ਬੱਸ ਹਵਾ ਹੀ ਹੋ ਜਾਈਦਾ…

0
155

ਲੁਧਿਆਣਾ (ਰਾਜ ਸਿੰਗਲਾ)-ਨਾਮਵਰ ਕਵੀ ਸੁਰਜੀਤ ਪਾਤਰ ਸ਼ਨੀਵਾਰ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ। ਉਹ ਚੰਗੇ-ਭਲੇ ਰਾਤ ਸੁੱਤੇ ਸਨ, ਪਰ ਸਵੇਰੇ ਉਠ ਨਹੀਂ ਸਕੇ। ਉਹ 79 ਸਾਲ ਦੇ ਸਨ। ਪਾਤਰ ਪਰਵਾਰ ਵਿਚ ਪਤਨੀ ਭੁਪਿੰਦਰ ਕੌਰ ਅਤੇ ਬੇਟੇ ਮਨਰਾਜ ਪਾਤਰ ਤੇ ਅੰਕੁਰ ਪਾਤਰ ਛੱਡ ਗਏ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਬੋਲੀ ਦੇ ਮਾਣਮੱਤੇ ਪੁੱਤ ਸੁਰਜੀਤ ਪਾਤਰ ਸਾਹਿਬ ਦੇ ਅਚਾਨਕ ਚਲੇ ਜਾਣ ’ਤੇ ਬਹੁਤ ਦੁੱਖ ਹੋਇਆ। ਪੰਜਾਬੀ ਮਾਂ ਬੋਲੀ ਦਾ ਵਿਹੜਾ ਅੱਜ ਸੁੰਨਾ ਹੋ ਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਾਤਰ ਜੀ ਦਾ ਅਕਾਲ ਚਲਾਣਾ ਬਹੁਤ ਹੀ ਦੁਖਦਾਈ ਹੈ। ਉਨ੍ਹਾ ਪੰਜਾਬੀ ਸਾਹਿਤ ਨੂੰ ਬਹੁਤ ਅਮੀਰੀ ਬਖ਼ਸ਼ੀ। ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਅਤੇ ਸਮੂਹ ਮੈਂਬਰਾਂ ਨੇ ਡਾ. ਸੁਰਜੀਤ ਪਾਤਰ ਦੇ ਦੇਹਾਂਤ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਕਿਹਾ ਕਿ ਡਾ. ਸੁਰਜੀਤ ਪਾਤਰ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ 2002 ਤੋਂ 2008 ਤੱਕ ਪ੍ਰਧਾਨ ਰਹੇ ਅਤੇ ਅਕਾਦਮੀ ਦੇ ਸਤਿਕਾਰਤ ਫ਼ੈਲੋ ਸਨ।ਅਕਾਦਮੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਆਖਿਆ ਕਿ ਪਾਤਰ ਸਾਹਿਬ ਨੇ ਕਵਿਤਾ ਦੇ ਖੇਤਰ ਵਿਚ ਨਵੀਂਆਂ ਬੁਲੰਦੀਆਂ ਵੀ ਛੋਹੀਆਂ ਤੇ ਨਵੇਂ ਰਾਹ ਵੀ ਉਲੀਕੇ।ਅਕਾਦਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਕਿਹਾ ਕਿ ਪਾਤਰ ਸਾਹਿਬ ਵੱਡੇ ਨਾਮਣੇ ਵਾਲੇ ਸਾਹਿਤਕਾਰ ਸਨ।
ਗਹਿਰਾ ਅਫ਼ਸੋਸ ਪ੍ਰਗਟ ਕਰਨ ਵਾਲਿਆਂ ਵਿੱਚ ਹੋਰਨਾਂ ਤੋਂ ਇਲਾਵਾ ਡਾ. ਸ. ਸ. ਜੌਹਲ, ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ, ਡਾ. ਲਖਵਿੰਦਰ ਜੌਹਲ, ਡਾ. ਅਨੂਪ ਸਿੰਘ, ਡਾ. ਸੁਰਜੀਤ ਸਿੰਘ, ਡਾ. ਗੁਰਇਕਬਾਲ ਸਿੰਘ, ਸੁਰਿੰਦਰ ਕੈਲੇ, ਜਨਮੇਜਾ ਸਿੰਘ ਜੌਹਲ, ਡਾ. ਅਰਵਿੰਦਰ ਕੌਰ ਕਾਕੜਾ, ਡਾ. ਗੁਰਚਰਨ ਕੌਰ ਕੋਚਰ, ਡਾ. ਹਰਵਿੰਦਰ ਸਿੰਘ, ਤ੍ਰੈਲੋਚਨ ਲੋਚੀ, ਜਸਪਾਲ ਮਾਨਖੇੜਾ, ਡਾ. ਜੋਗਿੰਦਰ ਸਿੰਘ ਨਿਰਾਲਾ, ਬਲਬੀਰ ਮਾਧੋਪੁਰੀ, ਡਾ. ਹਰੀ ਸਿੰਘ ਜਾਚਕ, ਸਹਿਜਪ੍ਰੀਤ ਸਿੰਘ ਮਾਂਗਟ, ਜਸਵੀਰ ਝੱਜ, ਸ਼ਬਦੀਸ਼, ਸੰਜੀਵਨ ਸਿੰਘ, ਨਰਿੰਦਰਪਾਲ ਕੌਰ, ਵਾਹਿਦ (ਸਤਿਨਾਮ ਸਿੰਘ), ਸੰਤੋਖ ਸਿੰਘ ਸੁੱਖੀ, ਡਾ. ਹਰਜਿੰਦਰ ਸਿੰਘ ਅਟਵਾਲ, ਕੰਵਰਜੀਤ ਭੱਠਲ, ਵਰਗਿਸ ਸਲਾਮਤ, ਪ੍ਰੋ. ਸਰਘੀ, ਦੀਪ ਜਗਦੀਪ ਸਿੰਘ, ਕਰਮਜੀਤ ਸਿੰਘ ਗਰੇਵਾਲ, ਪ੍ਰੋ. ਬਲਵਿੰਦਰ ਸਿੰਘ ਚਹਿਲ, ਪ੍ਰੇਮ ਸਾਹਿਲ, ਅਮਰਜੀਤ ਸਿੰਘ ਗਰੇਵਾਲ, ਸਵਰਨਜੀਤ ਸਵੀ ਅਤੇ ਸਮੂਹ ਮੈਂਬਰ ਸ਼ਾਮਲ ਹਨ।
ਜਲੰਧਰ ’ਚ ਦੇਸ਼ ਭਗਤ ਯਾਦਗਾਰ ਕਮੇਟੀ ਨੇ ਪੰਜਾਬੀ ਦੇ ਸਿਰਮੌਰ ਕਵੀ ਸੁਰਜੀਤ ਪਾਤਰ ਦੇ ਸਦੀਵੀ ਵਿਛੋੜੇ ’ਤੇ ਸ਼ਨੀਵਾਰ ਸ਼ੋਕ ਸਭਾ ਕੀਤੀ, ਜਿਸ ਵਿੱਚ ਕਮੇਟੀ ਦੇ ਸੰਯੁਕਤ ਸਕੱਤਰ ਚਰੰਜੀ ਲਾਲ ਕੰਗਣੀਵਾਲ, ਸਾਬਕਾ ਜਨਰਲ ਸਕੱਤਰ ਗੁਰਮੀਤ, ਟਰੱਸਟੀ ਰਣਜੀਤ ਸਿੰਘ ਔਲਖ, ਸੁਰਿੰਦਰ ਕੁਮਾਰੀ ਕੋਛੜ ਤੇ ਪ੍ਰੋ. ਗੋਪਾਲ ਸਿੰਘ ਬੁੱਟਰ ਨੇ ਸੁਰਜੀਤ ਪਾਤਰ ਦੀ ਬਹੁਪੱਖੀ ਸ਼ਖ਼ਸੀਅਤ ਬਾਰੇ ਵਿਚਾਰ ਪ੍ਰਗਟਾਉਂਦਿਆਂ ਉਨ੍ਹਾ ਦੀ ਮੌਤ ਨੂੰ ਪੰਜਾਬੀ ਜ਼ਬਾਨ, ਸਾਹਿਤ ਅਤੇ ਸਮਾਜ ਲਈ ਨਾ ਪੂਰਾ ਹੋਣ ਵਾਲਾ ਘਾਟਾ ਕਿਹਾ।
ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ ਸਮਰਾ, ਜਨਰਲ ਸਕੱਤਰ ਪਿ੍ਰਥੀਪਾਲ ਮਾੜੀਮੇਘਾ, ਮੀਤ ਪ੍ਰਧਾਨ ਕੁਲਵੰਤ ਸਿੰਘ ਸੰਧੂ, ਖਜ਼ਾਨਚੀ ਇੰਜ. ਸ਼ੀਤਲ ਸਿੰਘ ਸੰਘਾ, ਸੱਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਤੇ ਹਰਵਿੰਦਰ ਭੰਡਾਲ ਨੇ ਵੀ ਇਸ ਦੁਖਦਾਈ ਸਮੇਂ ਆਪਣੇ ਸ਼ੋਕ ਸੰਦੇਸ਼ ਭੇਜੇ। ਬੁਲਾਰਿਆਂ ਨੇ ਇਸ ਮੌਕੇ ਕਿਹਾ ਕਿ ਪੰਜਾਬੀ ਦੇ ਬਹੁਤ ਸੰਵੇਦਨਸ਼ੀਲ ਤੇ ਸੂਖ਼ਮਭਾਵੀ ਸ਼ਾਇਰ ਦਾ ਇਸ ਤਰ੍ਹਾਂ ਅਚਾਨਕ ਵਿਛੋੜਾ ਦੇ ਜਾਣਾ ਬੇਹੱਦ ਤਕਲੀਫਦੇਹ ਹੈ।

LEAVE A REPLY

Please enter your comment!
Please enter your name here