ਨਵੀਂ ਦਿੱਲੀ : ਆਮਦਨ ਕਰ ਵਿਭਾਗ ਨੇ ਸੋਮਵਾਰ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਹ ਲੱਗਭੱਗ 3500 ਕਰੋੜ ਰੁਪਏ ਦੇ ਟੈਕਸ ਡਿਮਾਂਡ ਨੋਟਿਸਾਂ ਦੇ ਸੰਬੰਧ ’ਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਵਿਰੁੱਧ ਕੋਈ ਜ਼ਬਰਦਸਤੀ ਵਾਲੀ ਕਾਰਵਾਈ ਨਹੀਂ ਕਰੇਗਾ। ਜਸਟਿਸ ਬੀ ਵੀ ਨਾਗਰਥਨਾ ਅਤੇ ਜਸਟਿਸ ਔਗਸਟਿਨ ਜਾਰਜ ਮਸੀਹ ਦੀ ਬੈਂਚ ਨੇ ਆਮਦਨ ਕਰ ਵਿਭਾਗ ਦੀ ਨੁਮਾਇੰਦਗੀ ਕਰ ਰਹੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਦਾ ਬਿਆਨ ਦਰਜ ਕੀਤਾ ਕਿ ਮੌਜੂਦਾ ਹਾਲਤਾਂ ’ਚ ਇਸ ਮਾਮਲੇ ’ਤੇ ਅੰਤਿਮ ਫੈਸਲਾ ਹੋਣ ਤੱਕ ਕੋਈ ਤੁਰੰਤ ਕਾਰਵਾਈ ਨਹੀਂ ਕੀਤੀ ਜਾਵੇਗੀ। ਬੈਂਚ ਨੇ ਡਿਮਾਂਡ ਨੋਟਿਸ ’ਤੇ ਕਾਂਗਰਸ ਦੀ ਪਟੀਸ਼ਨ ’ਤੇ ਸੁਣਵਾਈ ਜੁਲਾਈ ਤੱਕ ਅੱਗੇ ਪਾ ਦਿੱਤੀ।