ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਕਿਹਾ ਕਿ ਕਾਰਗਿਲ ਜੰਗ ਦੌਰਾਨ ਫੌਜ ਦੇ ਜਾਂਬਾਜ਼ ਯੋਧਿਆਂ ਦੀ ਮਹਾਨ ਕੁਰਬਾਨੀ ਸਾਡੇ ਨੌਜਵਾਨਾਂ ਨੂੰ ਮਿਸ਼ਨਰੀ ਭਾਵਨਾ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਨਿਰਸਵਾਰਥ ਹੋ ਕੇ ਮੁਲਕ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ | ਇੱਥੇ ਜੰਗੀ ਯਾਦਗਾਰ ਵਿਖੇ ਕਾਰਗਿਲ ਵਿਜੇ ਦਿਵਸ ਦੀ ਯਾਦ ਵਿਚ ਕਰਵਾਏ ਸਮਾਗਮ ਦੌਰਾਨ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕਾਰਗਿਲ ਵਿਜੇ ਦਿਵਸ ਭਾਰਤ ਦੀਆਂ ਹਥਿਆਰਬੰਦ ਸੈਨਾਵਾਂ ਦੀ ਅਸਧਾਰਨ ਸੂਰਮਗਤੀ ਦਾ ਪ੍ਰਤੀਕ ਹੈ, ਕਿਉਂ ਜੋ ਇਸ ਜੰਗ ਦੌਰਾਨ ਸਾਡੇ ਫੌਜੀ ਜਵਾਨਾਂ ਨੇ ਕੁਰਬਾਨੀ, ਸੂਰਬੀਰਤਾ ਤੇ ਬਹਾਦਰੀ ਦੀ ਬੇਮਿਸਾਲ ਗਾਥਾ ਪੇਸ਼ ਕੀਤੀ | ਉਨ੍ਹਾ ਕਿਹਾ ਕਿ ਭਾਰਤੀ ਫੌਜ ਨੇ ਤਮਾਮ ਔਕੜਾਂ ਦੇ ਬਾਵਜੂਦ ਜੁਲਾਈ 1999 ਵਿਚ ਕਾਰਗਿਲ, ਦਰਾਸ ਤੇ ਬਟਾਲਿਕ ਦੇ ਇਲਾਕਿਆਂ ਵਿਚ ਘੁਸਪੈਠ ਕਰਨ ਵਾਲੀ ਪਾਕਿਸਤਾਨੀ ਸੈਨਾ ਨੂੰ ਮੂੰਹ-ਤੋੜਵਾਂ ਜਵਾਬ ਦਿੱਤਾ | ਮਾਨ ਨੇ ਕਿਹਾ ਕਿ ਭਾਰਤੀ ਸੈਨਿਕਾਂ ਵੱਲੋਂ ਦਿਖਾਈ ਅਦੁੱਤੀ ਬਹਾਦਰੀ ਦੀ ਅਜਿਹੀ ਮਿਸਾਲ ਵਿਸ਼ਵ ਦੇ ਇਤਿਹਾਸ ਵਿਚ ਨਹੀਂ ਮਿਲਦੀ, ਜੋ ਸਾਡੇ ਨੌਜਵਾਨਾਂ ਨੂੰ ਭਾਰਤੀ ਫੌਜ ਵਿਚ ਸ਼ਾਮਲ ਹੋ ਕੇ ਆਪਣੀ ਮਾਤ ਭੂਮੀ ਦੀ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ |
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਇੱਥੇ ਬੋਗਨਵਿਲੀਆ ਗਾਰਡਨ ‘ਚ ਸਥਿਤ ਜੰਗੀ ਯਾਦਗਾਰ ਵਿਖੇ ਫੁੱਲ-ਮਾਲਾ ਭੇਟ ਕੀਤੀ ਅਤੇ ਕਾਰਗਿਲ ਜੰਗ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਪੰਜਾਬ ਦੇ ਬਹਾਦਰ ਜਵਾਨਾਂ ਨੂੰ ਨਮਨ ਕਰਦਿਆਂ ਸ਼ਰਧਾਂਜਲੀ ਦਿੱਤੀ | ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਮੁਲਕ ਆਪਣੇ ਜਾਂਬਾਜ਼ ਸਪੂਤਾਂ ਦਾ ਹਮੇਸ਼ਾ ਕਰਜ਼ਦਾਰ ਰਹੇਗਾ, ਜੋ ਸਖਤ ਗਰਮੀ ਅਤੇ ਠੰਢ ਵਿਚ ਵੀ ਮੁਲਕ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹਨ | ਉਨ੍ਹਾ ਕਿਹਾ ਕਿ ਸੈਨਿਕਾਂ ਦੇ ਮਿਸਾਲੀ ਯੋਗਦਾਨ ਦੇ ਸਤਿਕਾਰ ਵਜੋਂ ਸੂਬਾ ਸਰਕਾਰ ਨੇ ਡਿਊਟੀ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਸੈਨਿਕ ਦੇ ਪਰਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਫੈਸਲਾ ਕੀਤਾ ਹੈ | ਉਹਨਾ ਕਿਹਾ ਕਿ ਸੂਬਾ ਸਰਕਾਰ ਦਾ ਇਹ ਉਪਰਾਲਾ ਸਾਡੇ ਸੈਨਿਕਾਂ ਵੱਲੋਂ ਕੀਤੀ ਜਾ ਰਹੀ ਦੇਸ਼ ਸੇਵਾ ਪ੍ਰਤੀ ਨਿਮਾਣੀ ਜਿਹੀ ਕੋਸ਼ਿਸ਼ ਹੈ | ਸਾਲ 1999 ਦੀ ਕਾਰਗਿਲ ਜੰਗ ਨੂੰ ਚੇਤੇ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਇਸ ਜੰਗ ਦੌਰਾਨ ਸਮੁੱਚੇ ਦੇਸ਼ ਨੇ ਭਗਤੀ ਦੇ ਜਜ਼ਬੇ ਨਾਲ ਇਕਜੁਟਤਾ ਦਾ ਪ੍ਰਗਟਾਵਾ ਕੀਤਾ ਸੀ | ਮਾਨ ਨੇ ਦੱਸਿਆ ਕਿ ਇਕ ਕਲਾਕਾਰ ਹੋਣ ਦੇ ਨਾਤੇ ਉਸ ਵੇਲੇ ਉਨ੍ਹਾ ਆਪਣੇ ਬਾਕੀ ਸਾਥੀਆਂ ਨਾਲ ਭਾਰਤੀ ਫੌਜ ਲਈ ਫੰਡ ਇਕੱਠਾ ਕਰਨ ਲਈ ਵਿਸ਼ੇਸ਼ ਸ਼ੋਅ ਵੀ ਕੀਤਾ ਸੀ | ਉਨ੍ਹਾ ਦੱਸਿਆ ਕਿ ਇਸ ਸ਼ੋਅ ਤੋਂ ਇਕੱਤਰ ਹੋਈ ਸਮੁੱਚੀ ਰਕਮ ਸਤਿਕਾਰ ਦੇ ਤੌਰ ਉਤੇ ਪਟਿਆਲਾ ਛਾਉਣੀ ਵਿਖੇ ਭਾਰਤੀ ਫੌਜ ਨੂੰ ਸੌਂਪ ਦਿੱਤੀ ਸੀ | ਇਸ ਮੌਕੇ ਐੱਨ ਸੀ ਸੀ ਕੈਡਿਟਾਂ ਅਤੇ ਮਾਈ ਭਾਗੋ ਆਰਮਿਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੁਹਾਲੀ ਦੀਆਂ ਮਹਿਲਾ ਕੈਡਿਟਾਂ ਨਾਲ ਸੰਖੇਪ ਵਿਚ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਹਥਿਆਰਬੰਦ ਸੈਨਾਵਾਂ ਵਿਚ ਸ਼ਾਮਲ ਹੋਣ ਲਈ ਉਤਸ਼ਾਹਤ ਕੀਤਾ | ਉਹਨਾ ਕਿਹਾ ਕਿ ਉਹ ਬਾਕੀ ਨੌਜਵਾਨਾਂ ਦੇ ਅੰਦਰ ਵੀ ਦੇਸ਼ ਭਗਤੀ ਅਤੇ ਰਾਸ਼ਟਰਵਾਦ ਦਾ ਜਜ਼ਬਾ ਪੈਦਾ ਕਰਨ ਲਈ ਰੋਲ ਮਾਡਲ ਬਣ ਸਕਦੇ ਹਨ | ਪੀ ਏ ਪੀ ਬੈਂਡ ਦੇ ਨਾਲ ਪੀ ਏ ਪੀ ਗਰੁੱਪ ਦੇ ਕਮਾਂਡਰ ਡੀ ਐੱਸ ਪੀ ਦਵਿੰਦਰ ਸਿੰਘ ਦੀ ਅਗਵਾਈ ਵਿਚ ਪ੍ਰਭਾਵਸ਼ਾਲੀ ਢੰਗ ਨਾਲ ਗਾਰਡ ਆਫ ਆਨਰ ਰਾਹੀਂ ਸਲਾਮੀ ਦਿੱਤੀ ਗਈ | ਸਮਾਗਮ ਵਿਚ ਕਈ ਸੀਨੀਅਰ ਅਤੇ ਸੇਵਾ-ਮੁਕਤ ਰੱਖਿਆ ਅਫਸਰ ਵੀ ਸ਼ਾਮਲ ਹੋਏ | ਇਸ ਮੌਕੇ ਰੱਖਿਆ ਸੇਵਾਵਾਂ ਮੰਤਰੀ ਫੌਜਾ ਸਿੰਘ ਸਰਾਰੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ ਤੇ ਵਧੀਕ ਵਿਸ਼ੇਸ਼ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ, ਡਾਇਰੈਕਟਰ ਰੱਖਿਆ ਸੇਵਾਵਾਂ ਬਿ੍ਗੇਡੀਅਰ (ਸੇਵਾ-ਮੁਕਤ) ਸਤਿੰਦਰ ਸਿੰਘ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ |