ਹੁਸ਼ਿਆਰਪੁਰ (ਬਲਬੀਰ ਸੈਣੀ, ਓ ਪੀ ਰਾਣਾ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ ਕੀਤਾ, ਤਾਂ ਕਿ ਭਗਤੀ ਅੰਦੋਲਨ ਦੇ ਮਹਾਨ ਸੰਤ ਦੇ ਜੀਵਨ ਤੇ ਫਲਸਫੇ ਉਤੇ ਵਿਆਪਕ ਖੋਜ ਕੀਤੀ ਜਾ ਸਕੇ। ਇੱਥੇ ਭਗਤ ਕਬੀਰ ਜੀ ਦੇ 626ਵੇਂ ਜਨਮ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 15ਵੀਂ ਸਦੀ ਦੇ ਮਹਾਨ ਕਵੀ ਅਤੇ ਸੰਤ ਭਗਤ ਕਬੀਰ ਜੀ ਨੇ ਲੋਕਾਂ ਨੂੰ ਸੁਚੱਜੀ ਜੀਵਨ ਜਾਚ ਦਾ ਸੰਦੇਸ਼ ਦਿੱਤਾ। ਉਨ੍ਹਾ ਕਿਹਾ ਕਿ ਭਗਤ ਕਬੀਰ ਦੇ ਜੀਵਨ ਅਤੇ ਫਲਸਫੇ ਨੇ ਹਮੇਸ਼ਾ ਹੀ ਲੋਕਾਂ ਨੂੰ ਆਪਸੀ ਮੇਲ-ਜੋਲ ਵਾਲਾ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ। ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਭਗਤ ਕਬੀਰ ਜੀ ਦੇ ਆਦਰਸ਼ਾਂ ’ਤੇ ਚੱਲ ਕੇ ਏਕਤਾ, ਭਾਈਚਾਰਕ ਸਾਂਝ ਅਤੇ ਸ਼ਾਂਤੀ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇ।
ਲੋਕਾਂ ਨੂੰ ਭਗਤ ਕਬੀਰ ਜੀ ਦੀਆਂ ਸਿੱਖਿਆਵਾਂ ’ਤੇ ਸਹੀ ਮਾਅਨਿਆਂ ’ਚ ਅਮਲ ਕਰਨ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉਠ ਕੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਸਮੇਂ ਦੀ ਲੋੜ ਹੈ। ਭਗਤ ਕਬੀਰ ਜੀ ਦੇ ਜੀਵਨ ਅਤੇ ਮਹਾਨ ਸਿੱਖਿਆਵਾਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ, ਜਿਨ੍ਹਾਂ ਰਾਹੀਂ ਪ੍ਰੇਮ, ਸ਼ਾਂਤੀ, ਸਦਭਾਵਨਾ ਦਾ ਸਦੀਵੀ ਸੰਦੇਸ਼ ਦਿੱਤਾ ਗਿਆ।
ਲੋਕਾਂ ਨੂੰ ਮਹਾਨ ਸੰਤ ਦੇ ਆਦਰਸ਼ਾਂ ਉਤੇ ਚੱਲਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਰਸਤਾ ਸਦਭਾਵਨਾ ਵਾਲੇ ਅਤੇ ਅਗਾਂਹਵਧੂ ਸਮਾਜ ਦੀ ਉਸਾਰੀ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ ਆਪਣੇ ਬੱਚੇ ਨੂੰ ਸਰਕਾਰੀ ਸਕੂਲ ਵਿੱਚ ਭੇਜਣਾ ਆਮ ਆਦਮੀ ਦੀ ਮਜਬੂਰੀ ਸੀ, ਪਰ ਛੇ ਮਹੀਨਿਆਂ ਦੇ ਅੰਦਰ-ਅੰਦਰ ਇਹ ਉਨ੍ਹਾਂ ਦੀ ਇੱਛਾ ਹੋਵੇਗੀ ਕਿਉਕਿ ਸਿੱਖਿਆ ਪ੍ਰਣਾਲੀ ਵਿੱਚ ਵਿਆਪਕ ਸੁਧਾਰ ਕੀਤਾ ਜਾ ਰਿਹਾ ਹੈ। ਉਹਨਾ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਨੂੰ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਤੋਂ ਵਿਰਵਾ ਰੱਖਿਆ, ਤਾਂ ਜੋ ਉਹ ਸਮਾਜ ਵਿੱਚ ਤਰੱਕੀ ਨਾ ਕਰ ਸਕਣ।
ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਸਾਡੀਆਂ ਕੋਸ਼ਿਸ਼ਾਂ ਦਾ ਨਤੀਜਾ ਸਭ ਦੇ ਸਾਹਮਣੇ ਆਉਣ ਲੱਗਾ ਹੈ, ਕਿਉਕਿ ਇਸ ਵਾਰ ਸਰਕਾਰੀ ਸਕੂਲਾਂ ਦੇ 158 ਵਿਦਿਆਰਥੀਆਂ ਨੇ ਪਹਿਲੀ ਵਾਰ ਜੇ ਈ ਈ ਦੀ ਪ੍ਰੀਖਿਆ ਪਾਸ ਕੀਤੀ ਹੈ। ਇਹ ਤਾਂ ਅਜੇ ਸ਼ੁਰੂਆਤ ਹੈ, ਕਿਉਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਨਤੀਜੇ ਸਾਹਮਣੇ ਆਉਣਗੇ, ਜਿਸ ਲਈ ਉਨ੍ਹਾਂ ਦੀ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ 43000 ਤੋਂ ਵੱਧ ਨੌਕਰੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ’ਤੇ ਦਿੱਤੀਆਂ ਹਨ।
ਉਹਨਾ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਵਾਸਤੇ ਅੱਠ ਹਾਈ-ਟੈਕ ਕੋਚਿੰਗ ਸੈਂਟਰ ਖੋਲ੍ਹ ਰਹੀ ਹੈ। ਇਹ ਸੈਂਟਰ ਨੌਜਵਾਨਾਂ ਨੂੰ ਯੂ ਪੀ ਐੱਸ ਸੀ ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ਵਿੱਚ ਨਾਮਵਰ ਅਹੁਦਿਆਂ ’ਤੇ ਸੇਵਾ ਨਿਭਾਉਣ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ।ਵਿਰੋਧੀ ਧਿਰ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾ ਦੇ ਪੰਜਾਬ ਹਿਤੈਸ਼ੀ ਅਤੇ ਵਿਕਾਸ ਪੱਖੀ ਰੁਖ਼ ਕਾਰਨ ਵਿਰੋਧੀ ਧਿਰ ਦੇ ਆਗੂ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਦਾ ਕੋਈ ਮੌਕਾ ਨਹੀਂ ਛੱਡਦੇ। ਉਨ੍ਹਾ ਕਿਹਾ ਕਿ ਵਿਰੋਧੀਆਂ ਦੀਅ ਆਲੋਚਨਾ ਬੇਤੁਕੀ ਹੈ। ਉਹਨਾ ਕਿਹਾ ਕਿ ਵਿਰੋਧੀਆਂ ਦੀਆਂ ਇਹ ਚਾਲਾਂ ਉਨ੍ਹਾ ਨੂੰ ਆਪਣੀ ਡਿਊਟੀ ਨਿਭਾਉਣ ਤੋਂ ਰੋਕ ਨਹੀਂ ਸਕਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਕੂਲਾਂ ਦੇ ਸਿਲੇਬਸ ਵਿੱਚ ਲੋੜੀਂਦੀਆਂ ਸੋਧਾਂ ਕਰੇਗੀ, ਤਾਂ ਕਿ ਨੌਜਵਾਨਾਂ ਵਿੱਚ ਸਾਕਾਰਾਤਮਕ ਊਰਜਾ ਭਰੀ ਜਾ ਸਕੇ। ਇਸ ਸੰਬੰਧ ਵਿੱਚ ਖਾਕਾ ਤਿਆਰ ਕੀਤਾ ਗਿਆ ਅਤੇ ਆਉਦੇ ਦਿਨਾਂ ਨੂੰ ਇਸ ਨੂੰ ਲਾਗੂ ਕੀਤਾ ਜਾਵੇਗਾ।ਵਿਦਿਆਰਥੀਆਂ ਨੂੰ ਭਵਿੱਖੀ ਜੀਵਨ ਵਿੱਚ ਜ਼ਿੰਮੇਵਾਰ ਨਾਗਰਿਕ ਬਣਾਉਣ ਲਈ ਅਜਿਹਾ ਕਰਨਾ ਸਮੇਂ ਦੀ ਲੋੜ ਹੈ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਲੋਕ ਸਭਾ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ ਨੇ ਵੀ ਸੰਬੋਧਨ ਕੀਤਾ।ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ �ਿਸ਼ਨ ਸਿੰਘ ਰੋੜੀ, ਵਿਧਾਇਕ ਜਸਬੀਰ ਸਿੰਘ ਰਾਜਾ ਗਿੱਲ ਅਤੇ ਡਾ. ਰਵਜੋਤ ਸਿੰਘ ਸਮੇਤ ਹੋਰ ਵੀ ਹਾਜ਼ਰ ਸਨ।
ਜ਼ਿਮਨੀ ਚੋਣ ਜਿੱਤਣ ਤੱਕ ਜਲੰਧਰ ’ਚ ਪੱਕਾ ਡੇਰਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਉਹ ਜਲੰਧਰ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਪ੍ਰਚਾਰ ਦੀ ਅਗਵਾਈ ਕਰਨਗੇ ਅਤੇ ਪਾਰਟੀ ਉਮੀਦਵਾਰ ਦੀ ਸ਼ਾਨਦਾਰ ਜਿੱਤ ਯਕੀਨੀ ਬਣਾਉਣਗੇ।ਉਹਨਾ ਕਿਹਾ ਕਿ ਉਹ ਪਾਰਟੀ ਉਮੀਦਵਾਰ ਲਈ ਨਿੱਜੀ ਤੌਰ ’ਤੇ ਵੋਟਾਂ ਮੰਗਣਗੇ। ਉਹ ਆਉਣ ਵਾਲੇ ਦਿਨਾਂ ਵਿੱਚ ਜਲੰਧਰ ਪੱਕੇ ਡੇਰੇ ਲਾਉਣਗੇ, ਤਾਂ ਜੋ ਪਾਰਟੀ ਇਸ ਸੀਟ ਨੂੰ ਇਤਿਹਾਸਕ ਫ਼ਰਕ ਨਾਲ ਜਿੱਤ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸਹਾਇਤਾ ਕੇਂਦਰ ਸਥਾਪਤ ਕਰਨ ਜਾ ਰਹੀ ਹੈ, ਤਾਂ ਜੋ ਲੋਕ ਇਨ੍ਹਾਂ ਰਾਹੀਂ ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਣ। ਉਹਨਾ ਕਿਹਾ ਕਿ ‘ਮੁੱਖ ਮੰਤਰੀ ਡੈਸ਼ਬੋਰਡ’ ਜ਼ਿਲ੍ਹਿਆਂ ਵਿੱਚ ਆਮ ਲੋਕਾਂ ਤੋਂ ਉਨ੍ਹਾਂ ਦੀਆਂ ਅਰਜ਼ੀਆਂ ਅਤੇ ਬਕਾਇਆ ਕੰਮਾਂ ਬਾਰੇ ਫੀਡਬੈਕ ਲੈਣ ਦੇ ਨਾਲ-ਨਾਲ ਸਮੁੱਚੀ ਗਤੀਵਿਧੀ ਦੀ ਨਿਰੰਤਰ ਨਿਗਰਾਨੀ ਕਰੇਗਾ।





