33.1 C
Jalandhar
Tuesday, October 22, 2024
spot_img

ਉਲੰਪਿਕ ’ਚ ਜਾਣ ਵਾਲੇ ਹਰੇਕ ਪੰਜਾਬੀ ਖਿਡਾਰੀ ਨੂੰ ਮਿਲਣਗੇ 15 ਲੱਖ ਰੁਪਏ : ਮੀਤ ਹੇਅਰ

ਚੰਡੀਗੜ੍ਹ, (ਗੁਰਜੀਤ ਬਿੱਲਾ)
ਅਗਲੇ ਮਹੀਨੇ ਪੈਰਿਸ ਵਿਖੇ ਹੋਣ ਵਾਲੀਆਂ ਉਲੰਪਿਕ ਖੇਡਾਂ ਵਿੱਚ ਪੰਜਾਬੀ ਖਿਡਾਰੀ ਵੱਡੀ ਗਿਣਤੀ ਵਿੱਚ ਸੂਬੇ ਦੀ ਨੁਮਾਇੰਦਗੀ ਕਰਨਗੇ। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾਂ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਦੇ ਸਾਰਥਿਕ ਨਤੀਜੇ ਸਾਹਮਣੇ ਆਉਣ ਲੱਗ ਗਏ ਹਨ ਅਤੇ ਨਵੀਂ ਨੀਤੀ ਤਹਿਤ ਉਲੰਪਿਕਸ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਤਿਆਰੀ ਲਈ 15 ਲੱਖ ਰੁਪਏ ਪ੍ਰਤੀ ਖਿਡਾਰੀ ਦਿੱਤੇ ਜਾਣਗੇ। ਉਲੰਪਿਕਸ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦਾ ਤਮਗਾ ਜੇਤੂ ਪੰਜਾਬੀ ਖਿਡਾਰੀ ਨੂੰ ਕ੍ਰਮਵਾਰ 3 ਕਰੋੜ, 2 ਕਰੋੜ ਤੇ ਇੱਕ ਕਰੋੜ ਰੁਪਏ ਮਿਲਣਗੇ। ਇਹ ਗੱਲ ਸੂਬੇ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਹੀ।ਮੀਤ ਹੇਅਰ ਨੇ ਵੀਰਵਾਰ ਪੰਜਾਬ ਸਿਵਲ ਸਕੱਤਰੇਤ ਵਿਖੇ ਖੇਡ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕਿਹਾ ਕਿ ਉਲੰਪਿਕਸ ਜਾਣ ਵਾਲੇ ਪੰਜਾਬੀ ਖਿਡਾਰੀਆਂ ਨੂੰ ਤਿਆਰੀ ਰਾਸ਼ੀ ਜਾਰੀ ਕੀਤੀ ਜਾਵੇ। ਹੁਣ ਤੱਕ ਪੰਜਾਬ ਦੇ ਛੇ ਨਿਸ਼ਾਨੇਬਾਜ਼ਾਂ ਦੀ ਉਲੰਪਿਕਸ ਲਈ ਚੋਣ ਹੋ ਚੁੱਕੀ ਹੈ, ਜਦੋਂ ਕਿ ਹਾਕੀ, ਨਿਸ਼ਾਨੇਬਾਜ਼ੀ ਅਤੇ ਅਥਲੈਟਿਕਸ ਵਿੱਚ ਹੋਰ ਵੀ ਵੱਡੀ ਗਿਣਤੀ ਵਿੱਚ ਪੰਜਾਬੀ ਖਿਡਾਰੀਆਂ ਦੀ ਚੋਣ ਕੀਤੀ ਜਾਣੀ ਰਹਿੰਦੀ ਹੈ, ਕਿਉਕਿ ਹਾਲੇ ਤੱਕ ਸਾਰੀਆਂ ਕੌਮੀ ਟੀਮਾਂ ਦਾ ਐਲਾਨ ਨਹੀਂ ਹੋਇਆ।ਪਿਛਲੇ ਸਾਲ ਏਸ਼ੀਅਨ ਗੇਮਜ਼ ਵਿੱਚ ਪੰਜਾਬੀ ਖਿਡਾਰੀਆਂ ਵੱਲੋਂ ਤਮਗ਼ੇ ਜਿੱਤਣ ਅਤੇ ਹਿੱਸਾ ਲੈਣ ਦੇ ਬਣਾਏ ਰਿਕਾਰਡ ਵਾਂਗ ਇਸ ਵਾਰ ਉਲੰਪਿਕ ਵਿੱਚ ਹਿੱਸਾ ਲੈਣ ਜਾਣ ਵਾਲੇ ਪੰਜਾਬੀ ਖਿਡਾਰੀਆਂ ਦਾ ਵੀ ਰਿਕਾਰਡ ਬਣੇਗਾ। ਪੰਜਾਬ ਮੁੜ ਖੇਡਾਂ ਵਿੱਚ ਦੇਸ਼ ਦਾ ਮੋਢੀ ਸੂਬਾ ਬਣੇਗਾ। ਉਹਨਾ ਕਿਹਾ ਕਿ ਸੂਬੇ ਵਿੱਚ ਖੇਡ ਨਰਸਰੀਆਂ ਦੀ ਸਥਾਪਨਾ ਦਾ ਕੰਮ ਚੱਲ ਰਿਹਾ ਸੀ, ਜੋ ਕਿ ਚੋਣ ਜ਼ਾਬਤਾ ਲੱਗਣ ਕਰਕੇ ਆਰਜ਼ੀ ਤੌਰ ਉਤੇ ਰੁਕਿਆ ਹੋਇਆ ਸੀ। ਇਸੇ ਤਰ੍ਹਾਂ ਸੂਬੇ ਦੇ ਪਿੰਡਾਂ-ਸ਼ਹਿਰਾਂ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਖੇਡ ਢਾਂਚੇ ਦੇ ਨਿਰਮਾਣ ਦਾ ਕੰਮ ਵੀ ਪ੍ਰਗਤੀ ਅਧੀਨ ਹੈ। ਉਨ੍ਹਾ ਅਧਿਕਾਰੀਆਂ ਨੂੰ ਆਖਿਆ ਕਿ ਇਸ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਖੇਡਾਂ ਸਰਵਜੀਤ ਸਿੰਘ, ਵਿਸ਼ੇਸ਼ ਸਕੱਤਰ ਆਨੰਦ ਕੁਮਾਰ, ਐਕਸੀਅਨ ਸੰਜੇ ਮਹਾਜਨ, ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਤੇ ਸਹਾਇਕ ਡਾਇਰੈਕਟਰ ਰਣਬੀਰ ਸਿੰਘ ਭੰਗੂ ਵੀ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Latest Articles