ਨਵੀਂ ਦਿੱਲੀ : ਰਾਹੁਲ ਗਾਂਧੀ ਨੇ ਵੀਰਵਾਰ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ੇਅਰ ਮਾਰਕਿਟ ਦੇ ਸਭ ਤੋਂ ਵੱਡੇ ਸਕੈਂਡਲ ਵਿਚ ਸਿੱਧੇ ਤੌਰ ’ਤੇ ਸ਼ਾਮਲ ਹਨ, ਜਿਸ ਕਾਰਨ ਪ੍ਰਚੂਨ ਨਿਵੇਸ਼ਕਾਂ ਦੀ 30 ਲੱਖ ਕਰੋੜ ਰੁਪਏ ਡੁੱਬ ਗਏ। ਇਸਦੀ ਸਾਂਝੀ ਸੰਸਦੀ ਕਮੇਟੀ ਤੋਂ ਜਾਂਚ ਕਰਾਈ ਜਾਣੀ ਚਾਹੀਦੀ ਹੈ।
ਰਾਹੁਲ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਫਰਜ਼ੀ ਐਗਜ਼ਿਟ ਪੋਲਾਂ ਨਾਲ ਸ਼ੇਅਰ ਮਾਰਕਿਟ ਇਕਦਮ ਚੜ੍ਹੀ ਤੇ ਚਾਰ ਜੂਨ ਨੂੰ ਨਤੀਜੇ ਨਿਕਲਣ ਦੌਰਾਨ ਮੂਧੇ ਮੂੰਹ ਡਿੱਗੀ। ਉਨ੍ਹਾ ਕਿਹਾ ਕਿ ਪਹਿਲੀ ਵਾਰ ਦੇਖਿਆ ਗਿਆ ਕਿ ਚੋਣਾਂ ਦੌਰਾਨ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਟਾਕ ਮਾਰਕਿਟ ਬਾਰੇ ਟਿੱਪਣੀਆਂ ਕੀਤੀਆਂ। ਰਾਹੁਲ ਨੇ ਪੁੱਛਿਆ ਕਿ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੇ ਲੋਕਾਂ ਨੂੰ ਨਿਵੇਸ਼ ਕਰਨ ਦੀ ਸਲਾਹ ਕਿਉ ਦਿੱਤੀ? ਉਨ੍ਹਾ ਦੋਸ਼ ਲਾਇਆ ਕਿ ਭਾਜਪਾ ਆਗੂਆਂ ਨੂੰ ਪਤਾ ਸੀ ਕਿ ਐਗਜ਼ਿਟ ਪੋਲ ਗਲਤ ਹਨ। ਐਗਜ਼ਿਟ ਪੋਲ ਕਰਨ ਵਾਲਿਆਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ।