ਸੰੁਦਰਨਗਰ : ਹਿਮਾਚਲ ਪ੍ਰਦੇਸ਼ ’ਚ ਮੀਂਹ ਪੈਣ ਤੋਂ ਬਾਅਦ ਸੁੰਦਰਨਗਰ ਕੋਲ ਕੀਰਤਪੁਰ ਸਾਹਿਬ-ਮਨਾਲੀ ਚਾਰ ਮਾਰਗੀ ਸੜਕ ਧਸ ਗਈ ਹੈ, ਜਿਸ ਕਾਰਨ ਇਸ ਮਾਰਗ ਦੀ ਇਕ ਲੇਨ ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। ਇਹ ਸੜਕ 90 ਕਰੋੜ ਦੀ ਲਾਗਤ ਨਾਲ ਬਣਾਈ ਗਈ ਸੀ। ਇਸ ਤੋਂ ਇਲਾਵਾ ਇਸ ਮਾਰਗ ’ਤੇ ਢਿੱਗਾਂ ਡਿੱਗਣ ਕਾਰਨ ਕਈ ਥਾਵਾਂ ’ਤੇ ਤਰੇੜਾਂ ਆ ਗਈਆਂ ਹਨ। ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ਵਿਚ ਭਾਰੀ ਮੀਂਹ ਪੈਣ ਤੋਂ ਬਾਅਦ ਵੱਡੀ ਗਿਣਤੀ ਸੜਕਾਂ ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਨੇ ਮੰਡੀ, ਸਿਰਮੌਰ ਤੇ ਸ਼ਿਮਲਾ ਜ਼ਿਲ੍ਹਿਆਂ ਵਿਚ ਸ਼ੁੱਕਰਵਾਰ ਅਚਾਨਕ ਹੜ੍ਹ ਆਉਣ ਦੀ ਚਿਤਾਵਨੀ ਜਾਰੀ ਕੀਤੀ ਹੈ। ਅਗਲੇ ਦੋ ਦਿਨਾਂ ਵਿਚ ਊਨਾ, ਬਿਲਾਸਪੁਰ, ਹਮੀਰਪੁਰ, ਕਾਂਗੜਾ, ਚੰਬਾ, ਮੰਡੀ, ਸ਼ਿਮਲਾ, ਸੋਲਨ ਤੇ ਸਿਰਮੌਰ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਹੈ।


