ਲੁਧਿਆਣਾ (ਐੱਮ ਐੱਸ ਭਾਟੀਆ)
ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਲੁਧਿਆਣਾ ਵੱਲੋਂ ‘ਇੰਡੀਆ’ ਗਠਜੋੜ ਨੂੰ ਜਿਤਾਉਣ ਲਈ ਜ਼ਿਲ੍ਹਾ ਪੱਧਰੀ ਕਾਡਰ ਮੀਟਿੰਗ ਕੀਤੀ ਗਈ। ਇਸ ਵਿੱਚ ਜ਼ਿਲ੍ਹੇ ਦੇ ਸਾਰੇ ਬਲਾਕਾਂ ’ਚੋਂ ਪਾਰਟੀ ਆਗੂ ਸ਼ਾਮਲ ਹੋਏ। ਜ਼ਿਲ੍ਹਾ ਸਕੱਤਰ ਡੀ ਪੀ ਮੌੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਸਭ ਤੋਂ ਵੱਡਾ ਖਤਰਾ ਦੇਸ਼ ਨੂੰ ਫਾਸ਼ੀਵਾਦੀ ਸ਼ਕਤੀਆਂ ਤੋਂ ਹੈ। ਇਸ ਲਈ ਸਾਰਿਆਂ ਨੇ ਮਿਲ-ਜੁਲ ਕੇ ‘ਇੰਡੀਆ’ ਦਾ ਗਠਨ ਕੀਤਾ ਹੈ। ਇਸ ਦਾ ਮੁੱਖ ਨਿਸ਼ਾਨਾ ਆਰ ਐੱਸ ਐੱਸ ਦੀ ਥਾਪੜੀ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੂੰ ਗੱਦੀ ਤੋਂ ਲਾਹ ਕੇ ਸੁੱਟਣਾ ਹੈ, ਕਿਉਕਿ ਇਸ ਸਰਕਾਰ ਨੇ ਸਮਾਜਿਕ ਤਾਣੇ-ਬਾਣੇ ਨੂੰ ਪੂਰੀ ਤਰ੍ਹਾਂ ਤੋੜਨ ’ਤੇ ਜ਼ੋਰ ਲਾ ਦਿੱਤਾ ਹੈ। ਸਮਾਜ ਵਿੱਚ ਅਰਾਜਕਤਾ ਫੈਲਾਉਣ ਦੀ ਕੋਸ਼ਿਸ਼ ਕੀਤੀ ਹੈ ਅਤੇ ਫਿਰਕਿਆਂ ਦਰਮਿਆਨ ਫਸਾਦ ਕਰਾ ਕੇ ਸਮਾਜ ਵਿੱਚ ਵੰਡੀਆਂ ਪਾਉਣ ਲਈ ਪੂਰੀ ਅੱਡੀ-ਚੋਟੀ ਦਾ ਜ਼ੋਰ ਲਾਇਆ ਹੈ। ਸਾਰੀਆਂ ਸੰਵਿਧਾਨਿਕ ਸੰਸਥਾਵਾਂ ਦੀਆਂ ਸ਼ਕਤੀਆਂ ਕਮਜ਼ੋਰ ਕਰ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਚੋਣ ਕਮਿਸ਼ਨ ਤੇ ਇੱਥੋਂ ਤੱਕ ਨਿਆਂ ਪਾਲਿਕਾ ’ਤੇ ਵੀ ਪ੍ਰਭਾਵ ਪਿਆ ਹੈ। ਆਰਥਕ ਖੇਤਰ ਵਿੱਚ ਦੇਸ਼ ਦੀ ਸਮੁੱਚੀ ਸੰਪਤੀ ਚੰਦ ਕਾਰਪੋਰੇਟ ਘਰਾਣਿਆਂ ਨੂੰ ਸੌਂਪ ਕੇ ਆਮ ਲੋਕਾਂ ਦੀ ਆਰਥਿਕ ਸਥਿਤੀ ਦਾ ਪੂਰੀ ਤਰ੍ਹਾਂ ਘਾਣ ਕੀਤਾ ਹੈ। ਬੇਰੁਜ਼ਗਾਰੀ ਤੇ ਮਹਿੰਗਾਈ ਨੇ ਹਾਹਾਕਾਰ ਮਚਾਈ ਹੋਈ ਹੈ। ਸਿਹਤ ਤੇ ਸਿੱਖਿਆ ਸੇਵਾਵਾਂ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਗਈਆਂ ਹਨ। ਇਸ ਲਈ ਪਾਰਟੀ ਨੇ ਫੈਸਲਾ ਕੀਤਾ ਹੈ ਕਿ ਲੁਧਿਆਣਾ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹਲਕਾ ਫਤਿਹਗੜ੍ਹ ਸਾਹਿਬ ਤੋਂ ਡਾਕਟਰ ਅਮਰ ਸਿੰਘ, ਜੋ ਕਿ ਕਾਂਗਰਸ ਦੇ ਉਮੀਦਵਾਰ ਹਨ, ਦੋਵਾਂ ਨੂੰ ਸਮਰਥਨ ਦਿੱਤਾ ਜਾਏਗਾ।
ਸ਼ਹਿਰੀ ਸਕੱਤਰ ਐੱਮ ਅੱੈਸਭਾਟੀਆ ਨੇ ਕਿਹਾ ਕਿ ਲੋਕਾਂ ਦੀਆਂ ਹੱਕੀ ਮੰਗਾਂ ਲਈ ਕਮਿਊਨਿਸਟ ਪਾਰਟੀ ਲਗਾਤਾਰ ਸੰਘਰਸ਼ ਕਰਦੀ ਰਹੀ ਹੈ ਤੇ ਹੁਣ ਵੀ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਲਈ ਅਤੇ ਸਕੀਮ ਵਰਕਰਾਂ ਨੂੰ ਪੱਕੇ ਕਰਾਉਣ ਲਈ, ਠੇਕੇਦਾਰੀ ਪ੍ਰਥਾ ਨੂੰ ਸਮਾਪਤ ਕਰਾਉਣ ਲਈ, ਛੋਟੇ ਤੇ ਮੱਧਮ ਉਦਮੀਆਂ ਦੀਆਂ ਲੋੜਾਂ ਪ੍ਰਤੀ ਸੰਵੇਦਨਸ਼ੀਲ ਹੋ ਕੇ ਨੀਤੀਆਂ ਘੜਨ ਲਈ ਪਾਰਟੀ ਇਹਨਾਂ ਚੋਣਾਂ ਵਿੱਚ ਪ੍ਰਚਾਰ ਕਰੇਗੀ।
ਹੋਰਨਾ ਤੋਂ ਇਲਾਵਾ ਰਮੇਸ਼ ਰਤਨ, ਵਿਜੇ ਕੁਮਾਰ, ਭਗਵਾਨ ਸਿੰਘ ਸੋਮਲਖੇੜੀ, ਡਾਕਟਰ ਗੁਲਜ਼ਾਰ ਸਿੰਘ ਪੰਧੇਰ, ਡਾਕਟਰ ਰਜਿੰਦਰ ਪਾਲ ਸਿੰਘ ਔਲਖ, ਐਡਵੋਕੇਟ ਨਵਲ ਛਿੱਬਰ, ਸੈਨੇਟ ਮੈਂਬਰ ਨਰੇਸ਼ ਗੌੜ, ਸੁਰਿੰਦਰ ਕੈਲੇ, ਮਾਸਟਰ ਜਗਮੇਲ ਸਿੰਘ ਪੱਖੋਵਾਲ, ਕੇਵਲ ਸਿੰਘ ਬਨਵੈਤ, ਪਰਵੀਨ ਕੁਮਾਰ ਅਤੇ ਅਜੀਤ ਜਵੱਦੀ ਨੇ ਸੰਬੋਧਨ ਕੀਤਾ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਦੇ ਸਮਰਥਨ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਅੱਗੇ ਤੋਂ ਵੀ ਫਾਸ਼ੀਵਾਦੀ ਤਾਕਤਾਂ ਖਿਲਾਫ ਦੋਨੋਂ ਪਾਰਟੀਆਂ ਰਲ ਕੇ ਚੱਲਣਗੀਆਂ। ਪਾਰਟੀ ਦੇ ਜ਼ਿਲ੍ਹਾ ਸਹਾਇਕ ਸਕੱਤਰ ਚਮਕੌਰ ਸਿੰਘ ਨੇ ਜਿੱਥੇ ਆਏ ਹੋਏ ਸਾਰੇ ਪਾਰਟੀ ਮੈਂਬਰਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ, ਉਥੇ ਰਾਜਾ ਵੜਿੰਗ ਅਤੇ ਉਹਨਾ ਨਾਲ ਆਏ ਕਾਂਗਰਸ ਪਾਰਟੀ ਦੇ ਆਗੂ ਮਲਕੀਤ ਸਿੰਘ ਦਾਖਾ ਸਾਬਕਾ ਮੰਤਰੀ, ਕੰਵਰ ਹਰਪ੍ਰੀਤ ਸਿੰਘ, ਅਸ਼ਵਨੀ ਸ਼ਰਮਾ ਸਾਬਕਾ ਸ਼ਹਿਰੀ ਕਾਂਗਰਸ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦਾ ਵੀ ਧੰਨਵਾਦ ਕੀਤਾ।