ਚੰਡੀਗੜ੍ਹ/ਅੰਮਿ੍ਰਤਸਰ (ਗੁਰਜੀਤ ਬਿੱਲਾ)
ਪੰਜਾਬ ਪੁਲਸ ਨੇ 8 ਕਿਲੋ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਗਿ੍ਰਫ਼ਤਾਰ ਕਰਕੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾ ਫਾਸ਼ ਕੀਤਾ ਹੈ। ਇਹ ਜਾਣਕਾਰੀ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਸ ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗਿ੍ਰਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਗੁਰਸਾਹਿਬ ਸਿੰਘ ਵਾਸੀ ਪਿੰਡ ਝੰਜੋਟੀ, ਅੰਮਿ੍ਰਤਸਰ, ਸਾਜਨ ਸਿੰਘ ਵਾਸੀ ਪਿੰਡ ਭਕਨਾ ਕਲਾਂ, ਅੰਮਿ੍ਰਤਸਰ ਅਤੇ ਸਤਨਾਮ ਸਿੰਘ ਵਾਸੀ ਕੋਟ ਖਾਲਸਾ, ਅੰਮਿ੍ਰਤਸਰ ਵਜੋਂ ਹੋਈ ਹੈ। ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ .30 ਬੋਰ ਦੇ ਇੱਕ ਪਿਸਤੌਲ ਸਮੇਤ .30 ਬੋਰ ਦੇ 26 ਜ਼ਿੰਦਾ ਕਾਰਤੂਸ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਮਾਰੂਤੀ ਸਵਿਫ਼ਟ ਕਾਰ ਅਤੇ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ।
ਡੀ ਜੀ ਪੀ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਅੰਮਿ੍ਰਤਸਰ ਨੂੰ ਖੁਫੀਆ ਸੂਹ ਮਿਲੀ ਸੀ ਕਿ ਕੁਝ ਨਸ਼ਾ ਤਸਕਰਾਂ ਨੇ ਪਿੰਡ ਧਰਮਕੋਟ ਪੱਤਣ ਨੇੜੇ ਭਾਰਤ-ਪਾਕਿ ਸਰਹੱਦ ਤੋਂ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਦੀ ਵੱਡੀ ਖੇਪ ਪ੍ਰਾਪਤ ਕੀਤੀ ਹੈ ਅਤੇ ਇਹ ਖੇਪ ਅੱਗੇ ਨਸ਼ਾ ਸਪਲਾਇਰ ਸਤਨਾਮ ਸਿੰਘ ਨੂੰ ਅੰਮਿ੍ਰਤਸਰ ਵਿੱਚ ਖਾਲਸਾ ਕਾਲਜ ਦੇ ਸਾਹਮਣੇ ਕੋਟ ਖਾਲਸਾ ਨੇੜੇ ਪਹੁੰਚਾਉਣੀ ਹੈ।
ਉਨ੍ਹਾ ਦੱਸਿਆ ਕਿ ਇਸ ਸੂਹ ’ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਡੀ ਐੱਸ ਪੀ ਸੀ ਆਈ ਅੰਮਿ੍ਰਤਸਰ ਬਲਬੀਰ ਸਿੰਘ ਦੀ ਅਗਵਾਈ ਵਿੱਚ ਪੁਲਸ ਟੀਮਾਂ ਨੇ ਅੱਡਾ ਖੁਸਰੋ ਟਾਹਲੀ ਵਿਖੇ ਵਿਸ਼ੇਸ਼ ਨਾਕਾ ਲਗਾਇਆ ਅਤੇ ਗੁਰਸਾਹਿਬ ਤੇ ਸਾਜਨ ਨੂੰ 7.5 ਕਿਲੋ ਹੈਰੋਇਨ ਅਤੇ 16 ਜ਼ਿੰਦਾ ਕਾਰਤੂਸਾਂ ਸਮੇਤ ਉਸ ਸਮੇਂ ਕਾਬੂ ਕੀਤਾ, ਜਦੋਂ ਉਹ ਆਪਣੇ ਮੋਟਰਸਾਈਕਲ ’ਤੇ ਜਾ ਰਹੇ ਸਨ। ਪੁਲਸ ਟੀਮਾਂ ਨੇ ਜਾਲ ਵਿਛਾ ਕੇ ਥਾਣਾ ਕੋਟ ਖਾਲਸਾ ਦੇ ਇਲਾਕੇ ’ਚੋਂ ਨਸ਼ਾ ਸਪਲਾਇਰ ਸਤਨਾਮ ਸਿੰਘ ਨੂੰ ਗਿ੍ਰਫ਼ਤਾਰ ਕੀਤਾ ਅਤੇ ਉਸ ਦੇ ਕਬਜ਼ੇ ’ਚੋਂ 500 ਗ੍ਰਾਮ ਹੈਰੋਇਨ ਅਤੇ .30 ਬੋਰ ਦੇ ਪਿਸਤੌਲ ਸਮੇਤ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਅਤੇ ਉਸ ਦੀ ਸਵਿਫ਼ਟ ਕਾਰ ਨੂੰ ਜ਼ਬਤ ਕਰ ਲਿਆ।ਡੀ ਜੀ ਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਇਹ ਮੁਲਜ਼ਮ ਪਾਕਿਸਤਾਨ ਅਧਾਰਿਤ ਨਸ਼ਾ ਤਸਕਰ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਪਾਕਿਸਤਾਨ ਤੋਂ ਆਈ ਹੈਰੋਇਨ ਨੂੰ ਸੂਬੇ ਭਰ ਵਿੱਚ ਸਪਲਾਈ ਕਰ ਰਹੇ ਸਨ।ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਨੇ ਸਰਹੱਦ ਪਾਰ ਤੋਂ ਇਹ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕੀਤੀ ਸੀ।
ਪੂਰੇ ਨੈੱਟਵਰਕ ਦਾ ਪਰਦਾ ਫਾਸ਼ ਕਰਨ ਲਈ ਅਗਲੇ-ਪਿਛਲੇ ਸੰਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਇਸ ਸੰਬੰਧੀ ਐੱਫ ਆਈ ਆਰ ਥਾਣਾ ਸਟੇਟ ਸਪੈਸ਼ਲ ਅਪ੍ਰੇਸ਼ਨ ਸੈੱਲ ਅੰਮਿ੍ਰਤਸਰ ਵਿਖੇ ਐੱਨ ਡੀ ਪੀ ਐੱਸ ਐਕਟ ਦੀ ਧਾਰਾ 21, 25 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।



