ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਈ ਵੀ ਐੱਮ-ਵੀ ਵੀ ਪੈਟ ਕੇਸ ਵਿਚ ਆਪਣਾ ਫੈਸਲਾ ਬੁੱਧਵਾਰ ਰਾਖਵਾਂ ਰੱਖ ਲਿਆ। ਈ ਵੀ ਐੱਮ ’ਤੇ ਪਾਈ ਵੋਟਾਂ ਦੀ ਵੀ ਵੀ ਪੈਟ ਦੀਆਂ ਪਰਚੀਆਂ ਨਾਲ ਮਿਲਾਨ ਦੀ ਮੰਗ ਕਰਦੀਆਂ ਪਟੀਸ਼ਨਾਂ ’ਤੇ ਸੁਣਵਾਈ ਦੌਰਾਨ ਉਸ ਨੇ ਇਹ ਵੀ ਟਿੱਪਣੀ ਕੀਤੀ ਕਿ ਉਹ ਚੋਣ ਕਮਿਸ਼ਨ ’ਤੇ ਕੰਟਰੋਲ ਨਹੀਂ ਕਰ ਸਕਦੀ। ਜਸਟਿਸ ਸੰਜੀਵ ਖੰਨਾ ਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਕਿਹਾ ਕਿ ਉਹ ਮਹਿਜ਼ ਸ਼ੱਕ ਦੇ ਆਧਾਰ ’ਤੇ ਕਾਰਵਾਈ ਨਹੀਂ ਕਰ ਸਕਦੇ। ਐਸੋਸੀਏਸ਼ਨ ਫਾਰ ਡੈਮੋਕਰੇਟਿਕ ਰਿਫਾਰਮਜ਼ ਵੱਲੋਂ ਪੇਸ਼ ਐਡਵੋਕੇਟ ਪ੍ਰਸ਼ਾਂਤ ਭੂਸ਼ਣ ਵੱਲੋਂ ਗਿਣਾਈਆਂ ਗਈਆਂ ਚਿੰਤਾਵਾਂ ਦਾ ਜਵਾਬ ਦਿੰਦਿਆਂ ਬੈਂਚ ਨੇ ਕਿਹਾਜੇ ਤੁਸੀਂ ਕਿਸੇ ਵਿਚਾਰ ਜਾਂ ਪ੍ਰਕਿਰਿਆ ਬਾਰੇ ਪਹਿਲਾਂ ਤੋਂ ਹੀ ਆਪਣੀ ਰਾਇ ਬਣਾ ਲੈਂਦੇ ਹੋ ਤਾਂ ਅਸੀਂ ਤੁਹਾਡੀ ਮਦਦ ਨਹੀਂ ਕਰ ਸਕਦੇ।