ਜਲੰਧਰ (ਸੁਰਿੰਦਰ ਕੁਮਾਰ) : ਆਮ ਆਦਮੀ ਪਾਰਟੀ ਦੇ ਇਕਲੌਤੇ ਲੋਕ ਸਭਾ ਮੈਂਬਰ ਅਤੇ ਜਲੰਧਰ ਤੋਂ ਲੋਕ ਸਭਾ ਚੋਣਾਂ ਲਈ ਪਾਰਟੀ ਵੱਲੋਂ ਐਲਾਨੇ ਗਏ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਬੁੱਧਵਾਰ ਭਾਜਪਾ ’ਚ ਸ਼ਾਮਲ ਹੋ ਗਏ। ਦਿੱਲੀ ’ਚ ਭਾਜਪਾ ਹੈੱਡਕੁਆਰਟਰ ’ਚ ਰਿੰਕੂ ਨੂੰ ਭਾਜਪਾ ਦੇ ਜਨਰਲ ਸਕੱਤਰ ਵਿਨੋਦ ਤਾਵੜੇ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਵਿਚ ਸ਼ਾਮਲ ਕਰਵਾਇਆ। ਰਿੰਕੂ ਦੇ ਨਾਲ ਹੀ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਵੀ ਭਾਜਪਾ ’ਚ ਸ਼ਾਮਲ ਹੋਏ।
ਕਰੀਬ ਇੱਕ ਸਾਲ ਪਹਿਲਾਂ ਰਿੰਕੂ ਕਾਂਗਰਸ ਛੱਡ ਕੇ ‘ਆਪ’ ’ਚ ਸ਼ਾਮਲ ਹੋਏ ਸਨ ਤੇ 2023 ’ਚ ਜਲੰਧਰ ਲੋਕ ਸਭਾ ਸੀਟ ਤੋਂ ‘ਆਪ’ ਦੀ ਟਿਕਟ ’ਤੇ ਉਪ ਚੋਣ ਜਿੱਤ ਕੇ ਪਹਿਲੀ ਵਾਰ ਸਾਂਸਦ ਬਣੇ ਸਨ। ਉਹ ਇੱਕ ਸਾਲ ਤੋਂ ਵੀ ਘੱਟ ਸਮਾਂ ਆਮ ਆਦਮੀ ਪਾਰਟੀ ’ਚ ਟਿਕੇ।
ਰਿੰਕੂ 2017 ਤੋਂ 2022 ਤੱਕ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਵਿਧਾਇਕ ਰਹਿ ਚੁੱਕੇ ਹਨ। 2022 ਦੀਆਂ ਵਿਧਾਨ ਸਭਾ ਚੋਣਾਂ ’ਚ ਉਹ ਭਾਜਪਾ ਤੋਂ ਆਮ ਆਦਮੀ ਪਾਰਟੀ ਵਿਚ ਆਏ ਅੰਗੂਰਾਲ ਤੋਂ ਹਾਰ ਗਏ ਸਨ।
ਭਾਜਪਾ ’ਚ ਸ਼ਾਮਲ ਹੋਣ ਤੋਂ ਬਾਅਦ ਰਿੰਕੂ ਨੇ ਕਿਹਾਇਹ ਸੱਚ ਹੈ ਕਿ ਮੇਰੇ ਵੱਲੋਂ ਜਲੰਧਰ ਦੇ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਨਹੀਂ ਹੋਏ, ਕਿਉਕਿ ‘ਆਪ’ ਨੇ ਮੇਰੀ ਹਮਾਇਤ ਨਹੀਂ ਕੀਤੀ। ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਕੰਮ ਕਰਨ ਦੇ ਸਟਾਇਲ ਤੋਂ ਪ੍ਰਭਾਵਤ ਹੋ ਕੇ ਭਾਜਪਾ ਵਿਚ ਸ਼ਾਮਲ ਹੋਇਆ ਹਾਂ। ਜਾਖੜ ਨੇ ਕਿਹਾ ਕਿ ਕਾਂਗਰਸ ਤੇ ਆਪ ਇਕ ਸਿੱਕੇ ਦੇ ਦੋ ਪਾਸੇ ਹਨ।