ਮੁਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਬੁੱਧਵਾਰ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਅਕਾਲੀ ਦਲ ਦੇ ਪ੍ਰਧਾਨ ਅਤੇ ਹੋਰ ਸੀਨੀਅਰ ਆਗੂਆਂ ਵੱਲੋਂ ਮੀਟਿੰਗ ਸੱਦ ਕੇ ਪਾਰਲੀਮੈਂਟ ਚੋਣ ਨਤੀਜਿਆਂ ਦੀ ਘੋਖ ਕੀਤੀ ਜਾਵੇਗੀ ਅਤੇ ਅਗਲੇਰੀ ਰਣਨੀਤੀ ਤੇ ਪਾਰਟੀ ਦੀ ਮਜ਼ਬੂਤੀ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪਾਰਟੀ ਚੋਣਾਂ ਆਪਣੇ ਬਲਬੂਤੇ ਲੜਦਿਆਂ ਨੈਸ਼ਨਲ ਏਜੰਡਾ ਤੈਅ ਨਾ ਕਰ ਸਕੀ, ਜਿਸ ਦਾ ਚੋਣ ਨਤੀਜਿਆਂ ਉੱਪਰ ਵੱਡਾ ਅਸਰ ਦਿਖਾਈ ਦਿੱਤਾ। ਉਨ੍ਹਾ ਕਿਹਾ ਕਿ ਅਕਾਲੀ ਦਲ ਵੱਲੋਂ ਖੇਤਰੀ ਮੰਗਾਂ ਅਤੇ ਸੂਬੇ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਦੇ ਆਧਾਰ ’ਤੇ ਚੋਣ ਲੜੀ ਗਈ। ਖੇਤਰੀ ਪਾਰਟੀ ਹੋਣ ਕਾਰਨ ਅਕਾਲੀ ਦਲ ਦੀਆਂ ਨੀਤੀਆਂ ਹਮੇਸ਼ਾ ਹੀ ਪੰਜਾਬ ਪੱਖੀ ਰਹੀਆਂ, ਪਰ ਸੂਬੇ ਦੇ ਲੋਕਾਂ ਵੱਲੋਂ ਅਕਾਲੀ ਦਲ ਦੀਆਂ ਨੀਤੀਆਂ ਨੂੰ ਪ੍ਰਵਾਨ ਨਾ ਕਰਨਾ ਚਿੰਤਾ ਵਾਲੀ ਗੱਲ ਹੈ। ਭਵਿੱਖ ’ਚ ਇਨ੍ਹਾਂ ਕਮੀਆਂ ਨੂੰ ਦੂਰ ਕਰਕੇ ਅਕਾਲੀ ਦਲ ਪੰਜਾਬ ਦੀ ਬਿਹਤਰੀ ਲਈ ਕੰਮ ਕਰੇਗਾ ਅਤੇ ਮਜ਼ਬੂਤੀ ਨਾਲ ਉੱਭਰੇਗਾ।




