ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਵੀਰਵਾਰ ਗਿ੍ਰਫਤਾਰੀ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਹਾਈਕੋਰਟ ਨੇ ਕਿਹਾ ਕਿ ਕਈ ਵਾਰ ਨਿੱਜੀ ਹਿੱਤਾਂ ਨਾਲੋਂ ਰਾਸ਼ਟਰੀ ਹਿੱਤਾਂ ਨੂੰ ਪਹਿਲ ਦੇਣੀ ਪੈਂਦੀ ਹੈ। ਪਟੀਸ਼ਨਰ ਦੀ ਸਮੱਸਿਆ ਦਾ ਹੱਲ ਇੱਥੇ ਨਹੀਂ ਕਿਤੇ ਹੋਰ ਹੈ ਤੇ ਉਹ ਢੁਕਵੀਂ ਥਾਂ ਜਾ ਕੇ ਮੰਗ ਕਰੇ। ਇਸੇ ਦੌਰਾਨ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ ਹੈ ਕਿ ਕੇਜਰੀਵਾਲ ਨੇ ਤਿਹਾੜ ਜੇਲ੍ਹ ’ਚੋਂ ਸੰਦੇਸ਼ ਭੇਜ ਕੇ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਨੂੰ ਰੋਜ਼ਾਨਾ ਆਪਣੇ ਹਲਕਿਆਂ ਦਾ ਦੌਰਾ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾ ਕਿਹਾ ਕਿ ਮੁੱਖ ਮੰਤਰੀ ਨੇ ਕਿਹਾ ਹੈ ਕਿ ਉਹ ਭਾਵੇਂ ਜੇਲ੍ਹ ’ਚ ਹਨ, ਪਰ ਦਿੱਲੀ ਦੇ ਦੋ ਕਰੋੜ ਲੋਕ ਉਨ੍ਹਾ ਦਾ ਪਰਵਾਰ ਹਨ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਹੀਂ ਹੋਣੀ ਚਾਹੀਦੀ।