ਲਾਰੈਂਸ ਬਿਸ਼ਨੋਈ ਗੈਂਗ ਦੇ 3 ਸ਼ੂਟਰ ਫੜੇ

0
218

ਬਠਿੰਡਾ (ਪਰਵਿੰਦਰ ਜੀਤ ਸਿੰਘ)
ਜ਼ਿਲ੍ਹਾ ਪੁਲਸ ਬਠਿੰਡਾ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨਾਲ ਸਬੰਧਤ ਤਿੰਨ ਸ਼ੂਟਰਾਂ ਨੂੰ ਗਿ੍ਰਫਤਾਰ ਕਰਕੇ ਸੂਬੇ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਨਾਕਾਮ ਕਰ ਦਿੱਤਾ ਗਿਆ। ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਕਰਨਦੀਪ ਸਿੰਘ ਉਰਫ ਕਨੂ ਵਾਸੀ ਨਵੀਂ ਬਸਤੀ ਮੌੜ ਮੰਡੀ, ਰਘੁਵੀਰ ਸਿੰਘ ਅਤੇ ਕੁਲਵਿੰਦਰ ਸਿੰਘ ਉਰਫ ਬਿੱਟੂ ਦੋਵੇਂ ਵਾਸੀ ਪਿੰਡ ਕੋਟ ਸ਼ਮੀਰ, ਬਠਿੰਡਾ ਵਜੋਂ ਹੋਈ ਹੈ। ਪੁਲਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ’ਚੋਂ 3 ਪਿਸਤੌਲ, ਜਿਨ੍ਹਾਂ ਵਿੱਚ ਇੱਕ 9 ਐੱਮ ਐੱਮ ਪਿਸਤੌਲ ਅਤੇ ਦੋ .32 ਬੋਰ ਦੇ ਪਿਸਤੌਲ ਸ਼ਾਮਲ ਹਨ, ਸਮੇਤ ਛੇ ਜ਼ਿੰਦਾ ਕਾਰਤੂਸ ਅਤੇ ਛੇ ਮੈਗਜ਼ੀਨ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਹੁੰਡਈ ਵਰਨਾ ਕਾਰ ਵੀ ਜ਼ਬਤ ਕਰ ਲਈ ਹੈ। ਡੀ ਜੀ ਪੀ ਨੇ ਦੱਸਿਆ ਕਿ ਪੁਲਸ ਨੂੰ ਖੁਫ਼ੀਆ ਜਾਣਕਾਰੀ ਮਿਲੀ ਸੀ ਕਿ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀ ਜ਼ਿਲ੍ਹਾ ਬਠਿੰਡਾ, ਮੋਹਾਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਟਾਰਗੇਟ ਕਿਲਿੰਗ ਨੂੰ ਅੰਜ਼ਾਮ ਦੇਣ ਦੀ ਯੋਜਨਾ ਬਣਾ ਰਹੇ ਹਨ, ਜਿਸ ’ਤੇ ਕਾਰਵਾਈ ਕਰਦਿਆਂ ਸੀ ਆਈ ਬਠਿੰਡਾ ਅਤੇ ਬਠਿੰਡਾ ਪੁਲਸ ਦੀਆਂ ਟੀਮਾਂ ਨੇ ਸ਼ੂਟਰਾਂ ਨੂੰ ਫੜਨ ਲਈ ਸਾਂਝੇ ਅਪ੍ਰੇਸ਼ਨ ਦੌਰਾਨ ਮੌੜ ਚੌਕ ਵਿਖੇ ਨਾਕਾ ਲਾਇਆ। ਪੁਲਸ ਟੀਮਾਂ ਨੇ ਤਿੰਨਾਂ ਮੁਲਜ਼ਮਾਂ ਨੂੰ ਉਸ ਵੇਲੇ ਕਾਬੂ ਕੀਤਾ, ਜਦੋਂ ਉਹ ਆਪਣੀ ਕਾਰ ਵਿੱਚ ਮੌੜ ਤੋਂ ਬਠਿੰਡਾ ਵੱਲ ਆ ਰਹੇ ਸਨ। ਡੀ ਜੀ ਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਕਰਨਦੀਪ ਕਨੂ ਸਿੱਧੇ ਤੌਰ ’ਤੇ ਲਾਰੈਂਸ ਬਿਸ਼ਨੋਈ ਦੇ ਸੰਪਰਕ ਵਿੱਚ ਸੀ ਅਤੇ ਮੁਲਜ਼ਮਾਂ ਪਾਸੋਂ ਬਰਾਮਦ ਕੀਤੇ ਗਏ ਹਥਿਆਰਾਂ ਦੀ ਵਰਤੋਂ ਟਾਰਗੇਟ ਕਿਲਿੰਗ ਨੂੰ ਅੰਜ਼ਾਮ ਦੇਣ ਲਈ ਕੀਤੀ ਜਾਣੀ ਸੀ। ਏ ਆਈ ਜੀ ਸੀ ਆਈ ਬਠਿੰਡਾ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਪੁਲਸ ਟੀਮਾਂ ਨੇ ਇਸ ਮਡਿਊਲ ਦੇ ਦੋ ਹੋਰ ਸੰਚਾਲਕਾਂ ਦੀ ਪਛਾਣ ਕੀਤੀ ਹੈ, ਜਿਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਐੱਸ ਐੱਸ ਪੀ ਬਠਿੰਡਾ ਦੀਪਕ ਪਾਰੀਕ ਨੇ ਦੱਸਿਆ ਕਿ ਇਸ ਸੰਬੰਧੀ ਥਾਣਾ ਮੌੜ ਬਠਿੰਡਾ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਐੱਫ ਆਈ ਆਰ ਨੰਬਰ 72 ਮਿਤੀ 27-06-2024 ਦਰਜ ਕੀਤੀ ਗਈ ਹੈ।

LEAVE A REPLY

Please enter your comment!
Please enter your name here