ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸੰਬੰਧਤ ਮਨੀ ਲਾਂਡਰਿੰਗ ਮਾਮਲੇ ’ਚ ਆਪਣੀ ਗਿ੍ਰਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰਨ ਵਾਲੇ ਹਾਈ ਕੋਰਟ ਦੇ ਹੁਕਮਾਂ ਖਿਲਾਫ ਬੁੱਧਵਾਰ ਸੁਪਰੀਮ ਕੋਰਟ ਦਾ ਦਰ ਖੜਕਾਇਆ। ਚੀਫ ਜਸਟਿਸ ਡੀ ਵਾਈ ਚੰਦਰਚੂੜ ਨੇ ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੂੰ ਕਿਹਾਮੈਂ ਪਟੀਸ਼ਨ ਨੂੰ ਜਲਦੀ ਸੂਚੀਬੱਧ ਕਰਨ ਦੀ ਅਪੀਲ ’ਤੇ ਗੌਰ ਕਰਾਂਗਾ। ਸਿੰਘਵੀ ਨੇ ਕਿਹਾਇਹ ਜ਼ਰੂਰੀ ਹੈ ਅਤੇ ਦਿੱਲੀ ਦੇ ਮੁੱਖ ਮੰਤਰੀ ਦੇ ਸੰਬੰਧ ’ਚ ਹੈ। ਗਿ੍ਰਫਤਾਰੀ ਅਜਿਹੇ ਦਸਤਾਵੇਜ਼ ਦੇ ਆਧਾਰ ’ਤੇ ਕੀਤੀ ਗਈ ਹੈ, ਜਿਸ ’ਤੇ ਭਰੋਸਾ ਨਹੀਂ ਕੀਤਾ ਜਾ ਸਕਦਾ। ਸੁਪਰੀਮ ਕੋਰਟ ਹੁਣ ਸੋਮਵਾਰ ਨੂੰ ਬੈਠੇਗੀ। ਇਸ ਤਰ੍ਹਾਂ ਸੁਣਵਾਈ ਅਗਲੇ ਹਫਤੇ ਹੀ ਸੰਭਵ ਹੈ।
ਵੋਟਰਾਂ ਦਾ ਸ਼ਰਾਬ ਟੈੱਸਟ ਲੈਣ ਵਾਲੀ ਪਟੀਸ਼ਨ ਰੱਦ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਚੋਣਾਂ ਦੌਰਾਨ ਹਰੇਕ ਪੋਲਿੰਗ ਸਟੇਸ਼ਨ ’ਤੇ ਵੋਟ ਪਾਉਣ ਤੋਂ ਪਹਿਲਾਂ ਵੋਟਰਾਂ ਦੇ ਖੂਨ ਵਿਚ ਅਲਕੋਹਲ ਦੀ ਮਾਤਰਾ ਨੂੰ ਮਾਪਣ ਵਾਲੇ ਬ੍ਰੈਥਲਾਈਜ਼ਰ ਟੈੱਸਟ ਕਰਵਾਉਣ ਦੀ ਮੰਗ ਵਾਲੀ ਪਟੀਸ਼ਨ ਬੁੱਧਵਾਰ ਰੱਦ ਕਰ ਦਿੱਤੀ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਆਂਧਰਾ ਪ੍ਰਦੇਸ਼ ਹਾਈ ਕੋਰਟ ਦੀ ਇਸ ਪਟੀਸਨ ਨੂੰ ਖਾਰਜ ਕਰਨ ਦੇ ਹੁਕਮ ’ਚ ਦਖਲ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਪ੍ਰਚਾਰ ਲੈਣ ਲਈ ਪਾਈ ਪਟੀਸ਼ਨ ਹੈ।