ਦੱਬੇ-ਕੁਚਲੇ ਮੇਰੇ ‘ਚ ਆਪਣਾ ਅਕਸ ਦੇਖ ਸਕਦੇ ਹਨ : ਮੁਰਮੂ

0
355

ਨਵੀਂ ਦਿੱਲੀ : ਦਰਪੋਦੀ ਮੁਰਮੂ ਨੇ ਸੋਮਵਾਰ ਦੇਸ਼ ਦੇ 15ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ | ਭਾਰਤ ਦੇ ਚੀਫ ਜਸਟਿਸ ਐੱਨ ਵੀ ਰਾਮੰਨਾ ਨੇ ਉਨ੍ਹਾ ਨੂੰ ਸੰਸਦ ਦੇ ਕੇਂਦਰੀ ਹਾਲ ‘ਚ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ, ਉਪ ਰਾਸ਼ਟਰਪਤੀ ਤੇ ਰਾਜ ਸਭਾ ਚੇਅਰਮੈਨ ਐੱਮ ਵੈਂਕਈਆ ਨਾਇਡੂ, ਲੋਕ ਸਭਾ ਦੇ ਸਪੀਕਰ ਓਮ ਬਿਰਲਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਦੋਵਾਂ ਸਦਨਾਂ ਦੇ ਮੈਂਬਰਾਂ ਅਤੇ ਹੋਰਨਾਂ ਮਹਿਮਾਨਾਂ ਦੀ ਹਾਜ਼ਰੀ ਵਿਚ ਅਹੁਦੇ ਦੀ ਸਹੁੰ ਚੁਕਾਈ | ਮੁਰਮੂ ਨੇ ਪਰਮਾਤਮਾ ਦੇ ਨਾਂਅ ‘ਤੇ ਹਿੰਦੀ ਵਿਚ ਸਹੁੰ ਚੁੱਕਣ ਤੋਂ ਫੌਰੀ ਬਾਅਦ ਹਾਜ਼ਰੀਨ ਤੇ ਦੇਸ਼ ਵਾਸੀਆਂ ਨੂੰ ਆਪਣੇ ਪਲੇਠੇ ਸੰਬੋਧਨ ਵਿਚ ‘ਸਬਕਾ ਸਾਥ, ਸਬਕਾ ਕਰਤੱਵਯ’ ਦੀ ਅਪੀਲ ਕੀਤੀ | ਉਨ੍ਹਾ ਕਿਹਾ ਕਿ ਦੇਸ਼ ਦੇ ਸਿਖਰਲੇ ਸੰਵਿਧਾਨਕ ਅਹੁਦੇ ‘ਤੇ ਉਨ੍ਹਾ ਦੀ ਚੋਣ ਉਨ੍ਹਾ ਦੀ ਕੋਈ ਨਿੱਜੀ ਉਪਲੱਬਧੀ ਨਹੀਂ, ਬਲਕਿ ਭਾਰਤ ਦੇ ਹਰੇਕ ਗਰੀਬ ਵਿਅਕਤੀ ਦੀ ਹੈ ਤੇ ਇਹ ਸਾਬਤ ਕਰਦੀ ਹੈ ਕਿ ਉਹ ਨਾ ਸਿਰਫ ਸੁਪਨਾ ਵੇਖ ਸਕਦਾ ਹੈ, ਬਲਕਿ ਇਸ ਨੂੰ ਪੂਰਾ ਵੀ ਕਰ ਸਕਦਾ ਹੈ | ਉਨ੍ਹਾ ਕਿਹਾ ਕਿ ਦੇਸ਼ ਦਾ ਦੱਬਿਆ-ਕੁਚਲਿਆ ਗਰੀਬ, ਦਲਿਤ ਤੇ ਕਬਾਇਲੀ ਵਰਗ ਉਨ੍ਹਾ ਵਿਚੋਂ ਆਪਣਾ ਅਕਸ ਵੇਖ ਸਕਦਾ ਹੈ | ਉਨ੍ਹਾ ਭਾਰਤ ਦੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ | ਮੁਰਮੂ ਨੇ ਕਿਹਾ ਕਿ ਉਹ ਆਜ਼ਾਦ ਭਾਰਤ ਵਿਚ ਪੈਦਾ ਹੋਣ ਵਾਲੀ ਪਹਿਲੀ ਰਾਸ਼ਟਰਪਤੀ ਹਨ ਤੇ ਇਹ ਉਨ੍ਹਾ ਦੇ ਚੰਗੇ ਭਾਗ ਹਨ ਕਿ ਉਨ੍ਹਾ ਅਜਿਹੇ ਮੌਕੇ ਇਹ ਅਹੁਦਾ ਸੰਭਾਲਿਆ ਹੈ, ਜਦੋਂ ਦੇਸ਼ ਆਪਣੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾਉਣ ਜਾ ਰਿਹਾ ਹੈ |

LEAVE A REPLY

Please enter your comment!
Please enter your name here