25 C
Jalandhar
Sunday, September 8, 2024
spot_img

ਮੋਦੀ ਦੀ ਪੰਜਾਬ ਫੇਰੀ ਦਾ ਕਿਸਾਨ ਡਟਵਾਂ ਵਿਰੋਧ ਕਰਨਗੇ

ਜਗਰਾਓਂ (ਅਮਿਤ ਖੰਨਾ)
ਪੰਜਾਬ ਦੇ ਕਿਸਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਚੋਣ ਫੇਰੀ ਦਾ ਪੁਰਅਮਨ ਢੰਗ ਨਾਲ ਡਟਵਾਂ ਵਿਰੋਧ ਕਰਨਗੇ। ਇਹ ਐਲਾਨ ਸੰਯੁਕਤ ਕਿਸਾਨ ਮੋਰਚਾ ਦੀ ਮੰਗਲਵਾਰ ਇੱਥੇ ਹੋਈ ਕਿਸਾਨ ਮਹਾਂ ਰੈਲੀ ਵਿਚ ਕੀਤਾ ਗਿਆ।
ਬੁਲਾਰਿਆਂ ਨੇ ਮੋਦੀ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਦੀ ਸਖਤ ਨੁਕਤਾਚੀਨੀ ਕਰਦਿਆਂ ਕਿਹਾ ਕਿ ਇਸ ਸਰਕਾਰ ਨੇ ਸਾਰਾ ਦੇਸ਼ ਕਾਰਪੋਰੇਟ ਘਰਾਣਿਆਂ ਨੂੰ ਥਾਲੀ ’ਚ ਪਰੋਸ ਕੇ ਦੇ ਦਿੱਤਾ ਹੈ। ਅੱਪ ਨਿਵੇਸ ਮੰਤਰਾਲਾ ਬਣਾ ਕੇ ਪਬਲਿਕ ਸੈਕਟਰ ਦੇ ਸਾਰੇ ਅਦਾਰੇ ਅੰਬਾਨੀ ਅਤੇ ਅਡਾਨੀ ਨੂੰ ਕੌਡੀਆਂ ਦੇ ਭਾਅ ਬਖਸ਼ ਦਿੱਤੇ ਹਨ। ਮੋਦੀ ਸਰਕਾਰ ਦੀਆਂ ਨੀਤੀਆਂ ਦਾ ਹੀ ਨਤੀਜਾ ਹੈ ਕਿ ਦੇਸ਼ ਦੇ ਇੱਕ ਫੀਸਦੀ ਅਮੀਰ ਲੋਕਾਂ ਕੋਲ ਦੇਸ਼ ਦੀ 40 ਫੀਸਦੀ ਦੌਲਤ ਜਮ੍ਹਾਂ ਹੋ ਗਈ ਹੈ ਅਤੇ ਦੂਜੇ ਪਾਸੇ ਲਗਭਗ 80 ਕਰੋੜ ਲੋਕ ਸਰਕਾਰ ਤੋਂ ਮਿਲਣ ਵਾਲੇ ਸਸਤੇ ਰਾਸ਼ਨ ਨਾਲ ਗੁਜ਼ਾਰਾ ਕਰ ਰਹੇ ਹਨ। ਭਾਜਪਾ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ 2022 ਤੱਕ ਉਨ੍ਹਾਂ ਦੀ ਆਮਦਨ ਦੁੱਗਣੀ ਕਰ ਦਿੱਤੀ ਜਾਵੇਗੀ, ਪਰ ਹੁਣ ਇਸ ਬਾਰੇ ਗੱਲ ਕਰਨੀ ਹੀ ਬੰਦ ਕਰ ਦਿੱਤੀ ਹੈ। ਕਾਰਪੋਰੇਟ ਘਰਾਣਿਆਂ ਨੂੰ ਲਗਭਗ 16 ਲੱਖ ਕਰੋੜ ਰੁਪਏ ਦੀਆਂ ਸਬਸਿਡੀਆਂ ਅਤੇ ਟੈਕਸ ਛੋਟਾਂ ਦੇ ਦਿੱਤੀਆਂ ਹਨ, ਪਰ ਕਿਸਾਨਾਂ ਅਤੇ ਮਜ਼ਦੂਰਾਂ ਦਾ ਕਰਜ਼ਾ ਰੱਦ ਕਰਨ ਤੋਂ ਕੋਰਾ ਜਵਾਬ ਦੇ ਦਿੱਤਾ ਹੈ। ਦਿੱਲੀ ਦੇ ਇਤਿਹਾਸਿਕ ਘੋਲ ਦੌਰਾਨ ਮੰਨੀਆਂ ਹੋਈਆਂ ਮੰਗਾਂ ਜਿਵੇਂ ਸਾਰੀਆਂ ਫਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਉਣਾ, ਸਾਰੀਆਂ ਫਸਲਾਂ ਦਾ ਭਾਅ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਸੀ-2 +50 ਫੀਸਦੀ ਦੇ ਹਿਸਾਬ ਨਾਲ ਦੇਣਾ, ਕਿਸਾਨਾਂ ’ਤੇ ਬਣਾਏ ਹੋਏ ਕੇਸ ਰੱਦ ਕਰਨੇ, ਪ੍ਰਦੂਸ਼ਣ ਵਾਲੇ ਕਾਨੂੰਨ ਵਿੱਚੋਂ ਖੇਤੀ ਸੈਕਟਰ ਨੂੰ ਬਾਹਰ ਕਰਨਾ, ਬਿਜਲੀ ਸੋਧ ਬਿੱਲ-2020 ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਪਾਰਲੀਮੈਂਟ ’ਚ ਪੇਸ਼ ਨਾ ਕਰਨਾ ਅਤੇ ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਬਰਖਾਸਤ ਕਰਕੇ ਕਤਲਾਂ ਦੇ ਕੇਸ ’ਚ ਸਜ਼ਾ ਦਿਵਾਉਣੀ ਵਗੈਰਾ ਪੂਰੀਆਂ ਨਹੀਂ ਕੀਤੀਆਂ ਗਈਆਂ। ਕਿਸਾਨਾਂ ਨੂੰ 13 ਮਹੀਨੇ ਦਿੱਲੀ ਦੇ ਬਾਰਡਰਾਂ ’ਤੇ ਰੋਲਿਆ ਗਿਆ ਅਤੇ 732 ਕਿਸਾਨਾਂ ਨੂੰ ਆਪਣੀਆਂ ਸ਼ਹਾਦਤਾਂ ਦੇਣੀਆਂ ਪਈਆਂ। ਦਿੱਲੀ ਜਾਣ ਵਾਲੇ ਕਿਸਾਨਾਂ ਦੇ ਰਸਤੇ ’ਚ ਕਿੱਲ ਗੱਡੇ ਅਤੇ ਕੰਧਾਂ ਕੱਢੀਆਂ। 21 ਸਾਲ ਦੇ ਨੌਜਵਾਨ ਸ਼ੁਭਕਰਨ ਨੂੰ ਸਿੱਧੀ ਗੋਲੀ ਮਾਰ ਕੇ ਸ਼ਹੀਦ ਕੀਤਾ। ਇਸ ਤਰ੍ਹਾਂ ਭਾਰਤੀ ਜਨਤਾ ਪਾਰਟੀ ਦੇ ਹੱਥ ਸੈਂਕੜੇ ਕਿਸਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ।
ਬੁਲਾਰਿਆਂ ਨੇ ਕਿਹਾ ਕਿ ਕਿਸਾਨਾਂ ਦੀ ਕਾਤਲ ਪਾਰਟੀ ਦੇ ਮੁੱਖ ਨੁਮਾਇੰਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਦੀ ਧਰਤੀ ’ਤੇ ਸਵਾਗਤ ਨਹੀਂ ਹੋ ਸਕਦਾ। ਸੰਯੁਕਤ ਕਿਸਾਨ ਮੋਰਚੇ ਵੱਲੋਂ ਐਲਾਨ ਕੀਤਾ ਗਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦਾ ਕਾਲੇ ਝੰਡਿਆਂ ਨਾਲ, ਸ਼ਾਂਤਮਈ ਪਰ ਡਟਵਾਂ ਵਿਰੋਧ ਕਰਨ ਲਈ ਕਿਸਾਨਾਂ-ਮਜ਼ਦੂਰਾਂ ਦੇ ਕਾਫਲੇ ਰਵਾਨਾ ਹੋਣਗੇ। ਬੁਲਾਰਿਆਂ ਨੇ ਭਾਜਪਾ ਦੇ ਉਮੀਦਵਾਰਾਂ ਹੰਸ ਰਾਜ ਹੰਸ ਅਤੇ ਰਵਨੀਤ ਬਿੱਟੂ ਵੱਲੋਂ ਕਿਸਾਨਾਂ ਖਿਲਾਫ ਹਿੰਸਕ ਅਤੇ ਉਕਸਾਊ ਭਾਸ਼ਾ ਵਰਤਣ ਦਾ ਸਖਤ ਵਿਰੋਧ ਕੀਤਾ ਅਤੇ ਚੋਣ ਕਮਿਸ਼ਨ ਤੋਂ ਇਨ੍ਹਾਂ ਦੀ ਭਾਸ਼ਾ ਦਾ ਨੋਟਿਸ ਲੈਂਦਿਆਂ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ। ਬੁਲਾਰਿਆਂ ਨੇ ਕਿਹਾ ਕਿ ਭਾਜਪਾ ਵੱਲੋਂ ਲੋਕਾਂ ਦੀ ਲੰਮੇ ਸੰਘਰਸ਼ਾਂ ਦੌਰਾਨ ਉੱਸਰੀ ਭਾਈਚਾਰਕ ਸਾਂਝ ਨੂੰ ਤੋੜਨ ਦੇ ਮਨਸੂਬੇ ਪੰਜਾਬ ’ਚ ਸਫਲ ਨਹੀਂ ਹੋਣ ਦਿੱਤੇ ਜਾਣਗੇ।
ਇਕੱਠ ਵੱਲੋਂ ਪਾਸ ਕੀਤੇ ਗਏ ਮਤਿਆਂ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ-ਡਕੌਂਦਾ ਦੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੂੰ ਪੁਰਾਣੇ ਕੇਸਾਂ ’ਚ ਗਿ੍ਰਫਤਾਰ ਕਰਕੇ ਜੇਲ੍ਹ ਭੇਜਣ ਦੀ ਸਖਤ ਨਿਖੇਧੀ ਕਰਦੇ ਹੋਏ ਉਸ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਗਈ ਅਤੇ ਕਿਹਾ ਗਿਆ ਕਿ ਕਿਸਾਨਾਂ ਨੂੰ ਗਿ੍ਰਫਤਾਰ ਕਰਕੇ ਸਰਕਾਰ ਭਾਜਪਾ ਦੇ ਵਿਰੋਧ ਨੂੰ ਠੱਲ੍ਹ ਨਹੀਂ ਪਾ ਸਕੇਗੀ। ਸਵਾਲ ਕਰਨਾ ਕਿਸਾਨਾਂ ਦਾ ਜਮਹੂਰੀ ਹੱਕ ਹੈ। ਕਿਸਾਨਾਂ ਨੂੰ ਗਿ੍ਰਫਤਾਰ ਕਰਕੇ ਅਤੇ ਜੇਲ੍ਹਾਂ ’ਚ ਬੰਦ ਕਰਕੇ ਸਵਾਲ ਕਰਨ ਦਾ ਜਮਹੂਰੀ ਹੱਕ ਵੀ ਖੋਹਿਆ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ ਇਸ ਦੀ ਕਦਾਚਿਤ ਵੀ ਇਜਾਜ਼ਤ ਨਹੀਂ ਦੇਵੇਗਾ। ਬੁਲਾਰਿਆਂ ਨੇ ਸਾਰੇ ਦੇਸ਼ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਭਾਜਪਾ ਦੀਆਂ ਲੋਕ-ਵਿਰੋਧੀ, ਫੈਡਰਲਿਜ਼ਮ ਵਿਰੋਧੀ ਅਤੇ ਜਮਹੂਰੀਅਤ ਵਿਰੋਧੀ ਕਾਰਵਾਈਆਂ ਦਾ ਪਰਦਾ ਫਾਸ਼ ਕਰਦੇ ਹੋਏ ਭਾਜਪਾ ਨੂੰ ਸਜ਼ਾ ਦੇਣ ਲਈ ਚੋਣਾਂ ’ਚ ਹਾਰ ਦੇਣ।
ਇਕੱਠ ਨੂੰ ਹੋਰਨਾਂ ਤੋਂ ਇਲਾਵਾ ਬਲਬੀਰ ਸਿੰਘ ਰਾਜੇਵਾਲ, ਬਲਦੇਵ ਸਿੰਘ ਨਿਹਾਲਗੜ੍ਹ, ਮਨਜੀਤ ਸਿੰਘ ਧਨੇਰ, ਡਾ. ਦਰਸ਼ਨ ਪਾਲ, ਹਰਿੰਦਰ ਸਿੰਘ ਲੱਖੋਵਾਲ, ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਰੁਲਦੂ ਸਿੰਘ ਮਾਨਸਾ, ਬੂਟਾ ਸਿੰਘ ਬੁਰਜਗਿੱਲ, ਹਰਮੀਤ ਸਿੰਘ ਕਾਦੀਆਂ, ਡਾ. ਸਤਨਾਮ ਸਿੰਘ ਅਜਨਾਲਾ, ਬਿੰਦਰ ਸਿੰਘ ਗੋਲੇਵਾਲਾ, ਸੁੱਖ ਗਿੱਲ ਮੋਗਾ, ਪਿ੍ਰਤਪਾਲ ਸਿੰਘ ਗੁਰਾਇਆ, ਸੁਖਦੇਵ ਸਿੰਘ ਅਰਾਈਆਂਵਾਲਾ, ਫੁਰਮਾਨ ਸਿੰਘ ਸੰਧੂ, ਕੁਲਦੀਪ ਸਿੰਘ ਬਜੀਦਪੁਰ, ਮਲੂਕ ਸਿੰਘ ਹੀਰ ਕੇ, ਵੀਰ ਸਿੰਘ ਬੜਵਾ, ਬੋਘ ਸਿੰਘ ਮਾਨਸਾ, ਬੂਟਾ ਸਿੰਘ ਸ਼ਾਦੀਪੁਰ, ਹਰਦੇਵ ਸਿੰਘ ਸੰਧੂ, ਰੂਪ ਬਸੰਤ ਸਿੰਘ, ਗੁਰਦੇਵ ਸਿੰਘ ਵਰਪਾਲ, ਹਰਜਿੰਦਰ ਸਿੰਘ ਟਾਂਡਾ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਰਾਜਵਿੰਦਰ ਕੌਰ ਰਾਜੂ, ਬਲਵਿੰਦਰ ਸਿੰਘ ਰਾਜੂ ਔਲਖ, ਕਿਰਨਜੀਤ ਸਿੰਘ ਸੇਖੋਂ, ਨਿਰਵੈਰ ਸਿੰਘ ਡਾਲੇਕੇ, ਪ੍ਰੇਮ ਸਿੰਘ ਭੰਗੂ ਅਤੇ ਟਰੇਡ ਯੂਨੀਅਨ ਆਗੂ ਆਗੂਆਂ ਨੇ ਵੀ ਸੰਬੋਧਨ ਕੀਤਾ।

ਵਿੱਚ ਜਗਰਾਵਾਂ ਦੇ ਹੋਇਆ ਇਕੱਠ ਭਾਰੀ
ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ’ਤੇ ਖੂਬ ਤਿਆਰੀ ਅਤੇ ਪ੍ਰਚਾਰ ਮੁਹਿੰਮ ਤੋਂ ਬਾਅਦ ਕੀਤੀ ਗਈ ਮਹਾਂ ਰੈਲੀ ਸੱਚਮੁੱਚ ਹੀ ਮਹਾਂ ਰੈਲੀ ਹੋ ਨਿੱਬੜੀ। ਇਸ ’ਚ ਅੱਗ ਵਾਂਗ ਤਪਦੀ ਗਰਮੀ ਦੇ ਬਾਵਜੂਦ ਕਿਸਾਨਾਂ-ਮਜ਼ਦੂਰਾਂ ਅਤੇ ਬੀਬੀਆਂ ਦਾ ਰਿਕਾਰਡ ਤੋੜ ਇਕੱਠ ਹੋਇਆ। ਅਨਾਜ ਮੰਡੀ ਅਤੇ ਸ਼ਹਿਰ ਵੱਲ ਆਉਂਦੀਆਂ ਸਾਰੀਆਂ ਸੜਕਾਂ ਨਾਅਰੇ ਮਾਰਦੇ ਅਤੇ ਕਿਸਾਨੀ ਝੰਡੇ ਲੈ ਕੇ ਬੱਸਾਂ ਅਤੇ ਗੱਡੀਆਂ ’ਤੇ ਸਵਾਰ ਹਜੂਮ ਨਾਲ ਭਰ ਗਈਆਂ। ਲੋਕਾਂ ਦੇ ਕਾਫਲਿਆਂ ਨਾਲ ਰਾਏਕੋਟ-ਜਗਰਾਓਂ ਰੋਡ ’ਤੇ ਲਗਭਗ 12 ਕਿਲੋਮੀਟਰ ਲੰਮਾ ਜਾਮ ਦੁਪਹਿਰ ਤੱਕ ਲੱਗਿਆ ਰਿਹਾ। ਭਾਵੇਂ ਲੋਕਾਂ ਦੇ ਬੈਠਣ ਲਈ ਪੰਡਾਲ ’ਚ ਟੈਂਟ, ਹਵਾ ਅਤੇ ਦਰੀਆਂ ਤੋਂ ਇਲਾਵਾ ਪਾਣੀ, ਚਾਹ ਅਤੇ ਲੰਗਰ ਵਗੈਰਾ ਦਾ ਕਾਫੀ ਇੰਤਜ਼ਾਮ ਕੀਤਾ ਗਿਆ ਸੀ, ਪਰ ਲੋਕਾਂ ਦੇ ਇਕੱਠ ਅੱਗੇ ਸਾਰੇ ਇੰਤਜ਼ਾਮ ਊਣੇ ਰਹਿ ਗਏ ਜਾਪੇ। ਲੰਗਰ ਵਾਸਤੇ ਰਾਖਵਾਂ ਰੱਖਿਆ ਸ਼ੈੱਡ ਵੀ ਲੋਕਾਂ ਨਾਲ ਭਰ ਗਿਆ। ਸਟੇਜ ਦੀ ਕਾਰਵਾਈ ਚਲਾਉਣ ਲਈ 12 ਮੈਂਬਰੀ ਸੰਚਾਲਨ ਕਮੇਟੀ ਬਣੀ ਹੋਈ ਸੀ, ਜਿਸ ਨੇ ਸਟੇਜ ਨੂੰ ਬੜੀ ਸੁਘੜਤਾ ਨਾਲ ਚਲਾਇਆ। ਸਟੇਜ ਤੇ ਸੁਸ਼ੋਭਿਤ ਪ੍ਰਧਾਨਗੀ ਮੰਡਲ ਤੋਂ ਇਲਾਵਾ ਹੋਰ ਆਗੂਆਂ ਅਤੇ ਪੱਤਰਕਾਰਾਂ ਦੇ ਬੈਠਣ ਲਈ ਸਟੇਜ ਦੇ ਆਸੇ-ਪਾਸੇ ਪ੍ਰਬੰਧ ਕੀਤੇ ਗਏ ਸਨ। ਪ੍ਰੋਗਰਾਮ ਦੀ ਸ਼ੁਰੂਆਤ ਕਿਸਾਨ ਸੰਘਰਸ਼ ਦੇ ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕਰਨ ਨਾਲ ਹੋਈ। ਰੈਲੀ ਵਿੱਚ ਕਿਸਾਨਾਂ ਤੋਂ ਇਲਾਵਾ ਭਰਾਤਰੀ ਮਜ਼ਦੂਰ ਜਥੇਬੰਦੀਆਂ ਅਤੇ ਬੀਬੀਆਂ ਨੇ ਵੀ ਭਰਵੀਂ ਸ਼ਮੂਲੀਅਤ ਕੀਤੀ।

Related Articles

LEAVE A REPLY

Please enter your comment!
Please enter your name here

Latest Articles