ਨਵੀਂ ਦਿੱਲੀ : ਮਹਿਲਾ ਭਲਵਾਨਾਂ ਦੇ ਜਿਨਸੀ ਸੋਸ਼ਣ ਮਾਮਲੇ ’ਚ ਇਥੋਂ ਦੀ ਅਦਾਲਤ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬਿ੍ਰਜ ਭੂਸ਼ਣ ਸ਼ਰਣ ਸਿੰਘ ਵਿਰੁੱਧ ਮੰਗਲਵਾਰ ਦੋਸ਼ ਆਇਦ ਕਰ ਦਿੱਤੇ, ਜਦਕਿ ਬਿ੍ਰਜ ਭੂਸ਼ਣ ਨੇ ਦੋਸ਼ਾਂ ਨੂੰ ਗਲਤ ਕਰਾਰ ਦਿੱਤਾ। ਅਦਾਲਤ ਨੇ ਮੁਲਜ਼ਮ ਖਿਲਾਫ ਔਰਤਾਂ ਦੇ ਜਿਨਸੀ ਸ਼ੋਸ਼ਣ, ਧਮਕਾਉਣ ਤੇ ਮਰਿਆਦਾ ਭੰਗ ਕਰਨ ਦੇ ਦੋਸ਼ ਤੈਅ ਕੀਤੇ ਹਨ। ਬਿ੍ਰਜ ਭੂਸ਼ਣ ਨੇ ਐਡੀਸ਼ਨਲ ਚੀਫ ਮੈਟਰੋਪੋਲੀਟਨ ਮੈਜਿਸਟਰੇਟ ਪਿ੍ਰਯੰਕਾ ਰਾਜਪੂਤ ਦੇ ਸਾਹਮਣੇ ਦੋਸ਼ਾਂ ਤੋਂ ਇਨਕਾਰ ਕੀਤਾ। ਅਦਾਲਤ ਨੇ ਇਸ ਮਾਮਲੇ ’ਚ ਸਹਿ-ਮੁਲਜ਼ਮ ਅਤੇ ਫੈਡਰੇਸ਼ਨ ਦੇ ਸਾਬਕਾ ਸਹਾਇਕ ਸਕੱਤਰ ਵਿਨੋਦ ਤੋਮਰ ਵਿਰੁੱਧ ਅਪਰਾਧਿਕ ਧਮਕੀ ਦੇਣ ਦਾ ਦੋਸ਼ ਵੀ ਤੈਅ ਕੀਤਾ ਹੈ। ਮਾਮਲੇ ਵਿਚ ਅਗਲੀ ਸੁਣਵਾਈ ਇਕ ਜੂਨ ਨੂੰ ਹੋਵੇਗੀ। ਯੂ ਪੀ ਦੇ ਕੈਸਰਗੰਜ ਤੋਂ ਭਾਜਪਾ ਦੇ ਮੌਜੂਦਾ ਸਾਂਸਦ ਬਿ੍ਰਜ ਭੂਸ਼ਣ ਨੂੰ ਉਨ੍ਹਾ ’ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਬਾਅਦ ਪਾਰਟੀ ਨੇ ਲੋਕ ਸਭਾ ਚੋਣ ਲੜਨ ਲਈ ਟਿਕਟ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਤੇ ਉਸ ਦੇ ਪੁੱਤਰ ਕਰਨ ਭੂਸ਼ਣ ਸਿੰਘ ਨੂੰ ਉਮੀਦਵਾਰ ਬਣਾਇਆ ਹੈ।