ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ ’ਤੇ ਚੱਲ ਰਹੀ ਹੈ, ਤਾਂ ਜੋ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਈ ਜਾ ਸਕੇ।ਇੱਥੇ ਮਹਾਰਾਜਾ ਦੀ ਬਰਸੀ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਇਕ ਮਹਾਨ ਬਾਦਸ਼ਾਹ ਸਨ, ਜਿਨ੍ਹਾ ਮਹਾਨ ਸਿੱਖ ਗੁਰੂਆਂ ਵੱਲੋਂ ਪ੍ਰਚਾਰੇ ਗਏ ਧਰਮ ਨਿਰਪੱਖਤਾ ਅਤੇ ਸਮਾਜਵਾਦ ਦੇ ਸਿਧਾਂਤਾਂ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕੀਤਾ। ਉਹਨਾ ਕਿਹਾ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਸਿੱਖ ਸਾਮਰਾਜ ਦੇ ਮੋਢੀ ਸਨ, ਜਿਨ੍ਹਾ ਦਾ ਰਾਜ ਪੱਛਮ ਵਿੱਚ ਖੈਬਰ ਦੱਰੇ ਤੋਂ ਲੈ ਕੇ ਉੱਤਰ ਵਿੱਚ ਕਸ਼ਮੀਰ, ਦੱਖਣ ਵਿੱਚ ਸਿੰਧ ਅਤੇ ਪੂਰਬ ਵਿੱਚ ਤਿੱਬਤ ਤੱਕ ਫੈਲਿਆ ਹੋਇਆ ਸੀ। ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮ ’ਤੇ ਚੱਲਦਿਆਂ ਸੂਬਾ ਸਰਕਾਰ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕਈ ਲੋਕ ਪੱਖੀ ਸਕੀਮਾਂ ਸ਼ੁਰੂ ਕੀਤੀਆਂ ਹਨ। ਮਹਾਰਾਜਾ ਰਣਜੀਤ ਸਿੰਘ ਦੀ ਸ਼ਾਨਦਾਰ ਵਿਰਾਸਤ ਨੂੰ ਸੰਭਾਲਣ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਖ਼ੁਸ਼ਕਿਸਮਤ ਹਨ ਕਿ ਉਨ੍ਹਾ ਨੂੰ ਸੰਤ ਬਾਬਾ ਅਤਰ ਸਿੰਘ ਵੱਲੋਂ ਬਖਸ਼ਿਸ਼ ਕੀਤੇ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਮਹਾਰਾਜਾ ਰਣਜੀਤ ਸਿੰਘ ਉਨ੍ਹਾਂ ਸਮਿਆਂ ਵਿੱਚ ਬਾਦਸ਼ਾਹ ਹੋਣ ਦੇ ਬਾਵਜੂਦ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਸਜ਼ਾ ਨੂੰ ਸਹਿਜੇ ਹੀ ਸਵੀਕਾਰ ਕਰਦੇ ਸਨ। ਮਾਨ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਪ੍ਰਬੰਧ ਦੇਣ ਦਾ ਦਾਅਵਾ ਕਰਨ ਵਾਲੇ ਸੂਬੇ ਦੇ ਪਿਛਲੇ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਰਬਉੱਚਤਾ ਨੂੰ ਖੋਰਾ ਲਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ।
ਮੁੱਖ ਮੰਤਰੀ ਨੇ ਇਸ ਸੀਟ ਤੋਂ ਗੁਰਮੀਤ ਸਿੰਘ ਮੀਤ ਹੇਅਰ ਨੂੰ ਸੰਸਦ ਮੈਂਬਰ ਚੁਣਨ ਲਈ ਸੰਗਰੂਰ ਸੰਸਦੀ ਹਲਕੇ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾ ਵੱਲੋਂ ਚੁਣਿਆ ਗਿਆ ਸੰਸਦ ਮੈਂਬਰ ਲੋਕ ਸਭਾ ਵਿੱਚ ਇਸ ਖੇਤਰ ਦੀ ਆਵਾਜ਼ ਨੂੰ ਜ਼ੋਰਦਾਰ ਢੰਗ ਨਾਲ ਉਠਾਵਾਂਗਾ। ਉਹਨਾ ਕਿਹਾ ਕਿ ਸੂਬਾ ਸਰਕਾਰ ਹੁਣ ਜਨਤਕ ਵੰਡ ਪ੍ਰਣਾਲੀ ਤਹਿਤ ਲੋਕਾਂ ਨੂੰ ਚਾਰ ਮਹੀਨਿਆਂ ਦੀ ਕਣਕ ਇਕੱਠੀ ਦੇਵੇਗੀ । ਉਨ੍ਹਾ ਕਿਹਾ ਕਿ ਸੂਬਾ ਸਰਕਾਰ ਪੰਜਾਬ ਪੁਲਸ ਵਿੱਚ ਜਲਦ ਹੀ 10,000 ਨਵੇਂ ਮੁਲਾਜ਼ਮਾਂ ਦੀ ਭਰਤੀ ਕਰੇਗੀ, ਜਿਸ ਲਈ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ। ਉਹਨਾ ਕਿਹਾ ਕਿ ਸੂਬਾ ਸਰਕਾਰ ਮਸਤੂਆਣਾ ਸਾਹਿਬ ਵਿਖੇ ਮੈਡੀਕਲ ਕਾਲਜ ਸਥਾਪਤ ਕਰਨ ਲਈ ਵਚਨਬੱਧ ਹੈ ਅਤੇ ਇਸ ਸੰਬੰਧੀ ਉਹ ਪਹਿਲਾਂ ਹੀ ਕਈ ਤਜਵੀਜ਼ਾਂ ’ਤੇ ਵਿਚਾਰ ਕਰ ਰਹੇ ਹਨ। ਉਨ੍ਹਾ ਸਪੱਸ਼ਟ ਤੌਰ ’ਤੇ ਕਿਹਾ ਕਿ ਸੂਬੇ ਦੀਆਂ ਵਿਕਾਸ ਵਿਰੋਧੀ ਤਾਕਤਾਂ ਨੇ ਇਸ ਅਹਿਮ ਪ੍ਰੋਜੈਕਟ ਨੂੰ ਰੋਕ ਦਿੱਤਾ ਹੈ, ਇਸ ਪ੍ਰੋਜੈਕਟ ਨਾਲ ਖੇਤਰ ਦੇ ਲੋਕਾਂ ਦੀ ਕਿਸਮਤ ਬਦਲ ਸਕਦੀ ਸੀ। ਮਾਨ ਨੇ ਕਿਹਾ ਕਿ ਇਨ੍ਹਾਂ ਨੂੰ ਲੋਕਾਂ ਦੀ ਭਲਾਈ ਨਾਲ ਕੋਈ ਦਿਲਚਸਪੀ ਨਹੀਂ , ਸਗੋਂ ਇਹ ਹਮੇਸ਼ਾ ਆਪਣੇ ਸੌੜੇ ਸਿਆਸੀ ਹਿੱਤਾਂ ਨੂੰ ਪੂਰਨ ਵਿੱਚ ਹੀ ਲੱਗੇ ਰਹਿੰਦੇ ਹਨ।ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਨੂੰ ਉਨ੍ਹਾ ਦੇ ਨਾਨਕੇ ਪਿੰਡ ਸਥਿਤ ਸਮਾਰਕ ’ਤੇ ਸ਼ਰਧਾਂਜਲੀ ਵੀ ਭੇਟ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਅਮਨ ਅਰੋੜਾ, ਵਿਧਾਇਕ ਨਰਿੰਦਰ ਕੌਰ ਭਰਾਜ ਤੇ ਹੋਰ ਪਤਵੰਤੇ ਹਾਜ਼ਰ ਸਨ।





