ਅਕਾਲੀਆਂ ਤੇ ਕਾਂਗਰਸੀਆਂ ਨੇ ਪੰਜਾਬ ਨੂੰ ਕਰਜ਼ਾਈ ਕੀਤਾ : ਮਾਨ

0
218

ਗੁਰਦਾਸਪੁਰ/ਧਾਰੀਵਾਲ
(ਜਨਕ ਮਹਾਜਨ/ਮਨਦੀਪ ਵਿੱਕੀ)
ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਉਮੀਦਵਾਰ ਸ਼ੈਰੀ ਕਲਸੀ ਦੇ ਹੱਕ ਵਿਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿਚ ਜ਼ਿਆਦਾਤਰ ਲੋਕ ਸਭਾ ਸੀਟਾਂ ’ਤੇ ਸ਼ੋ੍ਰਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦਾ ਕਬਜ਼ਾ ਹੈ। ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨੇ ਆਪਣੇ ਰਾਜ ਅੰਦਰ ਪੰਜਾਬ ਅੰਦਰ ਭਾਰੀ ਕਰਜ਼ੇ ਦੀ ਪੰਡ ਚਾੜ੍ਹੀ ਹੈ, ਜਿਸ ਦਾ ਖਮਿਆਜ਼ਾ ਹੁਣ ਪੰਜਾਬ ਦੇ ਲੋਕ ਭੁਗਤ ਰਹੇ ਹਨ। ਉਨ੍ਹਾ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਦੇ ਗਲਤ ਫੈਸਲਿਆਂ ਨੇ ਪੰਜਾਬ ਨੂੰ ਕਰਜ਼ਾਈ ਕੀਤਾ। ਉਨ੍ਹਾ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਰਾਜ ਅੰਦਰ ਸੂਬੇ ਦੀ ਹਾਲਤ ਦਿਨੋਂ-ਦਿਨ ਪਤਲੀ ਹੁੰਦੀ ਗਈ, ਪਰ ਮੌਕੇ ਦੀਆਂ ਸਰਕਾਰਾਂ ਨੇ ਆਪਣੇ ਭਲੇ ਦੇ ਸਿਵਾਏ ਕੁਝ ਨਹੀਂ ਕੀਤਾ। ਉਨ੍ਹਾ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਰਾਜ ਅੰਦਰ ਹੀ ਸੂਬੇ ਵਿਚ ਨਸ਼ੇ ਦੇ ਸੌਦਾਗਰ, ਬੇਰੁਜ਼ਗਾਰੀ, ਕੇਬਲ ਮਾਫੀਆ, ਮਾਈਨਿੰਗ ਮਾਫ਼ੀਆ, ਟਰਾਂਸਪੋਰਟ ਮਾਫ਼ੀਆ ਪੈਦਾ ਹੋਇਆ। ਜਦੋਂ ਦੀ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਹੱਥ ਪੰਜਾਬ ਦੀ ਕਮਾਨ ਆਈ ਹੈ, ਉਦੋਂ ਤੋਂ ਸੂਬਾ ਪੰਜਾਬ ਹੌਲੀ-ਹੌਲੀ ਲੀਹਾਂ ’ਤੇ ਆ ਰਿਹਾ ਹੈ। ਉਨ੍ਹਾ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਰਾਸਤ ਵਿਚ ਮਿਲੇ ਕਰਜ਼ੇ ਨੂੰ ਵਿਆਜ ਸਮੇਤ ਵਾਪਸ ਕੀਤਾ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਭਿ੍ਰਸ਼ਟਾਚਾਰ ਨੂੰ ਖਤਮ ਕਰਨ ਲਈ ਸਾਡੀ ਸਰਕਾਰ ਨੇ ਪਹਿਲਕਦਮੀ ਕਰਕੇ ਟੋਲ ਫ਼ਰੀ ਨੰਬਰ ਜਾਰੀ ਕਰਕੇ ਵੱਡੇ ਪੱਧਰ ’ਤੇ ਭਿ੍ਰਸ਼ਟਾਚਾਰੀਆਂ ਨੂੰ ਕਾਬੂ ਕਰਕੇ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਡੱਕਿਆ। ਉਨ੍ਹਾ ਕਿਹਾ ਕਿ ਜੇਕਰ ਗੁਰਦਾਸਪੁਰ ਤੋਂ ਸ਼ੈਰੀ ਕਲਸੀ ਜਿੱਤਦੇ ਹਨ ਤਾਂ ਗੁਰਦਾਸਪੁਰ ਸ਼ਹਿਰ ਅੰਦਰ ਸਭ ਤੋਂ ਪਹਿਲਾਂ ਇਕ ਵੱਡੀ ਇੰਡਸਟਰੀ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here