ਚੰਡੀਗੜ੍ਹ (ਗੁਰਜੀਤ ਬਿੱਲਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਬੁੱਧਵਾਰ ਨੂੰ ਇਸ ਦਿਸ਼ਾ ਵਿੱਚ ਸਾਰੇ ਪ੍ਰਮੁੱਖ ਵਿਭਾਗਾਂ ਦਰਮਿਆਨ ਤਾਲਮੇਲ ਅਤੇ ਸਹਿਯੋਗ ਦੇ ਸਿਧਾਂਤਾਂ ’ਤੇ ਅਧਾਰਤ ਬਹੁ-ਨੁਕਾਤੀ ਰਣਨੀਤੀ ਤਿਆਰ ਕਰਨ ਲਈ ਕਿਹਾ।
ਸਿਵਲ ਅਤੇ ਪੁਲਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਸ੍ਰੀ ਵਰਮਾ ਨੇ ਸੂਬੇ ਵਿੱਚ ਨਸ਼ਿਆਂ ਤੋਂ ਪ੍ਰਭਾਵਤ ਥਾਵਾਂ ਦੀ ਸ਼ਨਾਖ਼ਤ ਕਰਨ ਦੇ ਨਾਲ-ਨਾਲ ਸੂਬੇ ’ਚ ਪਾਬੰਦੀਸ਼ੁਦਾ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਵਿਰੁੱਧ ਸਖ਼ਤ ਕਾਰਵਾਈ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾ ਸਿਹਤ ਵਿਭਾਗ ਨੂੰ ਨਵੀਂ ਭਰਤੀ ਅਤੇ ਪਦ-ਉੱਨਤੀਆਂ ਰਾਹੀਂ ਡਰੱਗ ਕੰਟਰੋਲਰਾਂ ਦੀ ਸਮਰੱਥਾ ਵਧਾਉਣ ਲਈ ਵੀ ਕਿਹਾ। ਉਨ੍ਹਾ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਨਸ਼ਾ ਤਸਕਰਾਂ ਨੂੰ ਸਖ਼ਤ ਸਜ਼ਾਵਾਂ ਯਕੀਨੀ ਬਣਾਉਣ ਲਈ ਕਈ ਸੁਧਾਰ ਕਰਨ ਬਾਰੇ ਵੀ ਵਿਚਾਰ ਕਰ ਰਹੀ ਹੈ।
ਮੁੱਖ ਸਕੱਤਰ ਨੇ ਕਿਹਾ ਕਿ ਐੱਨ ਡੀ ਪੀ ਐੱਸ ਐਕਟ ਨੂੰ ਪੂਰੀ ਮੁਸਤੈਦੀ ਤੇ ਤਨਦੇਹੀ ਨਾਲ ਲਾਗੂ ਕੀਤਾ ਜਾਵੇ ਅਤੇ ਨਸ਼ਾ ਤਸਕਰਾਂ ਨੂੰ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣ ਅਤੇ ਉਨ੍ਹਾਂ ਦੀ ਜਾਇਦਾਦ ਜ਼ਬਤ ਕਰਨ ਨੂੰ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਮਾਲ ਵਿਭਾਗ ਅਤੇ ਪੁਲਸ ਨੂੰ ਇੱਕ ਦੂਜੇ ਨਾਲ ਮਿਲ ਕੇ ਕੰਮ ਕਰਨ ਲਈ ਕਿਹਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਡਰੱਗ ਮਨੀ ਰਾਹੀਂ ਹਾਸਲ ਕੀਤੀ ਗਈ ਹਰ ਜਾਇਦਾਦ ਨੂੰ ਜ਼ਬਤ ਕੀਤਾ ਜਾਵੇ। ਉਨ੍ਹਾ ਕਿਹਾ ਕਿ ਐੱਨ ਸੀ ਓ ਆਰ ਡੀ ਦੀਆਂ ਮੀਟਿੰਗਾਂ ਸੂਬਾ ਅਤੇ ਜ਼ਿਲ੍ਹਾ ਪੱਧਰ ’ਤੇ ਨਿਰੰਤਰ ਹੋਣੀਆਂ ਚਾਹੀਦੀਆਂ ਹਨ।
ਉਹਨਾ ਸੂਬੇ ਵਿੱਚ ਖੇਡ ਗਤੀਵਿਧੀਆਂ ਵਿੱਚ ਵਾਧਾ ਕਰਕੇ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਦੇਣ ’ਤੇ ਵੀ ਜ਼ੋਰ ਦਿੱਤਾ।ਮੁੱਖ ਸਕੱਤਰ ਨੂੰ ਜਾਣੂ ਕਰਵਾਇਆ ਗਿਆ ਕਿ ਨਵੀਂ ਖੇਡ ਨੀਤੀ ਤਹਿਤ 3-4 ਕਿਲੋਮੀਟਰ ਦੇ ਦਾਇਰੇ ਵਿੱਚ ਪੈਂਦੇ ਪਿੰਡਾਂ ਨੂੰ ਕਵਰ ਕਰਨ ਲਈ 1000 ਨਵੀਂਆਂ ਖੇਡ ਨਰਸਰੀਆਂ ਸਥਾਪਤ ਕਰਨ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾ ਯੁਵਕ ਸੇਵਾਵਾਂ ਵਿਭਾਗ ਨੂੰ ਨੌਜਵਾਨਾਂ ਨੂੰ ਚੰਗੀ ਸਿਹਤ ਲਈ ਪ੍ਰੇਰਿਤ ਕਰਨ ਲਈ ਟਰੈਕਿੰਗ, ਟਰੇਲ, ਟੂਰ ਆਦਿ ਗਤੀਵਿਧੀਆਂ ਨੂੰ ਵਧਾਉਣ ਲਈ ਵੀ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਹਦਾਇਤ ਕੀਤੀ ਉਹ ਪੰਚਾਇਤਾਂ ਨੂੰ ਨਸ਼ਾ ਮੁਕਤ ਪਿੰਡਾਂ ਦੀ ਸਹੁੰ ਚੁੱਕਣ ਲਈ ਪ੍ਰੇਰਿਤ ਕਰੇ। ਮੁੱਖ ਸਕੱਤਰ ਨੇ ਉਚੇਰੀ ਸਿੱਖਿਆ ਅਤੇ ਸਕੂਲ ਸਿੱਖਿਆ ਵਿਭਾਗਾਂ ਨੂੰ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਾਉਣ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਜਿਉਣ ਲਈ ਪ੍ਰੇਰਨ ਲਈ ਵੀ ਕਿਹਾ। ਉਨ੍ਹਾ ਆਂਗਣਵਾੜੀ ਵਰਕਰਾਂ ਅਤੇ ਸਟਾਫ਼ ਨੂੰ ਐਂਟੀ ਡਰੱਗ ਮਾਸ ਕੰਟੈਕਟ ਪ੍ਰੋਗਰਾਮ ਦਾ ਹਿੱਸਾ ਬਣਾਉਣ ਲਈ ਵੀ ਕਿਹਾ, ਤਾਂ ਜੋ ਨਸ਼ਿਆਂ ਨੂੰ ਠੱਲ੍ਹ ਪਾਈ ਜਾ ਸਕੇ।
ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਖੇਡਾਂ ਸਰਵਜੀਤ ਸਿੰਘ, ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਰਾਜੀ ਪੀ. ਸ੍ਰੀਵਾਸਤਵਾ, ਡੀ ਜੀ ਪੀ ਗੌਰਵ ਯਾਦਵ, ਵਿਸ਼ੇਸ਼ ਡੀ ਜੀ ਪੀ (ਵਿਸ਼ੇਸ਼ ਟਾਸਕ ਫੋਰਸ) ਕੁਲਦੀਪ ਸਿੰਘ, ਸਕੱਤਰ ਸਿਹਤ ਅਜੋਏ ਸ਼ਰਮਾ, ਸਕੱਤਰ ਗ੍ਰਹਿ ਗੁਰਕੀਰਤ �ਿਪਾਲ ਸਿੰਘ, ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਸਟ੍ਰੇਸ਼ਨ ਅਭਿਨਵ ਤਿ੍ਰਖਾ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਨੈ ਬੁਬਲਾਨੀ, ਉਚਾਰੀ ਸਿੱਖਿਆ ਦੇ ਡਾਇਰੈਕਟਰ ਅੰਮਿ੍ਰਤ ਸਿੰਘ, ਏ ਡੀ ਜੀ ਪੀ (ਇੰਟੈਲੀਜੈਂਸ) ਆਰ ਕੇ ਜੈਸਵਾਲ, ਐੱਸ ਸੀ ਈ ਆਰ ਟੀ ਅਤੇ ਐਲੀਮੈਂਟਰੀ ਸਿੱਖਿਆ ਦੇ ਡਾਇਰੈਕਟਰ ਅਮਨਿੰਦਰ ਕੌਰ ਬਰਾੜ ਅਤੇ ਪੇਂਡੂ ਵਿਕਾਸ ਦੇ ਵਧੀਕ ਡਾਇਰੈਕਟਰ ਸੰਜੀਵ ਗਰਗ ਸ਼ਾਮਲ ਸਨ।





