ਸ਼ਾਹਕੋਟ (ਗਿਆਨ ਸੈਦਪੁਰੀ)
ਭਾਰਤੀ ਖੇਤ ਮਜ਼ਦੂਰ ਯੂਨੀਅਨ ਦੇ ਕੌਮੀ ਜਨਰਲ ਸਕੱਤਰ ਕਾਮਰੇਡ ਗੁਲਜ਼ਾਰ ਸਿੰਘ ਗੋਰੀਆ ਅਤੇ ਪੰਜਾਬ ਖੇਤ ਮਜ਼ਦੂਰ ਸਭਾ ਦੇ ਜਨਰਲ ਸਕੱਤਰ ਕਾਮਰੇਡ ਦੇਵੀ ਕੁਮਾਰੀ ਸਰਹਾਲੀ ਕਲਾਂ ਨੇ ਸੰਗਰੂਰ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ’ਤੇ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜ਼ਹਿਰ ਦੇ ਵਪਾਰੀਆਂ ਨੂੰ ਜਿੰਨੀ ਦੇਰ ਸਖਤ ਸਜ਼ਾਵਾਂ ਦੇਣ ਦਾ ਪ੍ਰਬੰਧ ਨਾ ਕੀਤਾ ਗਿਆ, ਉਦੋਂ ਤੱਕ ਇਹ ਵਰਤਾਰਾ ਜਾਰੀ ਰਹੇਗਾ। ਮਜ਼ਦੂਰ ਆਗੂਆਂ ਨੇ ਮਿ੍ਰਤਕਾਂ ਦੇ ਪਰਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਸਰਕਾਰ ਕੋਲੋਂ ਮੰਗ ਕੀਤੀ ਕਿ ਆਸ਼ਰਤ ਪਰਵਾਰਾਂ ਦੀ ਯੋਗ ਆਰਥਿਕ ਸਹਾਇਤਾ ਕੀਤੀ ਜਾਵੇ। ਆਗੂਆਂ ਨੇ ਕਿਹਾ ਕਿ ਹਰ ਸਰਕਾਰ ਆਪਣੀ ਕਾਇਮੀ ਵੇਲੇ ਹੋਰ ਵਾਅਦਿਆਂ ਦੇ ਨਾਲ-ਨਾਲ ਨਜਾਇਜ਼ ਸ਼ਰਾਬ ਦਾ ਧੰਦਾ ਬੰਦ ਕਰਵਾਉਣ ਦਾ ਵੀ ਜ਼ੋਰਦਾਰ ਢੰਡੋਰਾ ਪਿੱਟਦੀ ਹੈ। ਪਰ ਕੋਈ ਵੀ ਸਰਕਾਰ ਗੋਂਗਲੂਆਂ ਤੋਂ ਮਿੱਟੀ ਝਾੜਨ ਦੀ ਕਹਾਵਤ ਤੋਂ ਅੱਗੇ ਨਹੀਂ ਜਾਂਦੀ। ਆਗੂਆਂ ਨੇ ਯਾਦ ਕਰਾਇਆ ਕਿ ਬਹੁਤ ਸਾਲ ਪਹਿਲਾਂ ਦੁਆਬੇ ਦੇ ਕੁਲਾਰਾਂ ਪਿੰਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਦਰਜਨਾਂ ਲੋਕ ਮਾਰੇ ਗਏ ਸਨ। ਇਹ ਕਹਿਰ ਉਸ ਤੋਂ ਬਾਅਦ ਪੰਜਾਬ ਦੇ ਹੋਰ ਕਈ ਪਿੰਡਾਂ, ਸ਼ਹਿਰਾਂ ਵਿੱਚ ਵਾਪਰ ਚੁੱਕਾ ਹੈ।
ਪੰਜਾਬ ਖੇਤ ਮਜ਼ਦੂਰ ਸਭਾ ਦੇ ਪ੍ਰਧਾਨ ਪ੍ਰੀਤਮ ਸਿੰਘ ਨਿਆਮਤਪੁਰ ਅਤੇ ਮੀਤ ਸਕੱਤਰ ਨਾਨਕ ਚੰਦ ਲੰਬੀ ਨੇ ਵੀ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਮਿ੍ਰਤਕਾਂ ਦੇ ਪਰਵਾਰਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ।