ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਨੀਟ-ਯੂ ਜੀ 2024 ਨੂੰ ਰੱਦ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਸਮੇਤ ਹੋਰ ਪਟੀਸ਼ਨਾਂ ’ਤੇ ਕੌਮੀ ਪ੍ਰੀਖਿਆ ਏਜੰਸੀ (ਐੱਨ ਟੀ ਏ), ਕੇਂਦਰ ਅਤੇ ਹੋਰਾਂ ਤੋਂ ਜਵਾਬ ਮੰਗਿਆ ਹੈ। ਅਦਾਲਤ ਨੇ ਐੱਨ ਟੀ ਏ ਦੀਆਂ ਉਨ੍ਹਾਂ ਪਟੀਸ਼ਨਾਂ ’ਤੇ ਵੀ ਸੰਬੰਧਤ ਧਿਰਾਂ ਨੂੰ ਨੋਟਿਸ ਜਾਰੀ ਕੀਤਾ ਹੈ, ਜਿਨ੍ਹਾਂ ’ਚ ਨੀਟ-ਯੂ ਜੀ ਵਿਵਾਦ ਵਾਲੀਆਂ ਪਟੀਸ਼ਨਾਂ ਹਾਈਕੋਰਟਾਂ ਤੋਂ ਸੁਪਰੀਮ ਕੋਰਟ ’ਚ ਤਬਦੀਲ ਕਰਨ ਦੀ ਬੇਨਤੀ ਕੀਤੀ ਗਈ ਹੈ। ਅਦਾਲਤ ਨੇ ਕਿਹਾ ਕਿ ਐੱਨ ਟੀ ਏ ਤੇ ਹੋਰ ਪਟੀਸ਼ਨਰਾਂ ਵੱਲੋਂ ਦਾਇਰ ਪਟੀਸ਼ਨਾਂ ’ਤੇ 8 ਜੁਲਾਈ ਨੂੰ ਸੁਣਵਾਈ ਹੋਵੇਗੀ।
ਬਿਨਾਂ ਸ਼ਿਕਾਇਤ ਤੋਂ ਪੇਪਰ ਰੱਦ
ਨਵੀਂ ਦਿੱਲੀ : ਕੌਮੀ ਪ੍ਰੀਖਿਆ ਏਜੰਸੀ (ਐੱਨ ਟੀ ਏ) ਵੱਲੋਂ ਕਰਵਾਈ ਯੂ ਜੀ ਸੀ-ਨੈੱਟ ਰੱਦ ਹੋਣ ਤੋਂ ਇਕ ਦਿਨ ਬਾਅਦ ਸਿੱਖਿਆ ਮੰਤਰਾਲੇ ਦੇ ਅਧਿਕਾਰੀ ਨੇ ਵੀਰਵਾਰ ਕਿਹਾ ਕਿ ਪ੍ਰੀਖਿਆ ਸੰਬੰਧੀ ਕੋਈ ਸ਼ਿਕਾਇਤ ਨਹੀਂ ਮਿਲੀ ਸੀ, ਪਰ ਪ੍ਰਾਪਤ ਸੂਚਨਾ ਦੇ ਆਧਾਰ ’ਤੇ ਮੰਤਰਾਲੇ ਨੇ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਖੁਦ ਇਸ ਨੂੰ ਰੱਦ ਕਰ ਦਿੱਤਾ। ਸਿੱਖਿਆ ਮੰਤਰਾਲੇ ਦੇ ਸੰਯੁਕਤ ਸਕੱਤਰ ਗੋਵਿੰਦ ਜੈਸਵਾਲ ਨੇ ਕਿਹਾ ਕਿ ਸੂਚਨਾ ਵੇਰਵੇ ਸਾਂਝੇ ਨਹੀਂ ਕੀਤੇ ਜਾ ਸਕਦੇ ਕਿਉਂਕਿ ਮਾਮਲਾ ਸੀ ਬੀ ਆਈ ਨੂੰ ਸੌਂਪ ਦਿੱਤਾ ਗਿਆ ਹੈ ਅਤੇ ਜਾਂਚ ਜਾਰੀ ਹੈ।




