ਜੰਮੂ : ਰਿਆਸੀ ’ਚ ਦਹਿਸ਼ਤਗਰਦਾਂ ਦੇ ਹਮਲੇ ਅਤੇ ਕਠੂਆ ’ਚ ਫੌਜ ਨਾਲ ਮੁਕਾਬਲੇ ਤੋਂ ਬਾਅਦ ਜੰਮੂ-ਕਸ਼ਮੀਰ ’ਚ ਪੈਦਾ ਸਥਿਤੀ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐੱਨ ਐੱਸ ਏ ਅਜੀਤ ਡੋਵਾਲ ਅਤੇ ਹੋਰ ਅਧਿਕਾਰੀਆਂ ਨਾਲ ਜਾਇਜ਼ਾ ਲਿਆ। ਪ੍ਰਧਾਨ ਮੰਤਰੀ ਨੂੰ ਜੰਮੂ-ਕਸ਼ਮੀਰ ਦੀ ਸੁਰੱਖਿਆ ਸਥਿਤੀ ਬਾਰੇ ਪੂਰੀ ਜਾਣਕਾਰੀ ਦਿੱਤੀ ਗਈ। ਉਨ੍ਹਾ ਨੂੰ ਅੱਤਵਾਦ ਵਿਰੋਧੀ ਯਤਨਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਪ੍ਰਧਾਨ ਮੰਤਰੀ ਨੇ ਅਧਿਕਾਰੀਆਂ ਨੂੰ ਅੱਤਵਾਦ ਵਿਰੋਧੀ ਸਮਰੱਥਾ ਦਾ ਪੂਰਾ ਇਸਤੇਮਾਲ ਕਰਨ ਲਈ ਕਿਹਾ।
ਪ੍ਰਧਾਨ ਮੰਤਰੀ ਨੇ ਇਸ ਮਾਮਲੇ ’ਚ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਕੀਤੀ ਅਤੇ ਸੁਰੱਖਿਆ ਬਲਾਂ ਦੀ ਤਾਇਨਾਤੀ ਤੇ ਅੱਤਵਾਦ ਵਿਰੋਧੀ ਮੁਹਿੰਮਾਂ ’ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਨਾਲ ਵੀ ਗੱਲ ਕੀਤੀ ਅਤੇ ਜੰਮੂ-ਕਸ਼ਮੀਰ ਦੇ ਹਾਲਾਤ ਦਾ ਜਾਇਜ਼ਾ ਲਿਆ। ਪ੍ਰਧਾਨ ਮੰਤਰੀ ਨੂੰ ਸਥਾਨਕ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।




