ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਰਾਜ ਸਭਾ ਵਿਚ ਕਿਹਾ ਕਿ ਪੇਪਰ ਲੀਕ ਮਾਮਲੇ ਵਿਚ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਤੇ ਸਾਰੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਹਰ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਮੋਦੀ ਨੇ ਕਿਹਾ ਕਿ 60 ਸਾਲਾਂ ਬਾਅਦ ਅਜਿਹਾ ਹੋਇਆ ਹੈ ਕਿ 10 ਸਾਲਾਂ ਬਾਅਦ ਮੁੜ ਉਹੀ ਸਰਕਾਰ ਵਾਪਸ ਆਈ ਹੈ, ਪਰ ਇਹ ਗੱਲ ਕਈਆਂ ਨੂੰ ਹਜ਼ਮ ਨਹੀਂ ਹੋ ਰਹੀ। ਇਸ ਤੋਂ ਬਾਅਦ ਸਦਨ ਵਿਚ ਹੰਗਾਮਾ ਹੋ ਗਿਆ। ਪ੍ਰਧਾਨ ਮੰਤਰੀ ਦੇ ਭਾਸ਼ਣ ਦੌਰਾਨ ਵਿਰੋਧੀ ਧਿਰ ਹੰਗਾਮਾ ਕਰਦੀ ਰਹੀ। 32 ਮਿੰਟ ਦੇ ਭਾਸ਼ਣ ਤੋਂ ਬਾਅਦ ਵਿਰੋਧੀ ਧਿਰ ਨੇ ਸਦਨ ਤੋਂ ਵਾਕਆਊਟ ਕਰ ਦਿੱਤਾ। ਇਸ ’ਤੇ ਚੇਅਰਮੈਨ ਜਗਦੀਪ ਧਨਖੜ ਨੇ ਕਿਹਾ ਕਿ ਉਹ ਉਨ੍ਹਾਂ ਤੋਂ ਨਹੀਂ, ਬਲਕਿ ਸੰਵਿਧਾਨ ਤੋਂ ਮੂੰਹ ਮੋੜ ਰਹੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ (ਵਿਰੋਧੀ ਧਿਰ) ਦੇਸ਼ ਵਾਸੀਆਂ ਵੱਲੋਂ ਦਿੱਤੇ ਫਤਵੇ ਨੂੰ ਹਜ਼ਮ ਨਹੀਂ ਕਰ ਪਾ ਰਹੇ ਹਨ ਤੇ ਉਹ ਹੁਣ ਮੈਦਾਨ ਛੱਡ ਕੇ ਭੱਜ ਗਏ ਹਨ। ਮੋਦੀ ਨੇ ਕਿਹਾ ਕਿ ਕਾਂਗਰਸ ਨੇ ਸੰਵਿਧਾਨ ਦਾ ਵਿਰੋਧ ਕੀਤਾ ਹੈ। ਵਿਰੋਧੀ ਕੰਮ ਕਰਨ ਦੀ ਥਾਂ ਸਿਰਫ ਰੌਲਾ ਪਾਉਂਦੇ ਹਨ। ਉਨ੍ਹਾ ਕਿਹਾ ਕਿ ਕਿਸਾਨਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਅਤੇ ਛੋਟੇ ਕਿਸਾਨਾਂ ਨੂੰ ਹੁਣ ਤੱਕ ਕੋਈ ਫਾਇਦਾ ਨਹੀਂ ਪਹੁੰਚਾਇਆ ਗਿਆ, ਪਰ ਭਾਜਪਾ ਸਰਕਾਰ ਨੇ ਘੱਟ ਕੀਮਤਾਂ ’ਤੇ ਕਿਸਾਨਾਂ ਲਈ ਖਾਦਾਂ ਮੁਹੱਈਆ ਕਰਵਾਈਆਂ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਣ ਲਈ ਕਦਮ ਚੁੱਕੇ ਹਨ।