ ਇਸਤੇਮਾਲ ਕਰਨਗੇ। 31 ਮਾਰਚ ਦੀ ਮਹਾਂ ਰੈਲੀ ਵੀ ਇਸ ਮੀਟਿੰਗ ਦਾ ਏਜੰਡਾ ਸੀ। ਮਾਨ ਨੇ ਕਿਹਾ ਕਿ ਸਾਡੇ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਲਈ ਸਾਰੀਆਂ ਪਾਰਟੀਆਂ ਅਤੇ ਭਾਰਤ ਗਠਜੋੜ ਦੇ ਆਗੂ ਰਾਮਲੀਲ੍ਹਾ ਮੈਦਾਨ ਵਿੱਚ ਇਕੱਠੇ ਹੋ ਰਹੇ ਹਨ। ਭਾਜਪਾ ਦੀ ਤਾਨਾਸ਼ਾਹੀ ਦੀ ਕੋਈ ਸੀਮਾ ਨਹੀਂ ਹੈ ਕਿਉਂਕਿ ਵਿਰੋਧੀ ਨੇਤਾਵਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ ਅਤੇ ਮੌਜੂਦਾ ਮੁੱਖ ਮੰਤਰੀ ਨੂੰ ਬਿਨਾਂ ਕਿਸੇ ਸਬੂਤ ਦੇ ਗਿ੍ਰਫਤਾਰ ਕੀਤਾ ਜਾ ਰਿਹਾ ਹੈ।