ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2024 ਦੀਆਂ ਲੋਕ ਸਭਾ ਚੋਣਾਂ ਨੂੰ ਦੁਨੀਆ ਦੀਆਂ ਸਭ ਤੋਂ ਵੱਡੀਆਂ ਚੋਣਾਂ ਕਰਾਰ ਦਿੰਦੇ ਹੋਏ ਐਤਵਾਰ ਕਿਹਾ ਕਿ ਇਸ ’ਚ 65 ਕਰੋੜ ਲੋਕਾਂ ਨੇ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਕੇ ਸੰਵਿਧਾਨ ਤੇ ਦੇਸ਼ ਦੀ ਲੋਕਤੰਤਰੀ ਵਿਵਸਥਾ ’ਚ ਆਪਣਾ ਅਟੁੱਟ ਵਿਸ਼ਵਾਸ ਦੁਹਰਾਇਆ ਹੈ। ‘ਆਕਾਸ਼ਵਾਣੀ’ ਦੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੀ 111ਵੀਂ ਕੜੀ ’ਚ ਦੇਸ਼ ਵਾਸੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਲੋਕ ਸਭਾ ਚੋਣਾਂ ਸਫਲਤਾਪੂਰਵਕ ਸੰਪੰਨ ਕਰਾਉਣ ਲਈ ਚੋਣ ਕਮਿਸ਼ਨ ਤੇ ਵੋਟਿੰਗ ਪ੍ਰਕਿਰਿਆ ਨਾਲ ਜੁੜੇ ਹਰੇਕ ਵਿਅਕਤੀ ਨੂੰ ਵਧਾਈ ਦਿੱਤੀ। ਉਨ੍ਹਾ ਵਿਸ਼ਵ ਵਾਤਾਵਰਨ ਦਿਵਸ ਮੌਕੇ ਇਸ ਸਾਲ ਸ਼ੁਰੂ ਕੀਤੀ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਇਸ ਤਹਿਤ ਬੂਟੇ ਲਾਉਣ ਦੀ ਮੁਹਿੰਮ ਤੇਜ਼ੀ ਨਾਲ ਚੱਲ ਰਹੀ ਹੈ। ਉਨ੍ਹਾ ਕਿਹਾਮਾਂ ਦੇ ਨਾਂਅ ਬੂਟਾ ਲਾਉਣ ਦੀ ਮੁਹਿੰਮ ਨਾਲ ਆਪਣੀ ਮਾਂ ਦਾ ਸਨਮਾਨ ਤਾਂ ਹੋਵੇਗਾ ਹੀ, ਨਾਲ ਹੀ ਧਰਤੀ ਮਾਂ ਦੀ ਵੀ ਰੱਖਿਆ ਹੋਵੇਗੀ।
ਉਨ੍ਹਾ 30 ਜੂਨ ਨੂੰ ਮਨਾਏ ਜਾਣ ਵਾਲੇ ‘ਹੂਲ ਦਿਵਸ’ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਦੇਸ਼ ਦੇ ਕਬਾਇਲੀ ਭਰਾ-ਭੈਣ ਇਸ ਨੂੰ ਧੂਮਧਾਮ ਨਾਲ ਮਨਾਉਂਦੇ ਹਨ। ਉਨ੍ਹਾ ਮਹਾਨ ਆਜ਼ਾਦੀ ਘੁਲਾਟੀਏ ਵੀਰ ਸਿੱਧੂ ਤੇ ਕਾਨਹੂ ਨੂੰ ਯਾਦ ਕਰਦੇ ਹੋਏ ਕਿਹਾ ਕਿ ਇਨ੍ਹਾਂ ਦਾ ਬਲੀਦਾਨ ਅੱਜ ਵੀ ਦੇਸ਼ ਵਾਸੀਆਂ ਨੂੰ ਪ੍ਰੇਰਿਤ ਕਰਦਾ ਹੈ। ਪ੍ਰਧਾਨ ਮੰਤਰੀ ਨੇ ਪੈਰਿਸ ਉਲੰਪਿਕ ਦਾ ਜ਼ਿਕਰ ਵੀ ਕੀਤਾ ਅਤੇ ਆਸ ਪ੍ਰਗਟਾਈ ਕਿ ਭਾਰਤੀ ਖਿਡਾਰੀ ਇਸ ’ਚ ਵਧੀਆ ਪ੍ਰਦਰਸ਼ਨ ਕਰਨਗੇ। ਉਨ੍ਹਾ ਲੋਕਾਂ ਨੂੰ ਖਿਡਾਰੀਆਂ ਦਾ ਉਤਸ਼ਾਹ ਵਧਾਉਣ ਲਈ ‘ਚੀਅਰ4ਭਾਰਤ’ ਹੈਸ਼ਟੈਗ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ।
ਕਾਂਗਰਸੀ ਆਗੂ ਪਵਨ ਖੇੜਾ ਨੇ ਦੋਸ਼ ਲਾਇਆ ਕਿ ਮੋਦੀ ਨੇ ਉਨ੍ਹਾਂ ਮੁੱਦਿਆਂ ਦਾ ਜ਼ਿਕਰ ਨਹੀਂ ਕੀਤਾ, ਜਿਨ੍ਹਾਂ ਬਾਰੇ ਲੋਕ ਸੁਣਨਾ ਚਾਹੁੰਦੇ ਸਨ। ਕਾਂਗਰਸ ਦੇ ਮੀਡੀਆ ਤੇ ਪ੍ਰਚਾਰ ਵਿੰਗ ਦੇ ਮੁਖੀ ਖੇੜਾ ਨੇ ਸਵਾਲ ਕੀਤਾ ਕਿ ਉਨ੍ਹਾ ਨੀਟ, ਰੇਲ ਹਾਦਸੇ ਜਾਂ ਬੁਨਿਆਦੀ ਢਾਂਚਿਆਂ ਦੇ ਡਿੱਗਣ ਦਾ ਜ਼ਿਕਰ ਕਿਉਂ ਨਹੀਂ ਕੀਤਾ।