ਲਖਨਊ : ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤ ਆਸ਼ੀਸ਼ ਮਿਸ਼ਰਾ ਉਰਫ ਮੋਨੂੰ ਦੀ ਜ਼ਮਾਨਤ ਦੀ ਅਰਜ਼ੀ ਅਲਾਹਾਬਾਦ ਹਾਈ ਕੋਰਟ ਨੇ ਰੱਦ ਕਰ ਦਿੱਤੀ ਹੈ | ਅਦਾਲਤ ਨੇ ਕਿਹਾ ਕਿ ਰਿਕਾਰਡ ‘ਤੇ ਮੌਜੂਦ ਤੱਥਾਂ ਦੇ ਮੱਦੇਨਜ਼ਰ ਉਸ ਨੂੰ ਜ਼ਮਾਨਤ ‘ਤੇ ਰਿਹਾਅ ਨਹੀਂ ਕੀਤਾ ਜਾ ਸਕਦਾ | ਇਹ ਫੈਸਲਾ ਜਸਟਿਸ ਕਿ੍ਸ਼ਨਾ ਪਹਿਲ ਨੇ ਉਸ ਦੀ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰਦਿਆਂ ਸੁਣਾਇਆ | ਜਸਟਿਸ ਕਿ੍ਸ਼ਨਾ ਨੇ ਸੁਣਵਾਈ ਪੂਰੀ ਕਰਨ ਤੋਂ ਬਾਅਦ 15 ਜੁਲਾਈ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ | ਅਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ 10 ਫਰਵਰੀ 2022 ਨੂੰ ਆਸ਼ੀਸ਼ ਨੂੰ ਜ਼ਮਾਨਤ ਦੇ ਦਿੱਤੀ ਸੀ, ਪਰ ਬਾਅਦ ‘ਚ ਸੁਪਰੀਮ ਕੋਰਟ ਨੇ ਜ਼ਮਾਨਤ ਰੱਦ ਕਰ ਦਿੱਤੀ ਸੀ ਅਤੇ ਹਾਈ ਕੋਰਟ ਨੂੰ ਪੀੜਤ ਪੱਖ ਨੂੰ ਢੁਕਵਾਂ ਮੌਕਾ ਦੇਣ ਤੋਂ ਬਾਅਦ ਉਸ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਕਰਨ ਦਾ ਨਿਰਦੇਸ਼ ਦਿੱਤਾ ਸੀ | ਇਸ ਅਨੁਸਾਰ ਹਾਈ ਕੋਰਟ ਨੇ ਉਸ ਦੀ ਜ਼ਮਾਨਤ ਪਟੀਸ਼ਨ ‘ਤੇ ਮੁੜ ਸੁਣਵਾਈ ਕੀਤੀ ਸੀ |
ਆਸ਼ੀਸ਼ ਮਿਸ਼ਰਾ ਪਿਛਲੇ ਸਾਲ 3 ਅਕਤੂਬਰ ਨੂੰ ਤਿਕੁਨੀਆ ਵਿਚ ਚਾਰ ਕਿਸਾਨਾਂ ਤੇ ਇਕ ਪੱਤਰਕਾਰ ਨੂੰ ਕੁਚਲ ਕੇ ਮਾਰਨ ਦੇ ਕੇਸ ਵਿਚ ਸਹਿ-ਮੁਲਜ਼ਮ ਹੈ |