ਸੁਨਾਮ ਊਧਮ ਸਿੰਘ ਵਾਲਾ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਕਿੰਨੀ ਮੰਦਭਾਗੀ ਗੱਲ ਹੈ ਕਿ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਅੰਗਰਜ਼ਾਂ ਦੇ ਪੱਖ ‘ਚ ਖੜ੍ਹਨ ਵਾਲੇ ਗੱਦਾਰਾਂ ਦੇ ਵਾਰਸ ਹੁਣ ਸ਼ਹੀਦਾਂ ‘ਤੇ ਉਂਗਲ ਚੁੱਕ ਰਹੇ ਹਨ | ਇੱਥੇ ਐਤਵਾਰ ਨੂੰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਕਰਵਾਏ ਰਾਜ ਪੱਧਰੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਧਰਤੀ ਲਈ ਮਹਾਨ ਸ਼ਹੀਦਾਂ ਦੇ ਯੋਗਦਾਨ ‘ਤੇ ਕਿਸੇ ਨੂੰ ਵੀ ਉਂਗਲ ਚੁੱਕਣ ਦਾ ਕੋਈ ਹੱਕ ਨਹੀਂ ਹੈ | ਮੁੱਖ ਮੰਤਰੀ ਨੇ ਕਿਹਾ ਕਿ ਬਰਤਾਨਵੀ ਹਕੂਮਤ ਤੋਂ ਸਨਮਾਨ ਪ੍ਰਾਪਤ ਕਰਨ ਵਾਲੇ ਇਨ੍ਹਾਂ ਲੋਕਾਂ ਨੇ ਹਰੇਕ ਆਜ਼ਾਦੀ ਘੁਲਾਟੀਏ ਤੇ ਸ਼ਹੀਦ ਦੀ ਅੰਤਰ-ਆਤਮਾ ਨੂੰ ਠੇਸ ਪਹੁੰਚਾਈ ਹੈ | ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਗੱਦਾਰਾਂ ਦੇ ਵਾਰਸ ਹੁਣ ਸ਼ਹੀਦਾਂ ਉਤੇ ਉਂਗਲ ਚੁੱਕ ਰਹੇ ਹਨ, ਜੋ ਮੰਦਭਾਗਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਵਰਗੇ ਮਹਾਨ ਸ਼ਹੀਦ ਕਿਸੇ ਪਛਾਣ ਦੇ ਮੁਥਾਜ ਨਹੀਂ ਕਿਉਂਕਿ ਲੱਖਾਂ ਲੋਕਾਂ ਨੂੰ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਲਈ ਪ੍ਰੇਰਨ ਵਾਸਤੇ ਉਨ੍ਹਾਂ ਦਾ ਨਾਂਅ ਹੀ ਕਾਫ਼ੀ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਨਾਂਅ ਅਤੇ ਸੁਤੰਤਰਤਾ ਸੰਗਰਾਮ ‘ਚ ਯੋਗਦਾਨ ਬਾਰੇ ਕੋਈ ਵੀ ਵਿਵਾਦ ਖੜ੍ਹਾ ਕਰਨਾ ਇਤਰਾਜ਼ਯੋਗ ਹੈ |
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਯਾਦ ਕਰਵਾਇਆ ਕਿ ਪਟਿਆਲਾ ਦੇ ਇਸ ਸ਼ਾਹੀ ਪਰਵਾਰ ਦਾ ਇਤਿਹਾਸ ਪੰਜਾਬ ਵਿਰੋਧੀ ਰੁਖ਼ ਅਖਤਿਆਰ ਕਰਨਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪਟਿਆਲਾ ਦੇ ਰਾਜਿਆਂ ਦੇ ਹੱਥ ਉਨ੍ਹਾਂ ਅਣਗਿਣਤ ਦੇਸ਼ ਭਗਤਾਂ ਦੇ ਖ਼ੂਨ ਨਾਲ ਲਿਬੜੇ ਹੋਏ ਹਨ, ਜਿਨ੍ਹਾਂ ਆਜ਼ਾਦੀ ਦੇ ਅੰਦੋਲਨ ਦੌਰਾਨ ਸ਼ਹੀਦੀਆਂ ਦਿੱਤੀਆਂ | ਭਗਵੰਤ ਮਾਨ ਨੇ ਸਪੱਸ਼ਟ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ ਅਤੇ ਦੇਸ਼ ਦੀ ਆਜ਼ਾਦੀ ਲੜਨ ਵਾਲੇ ਹੋਰ ਸ਼ਹੀਦਾਂ ਦੇ ਸੰਘਰਸ਼ ਦੌਰਾਨ ਬਰਤਾਨਵੀ ਹਕੂਮਤ ਨਾਲ ਹੱਥ ਮਿਲਾਉਣ ਵਾਲੇ ਇਨ੍ਹਾਂ ਲੋਕਾਂ ਤੋਂ ਪੰਜਾਬ ਦੇ ਭਲੇ ਦੀ ਕੀ ਆਸ ਰੱਖੀ ਜਾ ਸਕਦੀ ਹੈ |
ਮੁੱਖ ਮੰਤਰੀ ਨੇ ਕਿਹਾ ਕਿ ਉਹ ਸੁਨਾਮ ਦੀ ਇਸ ਪਵਿੱਤਰ ਧਰਤੀ ‘ਤੇ ਆਪਣਾ ਸੀਸ ਝੁਕਾਉਣ ਆਏ ਹਨ, ਜਿੱਥੇ ਇਸ ਧਰਤੀ ਦੇ ਮਹਾਨ ਪੁੱਤਰ ਨੇ ਜਨਮ ਲਿਆ ਸੀ | ਸੁਨਾਮ ਨੂੰ ਆਪਣਾ ਦੂਸਰਾ ਘਰ ਦੱਸਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਹ ਖ਼ੁਸ਼ਕਿਸਮਤ ਹਨ ਕਿ ਇੱਥੇ ਜਨਮੇ ਅਤੇ ਸਿੱਖਿਆ ਪ੍ਰਾਪਤ ਕੀਤੀ |
ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਧਰਤੀ ਦੇ ਇਸ ਸੱਚੇ ਪੁੱਤਰ ਨੇ ਜੱਲਿਆਂਵਾਲਾ ਬਾਗ ਦੇ ਸਾਕੇ ਦੇ ਮੁੱਖ ਦੋਸ਼ੀ ਮਾਈਕਲ ਓਡਵਾਇਰ ਨੂੰ ਮਾਰ ਕੇ ਬਹਾਦਰੀ ਦਾ ਸਬੂਤ ਦਿੱਤਾ | ਮੁੱਖ ਮੰਤਰੀ ਨੇ ਕਿਹਾ ਕਿ ਇੱਕ ਕਲਾਕਾਰ ਹੋਣ ਦੇ ਨਾਤੇ ਉਹ ਜਦੋਂ ਵੀ ਲੰਡਨ ਜਾਂਦੇ ਸਨ ਤਾਂ ਉਹ ਕੈਕਸਟਨ ਹਾਲ ਵਿੱਚ ਜ਼ਰੂਰ ਜਾਂਦੇ ਸਨ ਜਿੱਥੇ ਸ਼ਹੀਦ ਊਧਮ ਸਿੰਘ ਨੇ ਜੱਲਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲਿਆ ਸੀ |
ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਰੇ ਸ਼ਹੀਦਾਂ ਨਾਲ ਸਬੰਧਤ ਸਾਮਾਨ ਨੂੰ ਉਨ੍ਹਾਂ ਦੀ ਮਾਤ ਭੂਮੀ ‘ਤੇ ਵਾਪਸ ਲਿਆਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ | ਇਕੱਠ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਸ਼ਹੀਦਾਂ ਦੇ ਨਕਸ਼ੇ-ਕਦਮ ‘ਤੇ ਚੱਲਦਿਆਂ ਸੂਬਾ ਸਰਕਾਰ ਨੇ ਲੋਕਾਂ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਕਈ ਮਿਸਾਲੀ ਕਦਮ ਚੁੱਕੇ ਹਨ | ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੀ ਗੁਲਾਮੀ ਤੋਂ ਮੁਕਤ ਕਰਵਾਉਣ ਲਈ ਦਿੱਤੇ ਮਹਾਨ ਬਲੀਦਾਨ ਨੂੰ ਚੇਤੇ ਕੀਤਾ |
ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ | ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਆਰਾਮਦਾਇਕ ਜੀਵਨ ਬਤੀਤ ਕਰ ਸਕਦੇ ਸਨ ਪਰ ਉਨ੍ਹਾਂ ਦੇਸ਼ ਦੀ ਖ਼ਾਤਰ ਸ਼ਹਾਦਤ ਦਾ ਰਾਹ ਚੁਣਿਆ | ਮੀਤ ਹੇਅਰ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਦੇਸ਼ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਆਪਣੇ ਜੀਵਨ ਦਾ ਬਲੀਦਾਨ ਦਿੱਤਾ |
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਊਧਮ ਸਿੰਘ ਦੀ ਸਮਾਰਕ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਸ਼ਹੀਦ ਦੀ ਯਾਦ ਵਿੱਚ 1.66 ਕਰੋੜ ਰੁਪਏ ਦੀ ਲਾਗਤ ਨਾਲ ਸਥਾਨਕ ਆਈ.ਟੀ.ਆਈ. ਵਿੱਚ ਬਣ ਰਹੇ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ | ਸਮਾਗਮ ਦੌਰਾਨ ਮੁੱਖ ਮੰਤਰੀ ਨੇ ਸ਼ਹੀਦ ਊਧਮ ਸਿੰਘ ਦੇ ਪਰਵਾਰਕ ਮੈਂਬਰਾਂ ਦਾ ਸਨਮਾਨ ਵੀ ਕੀਤਾ |