24 C
Jalandhar
Thursday, September 19, 2024
spot_img

ਅੱਜ ਲੋਕਾਂ ਦੇ ਮਨ ਕੀ ਬਾਤ

ਨਵੀਂ ਦਿੱਲੀ : ਨਰਿੰਦਰ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣਨਗੇ ਜਾਂ ਅਪੋਜ਼ੀਸ਼ਨ ਪਾਰਟੀਆਂ ਦਾ ‘ਇੰਡੀਆ’ ਗੱਠਜੋੜ ਸੱਤਾ ਵਿਚ ਆਵੇਗਾ, ਇਸ ਦਾ ਪਤਾ ਲੋਕ ਸਭਾ ਲਈ ਪਈਆਂ ਵੋਟਾਂ ਦੀ ਮੰਗਲਵਾਰ ਹੋਣ ਵਾਲੀ ਗਿਣਤੀ ਨਾਲ ਲੱਗ ਜਾਵੇਗਾ। ਦੁਪਹਿਰ ਤਕ ਰੁਝਾਨ ਮਿਲ ਜਾਣਗੇ ਕਿ ਸਰਕਾਰ ਕਿਸਦੀ ਬਣ ਰਹੀ ਹੈ। ਹਾਲਾਂਕਿ ਬਹੁਤੇ ਐਗਜ਼ਿਟ ਪੋਲਾਂ ਨੇ ਮੋਦੀ ਦੀ ਹੈਟਿ੍ਰਕ ਦੀ ਭਵਿੱਖਬਾਣੀ ਕੀਤੀ ਹੈ ਪਰ ਦੇਸ਼ ਨੇ ਐਗਜ਼ਿਟ ਪੋਲ ਗਲਤ ਸਾਬਤ ਹੁੰਦੇ ਵੀ ਦੇਖੇ ਹਨ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਸੋਮਵਾਰ ਦੱਸਿਆ ਕਿ ਲੋਕ ਸਭਾ ਚੋਣਾਂ ’ਚ ਪਈਆਂ ਵੋਟਾਂ ਦੀ ਗਿਣਤੀ ਦੀ ਸ਼ੁਰੂਆਤ ਡਾਕ ਦੀਆਂ ਵੋਟਾਂ ਦੀ ਗਿਣਤੀ ਨਾਲ ਹੋਵੇਗੀ। ਉਨ੍ਹਾ ਪ੍ਰੈੱਸ ਕਾਨਫਰੰਸ ਵਿਚ ਕਿਹਾ ਕਿ ਅੱਧਾ ਘੰਟਾ ਡਾਕ ਦੀਆਂ ਵੋਟਾਂ ਗਿਣਨ ਤੋਂ ਬਾਅਦ ਈ ਵੀ ਐੱਮ ਮਸ਼ੀਨਾਂ ਖੋਲ੍ਹੀਆਂ ਜਾਣਗੀਆਂ। ਆਪੋਜ਼ੀਸ਼ਨ ਪਾਰਟੀਆਂ ਨੇ ਮੰਗ ਕੀਤੀ ਸੀ ਕਿ ਪਹਿਲਾਂ ਡਾਕ ਦੀਆਂ ਵੋਟਾਂ ਗਿਣੀਆਂ ਜਾਣ।
ਮੁੱਖ ਚੋਣ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਜਲਦ ਸ਼ੁਰੂ ਹੋ ਜਾਣਗੀਆਂ। ਉਨ੍ਹਾ ਕਿਹਾ ਕਿ ਚੋਣ ਕਮਿਸ਼ਨ ਬਹੁਤ ਜਲਦੀ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ’ਚ ਚੋਣ ਪ੍ਰਕਿਰਿਆ ਸ਼ੁਰੂ ਕਰੇਗਾ।
ਰਾਜੀਵ ਕੁਮਾਰ ਨੇ ਦੱਸਿਆ ਕਿ ਭਾਰਤ ਨੇ ਇਸ ਸਾਲ ਲੋਕ ਸਭਾ ਚੋਣਾਂ ਵਿਚ 31.2 ਕਰੋੜ ਔਰਤਾਂ ਸਮੇਤ 64.2 ਕਰੋੜ ਵੋਟਰਾਂ ਦੀ ਹਿੱਸੇਦਾਰੀ ਨਾਲ ਵਿਸ਼ਵ ਰਿਕਾਰਡ ਬਣਾਇਆ ਹੈ। ਉਨ੍ਹਾ ਕਿਹਾ ਕਿ 68,000 ਤੋਂ ਵੱਧ ਨਿਗਰਾਨ ਟੀਮਾਂ ਅਤੇ 1.5 ਕਰੋੜ ਪੋਲਿੰਗ ਅਤੇ ਸੁਰੱਖਿਆ ਕਰਮਚਾਰੀ ਦੁਨੀਆ ਦੇ ਸਭ ਤੋਂ ਵੱਡੇ ਚੋਣ ਅਭਿਆਸ ’ਚ ਸ਼ਾਮਲ ਸਨ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ 4 ਜੂਨ ਨੂੰ ਸਵੇਰੇ 8:00 ਵਜੇ ਸ਼ੁਰੂ ਹੋਵੇਗੀ ਅਤੇ ਵੱਖ-ਵੱਖ ਰਾਜਾਂ ਦੇ ਆਲ ਇੰਡੀਆ ਸਰਵਿਸਿਜ਼ ਤੇ ਸਿਵਲ ਸਰਵਿਸਿਜ਼ ਕਾਡਰ ਦੇ ਕੁੱਲ 64 ਕਾਊਂਟਿੰਗ ਅਬਜ਼ਰਵਰਾਂ ਵੱਲੋਂ ਵੋਟਾਂ ਦੀ ਗਿਣਤੀ ਦੀ ਨਿਗਰਾਨੀ ਕੀਤੀ ਜਾਵੇਗੀ। ਇਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਨਿਰਪੱਖ, ਕੁਸ਼ਲ ਅਤੇ ਪਾਰਦਰਸ਼ੀ ਢੰਗ ਨਾਲ ਵੋਟਾਂ ਦੀ ਗਿਣਤੀ ਨੂੰ ਯਕੀਨੀ ਬਣਾਇਆ ਜਾਵੇ।
ਗਿਣਤੀ ਕੇਂਦਰਾਂ ਬਾਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿੱਚ 27 ਵੱਖ-ਵੱਖ ਥਾਵਾਂ ’ਤੇ 48 ਇਮਾਰਤਾਂ ਵਿੱਚ ਕੁੱਲ 117 ਗਿਣਤੀ ਕੇਂਦਰ ਸਥਾਪਤ ਕੀਤੇ ਗਏ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਥਾਵਾਂ ਜ਼ਿਲ੍ਹਾ ਹੈੱਡਕੁਆਰਟਰ ਉੱਤੇ ਸਥਿਤ ਹਨ, ਜਦਕਿ 7 ਥਾਵਾਂ ਜ਼ਿਲ੍ਹਾ ਹੈੱਡਕੁਆਰਟਰ ਤੋਂ ਬਾਹਰ ਅਰਥਾਤ ਅਜਨਾਲਾ, ਬਾਬਾ ਬਕਾਲਾ, ਅਬੋਹਰ, ਮਲੋਟ, ਧੂਰੀ, ਛੋਕਰਾ ਰਾਹੋਂ-ਨਵਾਂ ਸ਼ਹਿਰ ਅਤੇ ਖੂਨੀ ਮਾਜਰਾ (ਖਰੜ) ਵਿੱਚ ਸਥਿਤ ਹਨ। ਉਨ੍ਹਾ ਦੱਸਿਆ ਕਿ ਜ਼ਿਲ੍ਹਾ ਹੈੱਡਕੁਆਰਟਰ ਸੰਗਰੂਰ ਅਤੇ ਨਵਾਂ ਸ਼ਹਿਰ ਵਿਖੇ ਗਿਣਤੀ ਨਹੀਂ ਕਰਵਾਈ ਜਾਵੇਗੀ।ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਨ੍ਹਾਂ ਗਿਣਤੀ ਕੇਂਦਰਾਂ ਵਿਖੇ ਸਟਰਾਂਗ ਰੂਮ ਵਿੱਚ ਰੱਖੀਆਂ ਗਈਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ ਵੀ ਐੱਮਜ਼) ਦੀ ਸੁਰੱਖਿਆ ਨੂੰ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ। ਇਨ੍ਹਾਂ ਸਟਰਾਂਗ ? ਰੂਮਾਂ ਵਿਖੇ ਦੋਹਰੇ ਲਾਕ ਸਿਸਟਮ ਅਤੇ ਸੀ ਸੀ ਟੀ ਵੀ ਨਿਗਰਾਨੀ ਜ਼ਰੀਏ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾ ਦੱਸਿਆ ਕਿ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਅਤੇ ਅਧਿਕਾਰਤ ਕਰਮਚਾਰੀ ਹਰੇਕ ਸਟਰਾਂਗ ਰੂਮ ਦੇ ਬਾਹਰ ਲਗਾਈਆਂ ਗਈਆਂ ਐੱਲ ਈ ਡੀ ਸਕਰੀਨਾਂ, ਜਿਨ੍ਹਾਂ ਵਿੱਚ ਸਟਰਾਂਗ ਰੂਮ ਦੇ ਆਲੇ-ਦੁਆਲੇ ਦੀ ਲਾਈਵ ਫੁਟੇਜ਼ ਦੇਖੀ ਜਾ ਸਕਦੀ ਹੈ, ਰਾਹੀਂ ਸੁਰੱਖਿਆ ਦੀ ਨਿਗਰਾਨੀ ਕਰ ਸਕਦੇ ਹਨ। ਇਸ ਤੋਂ ਇਲਾਵਾ ਇਥੇ ਆਉਣ ਵਾਲੇ ਹਰੇਕ ਵਿਅਕਤੀ ਦਾ ਰਿਕਾਰਡ ਰੱਖਣ ਲਈ ਆਨ-ਡਿਊਟੀ ਕਰਮਚਾਰੀਆਂ ਵੱਲੋਂ ਇੱਕ ਵਿਜ਼ਟਰ ਰਜਿਸਟਰ ਲਗਾਇਆ ਗਿਆ ਹੈ। ਇਸ ਦੇ ਨਾਲ ਹੀ ਸਾਰੇ ਪ੍ਰੋਟੋਕੋਲਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਰੋਜ਼ਾਨਾ ਆਧਾਰ ’ਤੇ ਅਧਿਕਾਰੀਆਂ ਵੱਲੋਂ ਸਥਿਤੀ ਦਾ ਨਿਰੀਖਣ ਕੀਤਾ ਜਾ ਰਿਹਾ ਹੈ। ਉਹਨਾ ਦੱਸਿਆ ਕਿ ਇਨ੍ਹਾਂ ਕੇਂਦਰਾਂ ਦੇ ਆਲੇ-ਦੁਆਲੇ ਤਿੰਨ-ਪਰਤੀ ਸੁਰੱਖਿਆ ਪ੍ਰਣਾਲੀ ਕਾਇਮ ਕੀਤੀ ਗਈ ਹੈ। ਗਿਣਤੀ ਕੇਂਦਰਾਂ ਤੱਕ ਪਹੁੰਚ ’ਤੇ ਸਖ਼ਤ ਪਾਬੰਦੀ ਨਾਲ ਢੁਕਵੇਂ ਸੁਰੱਖਿਆ ਇੰਤਜ਼ਾਮ ਕੀਤੇ ਗਏ ਹਨ ਅਤੇ ਸਿਰਫ਼ ਮਾਨਤਾ ਪ੍ਰਾਪਤ ਜਾਂ ਅਧਿਕਾਰਤ ਵਿਅਕਤੀਆਂ ਨੂੰ ਹੀ ਅੰਦਰ ਦਾਖ਼ਲ ਹੋਣ ਦੀ ਆਗਿਆ ਹੈ। ਗਿਣਤੀ ਕੇਂਦਰਾਂ ਦੀ ਵਿਆਪਕ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਸੀ ਸੀ ਟੀ ਵੀ ਕੈਮਰੇ ਲਗਾਏ ਗਏ ਹਨ।

Related Articles

LEAVE A REPLY

Please enter your comment!
Please enter your name here

Latest Articles